ਆਤਿਸ਼ ਗੁਪਤਾ
ਚੰਡੀਗੜ੍ਹ, 9 ਫਰਵਰੀ
ਖੇਤੀ ਸੁਧਾਰਾਂ ਦੇ ਨਾਂ ’ਤੇ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਢਾਈ ਮਹੀਨਿਆਂ ਤੋਂ ਚੱਲ ਰਹੇ ਕਿਸਾਨੀ ਘੋਲ ਦੀ ਹਮਾਇਤ ਵਿੱਚ ਸੇਵਾਮੁਕਤ ਆਈਏਐੱਸ ਅਧਿਕਾਰੀਆਂ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਉਨ੍ਹਾਂ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨੀ ਅੰਦੋਲਨ ਬਾਰੇ ਵਰਤੀ ਗਈ ਸ਼ਬਦਾਵਲੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਸਾਨੀ ਸੰਘਰਸ਼ ਦੌਰਾਨ ‘ਸ਼ਹੀਦ’ ਹੋਣ ਵਾਲੇ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਵੀ ਦਿੱਤੀ।
ਸੇਵਾਮੁਕਤ ਆਈਏਐੱਸ ਅਧਿਕਾਰੀ ਸਵਰਨ ਸਿੰਘ ਬੋਪਾਰਾਏ, ਰਮੇਸ਼ਇੰਦਰ ਸਿੰਘ, ਕੁਲਬੀਰ ਸਿੰਘ ਸਿੱਧੂ, ਇਕਬਾਲ ਸਿੰਘ ਸਿੱਧੂ, ਜੀ ਕੇ ਸਿੰਘ, ਐੱਸ ਆਰ ਲੱਧੜ, ਹਰਕੇਸ਼ ਸਿੰਘ ਸਿੱਧੂ, ਕਰਮਜੀਤ ਸਿੰਘ ਸਰਾਂ, ਬ੍ਰਿਗੇਡੀਅਰ (ਸੇਵਾਮੁਕਤ) ਹਰਵੰਤ ਸਿੰਘ, ਕੁਲਦੀਪ ਸਿੰਘ ਕਾਹਲੋਂ, ਐੱਸ ਪੀ ਐੱਸ ਮਾਨ, ਸੇਵਾਮੁਕਤ ਡੀਜੀਪੀ ਐੱਨ ਪੀ ਐੱਸ ਔਲਖ, ਸੁਰਿੰਦਰ ਕੁਮਾਰ (ਮਹਾਰਾਸ਼ਟਰ), ਪਰਮੇਸ਼ਰ ਸਿੰਘ ਸਿੱਧੂ, ਸੁਖਦੇਵ ਸਿੰਘ ਸਿੱਧੂ, ਡਾ. ਹਰਸ਼ਿੰਦਰ ਕੌਰ, ਹਰਬੰਸ ਕੌਰ ਬਾਹੀਆ ਅਤੇ ਸਮਾਜਿਕ ਕਾਰਕੁਨਾਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਮੌਜੂਦਾ ਸਮੇਂ ਵਿੱਚ ਸੰਵਿਧਾਨ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਸੰਵਿਧਾਨ ਨੂੰ ਬਚਾਉਣ ਲਈ ਸਾਰਿਆਂ ਨੂੰ ਸੋਚਣਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਤਿਆਰ ਕੀਤੇ ਗਏ ਹਨ ਜੋ ਕਿਸਾਨੀ ਨੂੰ ਤਬਾਹ ਕਰ ਦੇਣਗੇ। ‘ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਦੇ ਹੋਏ ਤਿੰਨੋਂ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ।’ ਸਾਰੇ ਅਧਿਕਾਰੀਆਂ ਨੇ ਕਿਹਾ ਕਿ ਇਹ ਅੰਦੋਲਨ ਕਿਸੇ ਇਕ ਸੂਬੇ ਜਾ ਵਰਗ ਦਾ ਅੰਦੋਲਨ ਨਹੀਂ ਹੈ ਸਗੋਂ ਜਨ ਅੰਦੋਲਨ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਦੇਸ਼ ਭਰ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਸਾਬਕਾ ਆਈਏਐੱਸ ਅਧਿਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨੋਂ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਤਿਆਰ ਕੀਤੇ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਕਿਸਾਨ ਪਿਛਲੇ ਕਰੀਬ 5 ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਬੈਠ ਕੇ ਇਸ ਦਾ ਹੱਲ ਕੱਢਣਾ ਚਾਹੀਦਾ ਹੈ। ਸੇਵਾਮੁਕਤ ਆਈਏਐੱਸ ਅਧਿਕਾਰੀਆਂ ਵੱਲੋਂ ਪਹਿਲੇ ਦਿਨ ਤੋਂ ਕਿਸਾਨਾਂ ਦੀ ਹਮਾਇਤ ਵਿੱਚ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਵੱਲੋਂ ਕਿਸਾਨਾਂ ਲਈ ਕਿਤਾਬਾਂ, ਰਜ਼ਾਈਆਂ, ਗੱਦੇ ਅਤੇ ਤਰਪਾਲਾਂ ਭੇਜੀਆਂ ਜਾ ਚੁੱਕੀਆਂ ਹੈ। ਹੁਣ ਸੇਵਾਮੁਕਤ ਆਈਏਐੱਸ ਅਧਿਕਾਰੀ ਕਿਸਾਨੀ ਸੰਘਰਸ਼ ਦੇ ਪਾਸਾਰ ਲਈ ਪ੍ਰਚਾਰ ਦਾ ਕਾਰਜ ਵੀ ਕਰ ਰਹੇ ਹਨ।