ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਮਾਰਚ
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਇੱਕ ਮਤਾ ਪਾਸ ਕਰ ਕੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਬਣਾਏ ਗਏ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਪਾਸਪੋਰਟ ਦੀ ਸ਼ਰਤ ਖਤਮ ਕੀਤੀ ਜਾਵੇ। ਕਮੇਟੀ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਡੇਰਾ ਬਾਬਾ ਨਾਨਕ ਨੂੰ ਸਿੱਖ ਵਿਰਾਸਤੀ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇ। ਬਜਟ ਇਜਲਾਸ ਦੌਰਾਨ ਲਗਪਗ 12 ਮਤੇ ਪਾਸ ਕੀਤੇ ਗਏ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਇਨ੍ਹਾਂ ਮਤਿਆਂ ਨੂੰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਨ੍ਹਾਂ ਮਤਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰ ਕੇ ਛਾਪਣ ਦੀ ਨਿੰਦਾ ਕੀਤੀ ਗਈ। ਜਨਰਲ ਇਜਲਾਸ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਇਸ ਮਾਮਲੇ ’ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੋਬਾਈਲ ਐਪਸ ਅਤੇ ਵੈੱਬਸਾਈਟਾਂ ’ਤੇ ਆਪਣੀ ਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਪਾਵਨ ਬਾਣੀਆਂ ਨੂੰ ਅਪਲੋਡ ਕਰਨਾ ਇਤਰਾਜ਼ਯੋਗ ਹੈ। ਇੱਕ ਮਤੇ ਰਾਹੀਂ ਗੁਰੂ ਅੰਗਦ ਦੇਵ ਦੇ ਗੁਰਿਆਈ ਦਿਵਸ ਨੂੰ ਹਰ ਸਾਲ ‘ਗੁਰਮੁਖੀ ਦਿਵਸ’ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਗਿਆ।
ਜਨਰਲ ਇਜਲਾਸ ਵੱਲੋਂ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਤੋਂ ਵੱਖ-ਵੱਖ ਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾਣ। ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵੱਖ-ਵੱਖ ਰਸਤਿਆਂ ਨੂੰ ਖੁੱਲ੍ਹਾ ਕਰਨ ਅਤੇ ਸਿੱਖ ਵਿਰਾਸਤੀ ਦਿੱਖ ਦੇਣ ਦੀ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ।
ਇਜਲਾਸ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਮੌਕੇ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਲਈ ਵਧੇਰੇ ਵੀਜ਼ੇ ਦਿੱਤੇ ਜਾਣ। ਇਹ ਸ਼ਤਾਬਦੀ 30 ਅਕਤੂਬਰ ਨੂੰ ਮਨਾਈ ਜਾਣੀ ਹੈ। ਇੱਕ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਖਿਲਾਫ਼ ਕੂੜ-ਪ੍ਰਚਾਰ ਕਰਨ ਵਾਲੇ ਲੋਕਾਂ ਦੀ ਨਿਖੇਧੀ ਕੀਤੀ ਗਈ। ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਤਿੰਨ ਦਹਾਕਿਆਂ ਤੋਂ ਕੈਦ ਸਿੱਖ ਬੰਦੀਆਂ ਦੀ ਰਿਹਾਈ ਦੀ ਵੀ ਮੰਗ ਕੀਤੀ ਹਈ।
ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਸ਼ਰਤਾਂ ਲਾਗੂ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਮਤੇ ਰਾਹੀਂ ਕਿਹਾ ਗਿਆ ਕਿ ਇਹ ਪੰਜਾਬ ਤੋਂ ਬਾਹਰਲੇ ਅਫ਼ਸਰਾਂ ਨੂੰ ਚੰਡੀਗੜ੍ਹ ’ਤੇ ਥੋਪਣ ਲਈ ਕੀਤਾ ਗਿਆ ਫ਼ੈਸਲਾ ਹੈ, ਜੋ ਤੁਰੰਤ ਵਾਪਸ ਲਿਆ ਜਾਵੇ। ਇਸੇ ਤਰ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਲਾਜ਼ਮੀ ਨੁਮਾਇੰਦਗੀ ਖ਼ਤਮ ਕਰਨ ਨੂੰ ਵੀ ਪੰਜਾਬ ਨਾਲ ਵਿਤਕਰਾ ਕਰਾਰ ਦਿੱਤਾ ਗਿਆ। ਇੱਕ ਮਤੇ ਰਾਹੀਂ ਗੁਰੂ ਨਾਨਕ ਦੇਵ ਨਾਲ ਸਬੰਧਤ ਗੁਰਦੁਆਰਾ ਗਿਆਨ ਗੋਦੜੀ ਹਰਿ ਕੀ ਪਉੜੀ ਹਰਿਦੁਆਰ, ਗੁਰਦੁਆਰਾ ਗੁਰੂ ਡਾਂਗਮਾਰ ਅਤੇ ਚੁੰਗਥਾਂਗ ਸਿੱਕਮ, ਗੁਰਦੁਆਰਾ ਬਾਵਲੀ ਮੱਠ, ਮੱਗੂ ਮੱਠ ਤੇ ਪੰਜਾਬੀ ਮੱਠ ਜਗਨਨਾਥਪੁਰੀ ਦੇ ਮਸਲੇ ਹੱਲ ਕਰਨ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ। ਜਨਰਲ ਹਾਊਸ ਵੱਲੋਂ ਹਿਮਾਚਲ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਕੇਸਰੀ ਝੰਡਿਆਂ ਅਤੇ ਸੰਤ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਕਾਰਾਂ ’ਤੇ ਲਾਉਣ ’ਤੇ ਲਾਈ ਪਾਬੰਦੀ ਦੀ ਵੀ ਨਿਖੇਧੀ ਕੀਤੀ ਗਈ।
ਗੁਰਸਿੱਖ ਬੱਚਿਆਂ ਨੂੰ ਮੁਫ਼ਤ ਸਿੱਖਿਆ ਦੇਣ ਦਾ ਫ਼ੈਸਲਾ
ਇੱਕ ਮਤੇ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ 200 ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਮੁਫ਼ਤ ਵਿੱਦਿਆ, ਰਿਹਾਇਸ਼ ਅਤੇ ਖਾਣਾ ਦੇਣ ਦਾ ਫ਼ੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਚਾਰ ਮੈਡੀਕਲ ਸਟੋਰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਵਿਛੜ ਗਈਆਂ ਰੂਹਾਂ ਨੂੰ ਸ਼ਰਧਾਂਜਲੀ ਸਬੰਧੀ ਸ਼ੋਕ ਮਤੇ ਵੀ ਪੜ੍ਹੇ ਗਏ।