ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 22 ਅਪਰੈਲ
ਇਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਜਨਮ ਸ਼ਤਾਬਦੀ ਸਮਾਗਮ ਗੁਰੂ ਤੇਗ ਬਹਾਦਰ ਜੀ ਦੇ ਜਨਮ ਸਥਾਨ ਗੁਰੂ ਕਾ ਮਹਿਲ ਅਤੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਕੋਠਾ ਸਾਹਿਬ ਪਿੰਡ ਵੱਲਾ ਵਿੱਚ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਰ ਸ਼ੋਰ ਨਾਲ ਚੱਲ ਰਹੀਆਂ ਹਨ। ਨਗਰ ਨਿਗਮ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਇਹਨਾਂ ਦੋਨਾਂ ਇਲਾਕਿਆਂ ਵਿੱਚ ਵਿਕਾਸ ਦੇ ਕੰਮ ਕੀਤੇ ਜਾ ਰਹੇ ਹਨ। ਜਿਨ੍ਹਾਂ ਦੀ ਸਮੀਖਿਆ ਕਰਨ ਲਈ ਅੱਜ ਮੇਅਰ ਕਰਮਜੀਤ ਸਿੰਘ ਰਿੰਟੂ ਪਹਿਲਾਂ ਗੁਰਦੁਆਰਾ ਸ੍ਰੀ ਕੋਠਾ ਸਾਹਿਬ ਵਿੱਚ ਨਤਮਸਤਕ ਹੋਏ ਅਤੇ ਮੱਥਾ ਟੇਕਣ ਉਪਰੰਤ ਉਨਾਂ ਨੇ ਵੱਲਾ ਵਿੱਚ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਚੱਲ ਰਹੇ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਮੌਜ਼ੂਦ ਨਿਗਮ ਅਧਿਕਾਰੀਆਂ ਨੂੰ ਸਾਰੇ ਕੰਮ ਇਕ ਮਿਥੇ ਗਏ ਸਮੇਂ ’ਤੇ ਮੁਕੰਮਲ ਕਰਨ ਦੇ ਹੁਕਮ ਦਿੱੱਤੇ। ਮੇਅਰ ਕਰਮਜੀਤ ਸਿੰਘ ਨੂੰ ਵੱਲ੍ਹਾ ਵਿਖੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੌਂਸਲਰ ਰਣਜੀਤ ਕੌਰ, ਰਣਜੀਤ ਸਿੰਘ ਭਗਤ, ਸਾਬਕਾ ਕੌਸਲਰ ਅਨੇਕ ਸਿੰਘ ਤੇ ਮਲਕੀਤ ਸਿੰਘ, ਕਸ਼ਮੀਰ ਸਿੰਘ ਕਾਕੂ ਆਦਿ ਹਾਜ਼ਰ ਸਨ।
ਦਮਦਮੀ ਟਕਸਾਲ ਵੱਲੋਂ ਲੰਗਰ ਸੇਵਾ ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ):
ਦਮਦਮੀ ਟਕਸਾਲ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਕੇ ਮਹਿਲ ਵਿਖੇ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਰਦਾਸ ਉਪਰੰਤ ਲੰਗਰ ਦੀ ਸੇਵਾ ਸ਼ੁਰੂ ਕੀਤੀ ਗਈ ਹੈ ਜੋ 2 ਮਈ ਤੱਕ ਚੱਲੇਗੀ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖਾਲਸਾ ਨੇ ਲੰਗਰ ਸੇਵਾ ਦੀ ਸ਼ੁਰੂਆਤ ਕਰਦਿਆਂ ਆਪਣੇ ਹੱਥੀਂ ਸੰਗਤਾਂ ਨੂੰ ਲੰਗਰ ਵਰਤਾਇਆ। ਉਨ੍ਹਾਂ ਨੇ ਸਿੱਖ ਸੰਗਤ ਨੂੰ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਨਣ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਅਜੈਬ ਸਿੰਘ ਅਭਿਆਸੀ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੰਤ ਚਰਨਜੀਤ ਸਿੰਘ ਜੱਸੋਵਾਲ ਆਦਿ ਹਾਜ਼ਰ ਸਨ।