ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਅਕਤੂਬਰ
ਮੁੱਖ ਅੰਸ਼
- ਸਿੱਖ ਵਿਦਵਾਨਾਂ ਤੇ ਵਕੀਲਾਂ ਤੋਂ ਲਈ ਜਾਵੇਗੀ ਕਾਨੂੰਨੀ ਸਲਾਹ
- ਅਕਾਲ ਤਖ਼ਤ ਦੇ ਜਥੇਦਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਿਟੰਗ ਸੱਦਣ ਦੀ ਕੀਤੀ ਅਪੀਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਬਣਾਏ ਜਾਣ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ’ਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਜਨਰਲ ਇਜਲਾਸ ਵੀ 9 ਨਵੰਬਰ ਨੂੰ ਸੱਦ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਕੀਤੀ।
ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਹਰਿਆਣਾ ’ਚ ਵੱਖਰੀ ਗੁਰਦੁਆਰਾ ਕਮੇਟੀ ਐਕਟ ਨੂੰ ਮਾਨਤਾ ਦੇਣ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ’ਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਸ਼੍ਰੋਮਣੀ ਕਮੇਟੀ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਦੇ ਮੈਂਬਰ ਹਰਭਜਨ ਸਿੰਘ ਮਸਾਣਾ ਨੇ ਵੀ ਇਕ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਪਹਿਲਾਂ ਵੀ ਹਰਭਜਨ ਸਿੰਘ ਮਸਾਣਾ ਨੇ ਹੀ ਪਟੀਸ਼ਨ ਦਾਇਰ ਕੀਤੀ ਸੀ ਜਿਸ ’ਤੇ ਸੁਪਰੀਮ ਕੋਰਟ ਨੇ ਫ਼ੈਸਲਾ ਕਰਦਿਆਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਐਕਟ ਨੂੰ ਦਿੱਤੀ ਮਾਨਤਾ ਨੂੰ ਬਹਾਲ ਰੱਖਿਆ ਸੀ। ਸ਼੍ਰੋਮਣੀ ਕਮੇਟੀ ਇਸ ਫ਼ੈਸਲੇ ਦਾ ਵਿਰੋਧ ਕਰ ਰਹੀ ਹੈ ਤੇ ਇਸ ਖ਼ਿਲਾਫ਼ ਸੂਬਾ ਭਰ ਵਿਚ ਰੋਸ ਮਾਰਚ ਵੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਇਸੇ ਮਾਮਲੇ ਵਿੱਚ ਸਿੱਖ ਵਿਦਵਾਨਾਂ ਅਤੇ ਵਕੀਲਾਂ ਦੀ ਮੀਟਿੰਗ ਅਗਲੇ ਦਿਨਾਂ ’ਚ ਜਲਦੀ ਹੀ ਸੱਦੀ ਜਾ ਰਹੀ ਹੈ। ਇਹ ਮੀਟਿੰਗ ਅੰਮ੍ਰਿਤਸਰ ਜਾ ਚੰਡੀਗੜ੍ਹ ’ਚ ਹੋਵੇਗੀ। ਮਾਹਿਰਾਂ ਦੀ ਰਾਏ ਲੈਣ ਤੋਂ ਬਾਅਦ ਇਸ ਮਾਮਲੇ ਵਿੱਚ ਅਗਲੀ ਰਣਨੀਤੀ ਉਲੀਕੀ ਜਾਵੇਗੀ। ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਇਸ ਮਾਮਲੇ ਨੂੰ ਵਿਚਾਰਨ ਅਤੇ ਸੰਘਰਸ਼ ਦੀ ਅਗਵਾਈ ਕਰਨ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਪੰਥਕ ਇਕੱਠ ਸੱਦਣ ਤੋਂ ਪਹਿਲਾਂ ਇਸ ਮਾਮਲੇ ਵਿਚ ਸਿੱਖ ਵਕੀਲਾਂ ਤੇ ਵਿਦਵਾਨਾਂ ਦੀ ਕਮੇਟੀ ਬਣਾ ਕੇ ਉਨ੍ਹਾਂ ਦੇ ਸੁਝਾਅ ਲੈਣ ਦੀ ਹਦਾਇਤ ਕੀਤੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਹਰਿਆਣਾ ਵਿੱਚ ਵੱਖਰੀ ਕਮੇਟੀ ਦੇ ਪ੍ਰਧਾਨ ਹੋਣ ਬਾਰੇ ਵੱਖ ਵੱਖ ਦਾਅਵੇ ਕਰ ਰਹੇ ਆਗੂਆਂ ਨੂੰ ਆਖਿਆ ਕਿ ਉਹ ਇਸ ਮਾਮਲੇ ’ਚ ਆਪਸ ਵਿੱਚ ਲੜਨ ਦੀ ਥਾਂ ਸ੍ਰੀ ਅਕਾਲ ਤਖ਼ਤ ’ਤੇ ਆਉਣ ਅਤੇ ਮਿਲ ਬੈਠ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ 27 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਦੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼ਹੀਦੀ ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਸਬੰਧੀ ਹੋਣ ਵਾਲੇ ਸਮਾਗਮ ਵਿੱਚ ਵੀ ਜਨਤਕ ਤੌਰ ’ਤੇ ਇਹ ਸਾਰੇ ਮਾਮਲੇ ਵਿਚਾਰੇ ਜਾਣਗੇ। ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ’ਚ ਵੀ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਮੈਂਬਰੀ ਵਕੀਲਾਂ ਦੀ ਇੱਕ ਕਮੇਟੀ ਬਣਾਈ ਗਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਹੋਣ ਵਾਲੇ ਜਨਰਲ ਇਜਲਾਸ ਬਾਰੇ ਉਨ੍ਹਾਂ ਦੱਸਿਆ ਕਿ ਇਹ ਇਜਲਾਸ 9 ਨਵੰਬਰ ਨੂੰ ਸੱਦਿਆ ਗਿਆ ਹੈ ਜੋ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਵੇਗਾ। ਉਨ੍ਹਾਂ ਦੱਸਿਆ ਕਿ ਇਜਲਾਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰ ਚੁਣੇ ਜਾਣਗੇ।