ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 28 ਜੁਲਾਈ
ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਬਾਲ ਭਲਾਈ ਕਮੇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਐਡਵੋਕੇਟ ਅਸ਼ਵਨੀ ਅਬਰੋਲ ਨੇ ਕਿਸਾਨ ਸੰਘਰਸ਼ ਕਮੇਟੀ ਅਮਲੋਹ ਦੀ ਅਗਵਾਈ ਹੇਠ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫ਼ਾ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੁਰਭੀ ਮਲਿਕ ਨੂੰ ਸੌਂਪਿਆ। ਸ੍ਰੀ ਅਬਰੋਲ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਵਜੋਂ ਇਹ ਅਸਤੀਫ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਨਾਲ ਸਮਝੌਤਾ ਕਰੇ ਅਤੇ ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਹੁੰਦੇ ਉਹ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਨਗੇ। ਸ੍ਰੀ ਅਬਰੋਲ ਜ਼ਿਲ੍ਹੇ ਦੇ ਸੀਨੀਅਰ ਐਡਵੋਕੇਟ ਹਨ ਅਤੇ ਭਾਰਤ ਵਿਕਾਸ ਪਰਿਸ਼ਦ ਵਿੱਚ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜਾਂ ’ਚ ਯੋਗਦਾਨ ਪਾਉਂਦੇ ਆ ਰਹੇ ਹਨ।