ਪੱਤਰ ਪ੍ਰੇਰਕ
ਅੰਮ੍ਰਿਤਸਰ, 7 ਜਨਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਇਥੇ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਸਫ਼ਲਤਾ ’ਤੇ ਪੂਰਨ ਆਸ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨਾਂ ਦੀ ਇਹ ਬਹੁਤ ਵਧੀਆ ਸੋਚ ਹੈ ਕਿ ਉਨ੍ਹਾਂ ਨੇ ਰਾਜਸੀ ਪਾਰਟੀਆਂ ਦੇ ਕਿਸੇ ਵੀ ਨੁਮਾਇੰਦੇ ਨੂੰ ਸਟੇਜ ਤੋਂ ਬੋਲਣ ਦਾ ਮੌਕਾ ਨਹੀਂ ਦਿੱਤਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੀਕੇ ਨੇ ਕਿਹਾ ਕਿ ਇਹ ਸੋਚ ਹੀ ਇਸ ਅੰਦੋਲਨ ਨੂੰ ਸਿਖਰਾਂ ’ਤੇ ਲਿਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤਣ ਦੇ ਕੀਤੇ ਜਾ ਰਹੇ ਦਾਅਵੇ ਸਬੰਧੀ ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਨ ਦੇ ਸੁਫਨੇ ਦੇਖਣੇ ਛੱਡ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਪਹਿਲਾਂ ਖੇਤੀ ਬਿੱਲਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਪਰ ਜਦੋਂ ਉਨ੍ਹਾਂ ਦਾ ਵਿਰੋਧ ਸ਼ੁਰੂ ਹੋਇਆ ਤਾਂ ਉਨ੍ਹਾਂ ਪਾਸਾ ਪਲਟਦਿਆਂ ਹਰਸਿਮਰਤ ਕੌਰ ਬਾਦਲ ਤੋਂ ਅਸਤੀਫ਼ਾ ਦਿਵਾ ਦਿੱਤਾ ਅਤੇ ਆਪ ਵੀ ਐੱਨਡੀਏ ਨਾਲੋਂ ਨਾਤਾ ਤੋੜ ਲਿਆ। ਜੀਕੇ ਨੇ ਕਿਹਾ ਕਿ ਪੰਥਕ ਤੇ ਕਿਸਾਨੀ ਵੋਟ ਸ਼੍ਰੋਮਣੀ ਅਕਾਲੀ ਦਲ ਨਾਲੋਂ ਟੁੱਟ ਚੁੱਕੀ ਹੈ ਅਤੇ ਹੁਣ ਅਕਾਲੀ ਦਲ ਦਾ ਆਧਾਰ ਵੀ ਖਤਮ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ, ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਪਟਨਾ ਸਾਹਿਬ ਨੂੰ ਹਮੇਸ਼ਾ ਆਪਣੇ ਹਿੱਤਾਂ ਲਈ ਵਰਤਿਆ ਹੈ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੁਝ ਮਹੀਨਿਆਂ ਤਕ ਹੋਣ ਵਾਲੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਬੁਰੀ ਤਰ੍ਹਾਂ ਹਾਰੇਗਾ।