ਸੰਜੀਵ ਬੱਬੀ
ਚਮਕੌਰ ਸਾਹਿਬ, 25 ਜੁਲਾਈ
ਚਮਕੌਰ ਸਾਹਿਬ ਬਲਾਕ ਅਧੀਨ ਪੈਂਦੇ ਪਿੰਡ ਰੁੜਕੀ ਹੀਰਾਂ ਵਿੱਚ ਸਮੂਹ ਪਿੰਡ ਵਾਸੀਆਂ ਵੱਲੋਂ ਨਗਰ ਪੰਚਾਇਤ ਦੇ ਮੈਂਬਰਾਂ ਨਾਲ ਸਾਂਝੀ ਮੀਟਿੰਗ ਕਰਦਿਆਂ ਫੈਸਲਾ ਕੀਤਾ ਕਿ ਪਿੰਡ ਵਿੱਚ ਕਿਸੇ ਵੀ ਸਿਆਸੀ ਆਗੂ ਨੂੰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਤੇ ਇਨ੍ਹਾਂ ਸਿਆਸੀ ਆਗੂਆਂ ਦਾ ਬਾਈਕਾਟ ਵੀ ਕੀਤਾ ਜਾਂਦਾ ਹੈ। ਪਿੰਡ ਦੇ ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ, ਰਾਜਿੰਦਰ ਸਿੰਘ ਤੇ ਜਸਵੀਰ ਸਿੰਘ ਨੇ ਦੱਸਿਆ ਕਿ ਇਹ ਵੀ ਫੈਸਲਾ ਕੀਤਾ ਗਿਆ ਕਿ ਪਿੰਡ ਵਿੱਚ ਕੋਈ ਵੀ ਵਿਅਕਤੀ ਆਪਣੇ ਘਰ ’ਤੇ ਕਿਸੇ ਵੀ ਸਿਆਸੀ ਪਾਰਟੀ ਦਾ ਫਲੈਕਸ ਬੋਰਡ ਨਹੀਂ ਲੱਗਣ ਦੇਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਪੰਚਾਇਤ ਮੈਂਬਰਾਂ ਨੂੰ ਹੀ ਕੰਮ ਕਾਜ ਲਈ ਸਿਆਸੀ ਨੁਮਾਇੰਦਿਆਂ ਕੋਲ ਜਾਣ ਦੀ ਇਜਾਜ਼ਤ ਹੋਵੇਗੀ, ਪਰ ਜੇ ਕਿਸੇ ਵਿਅਕਤੀ ਨੇ ਫੈਸਲੇ ਦਾ ਉਲੰਘਣ ਕੀਤਾ ਤਾਂ ਉਸਦਾ ਪਿੰਡ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਦੇ ਲੀਡਰ ਨੇ ਕਿਸਾਨ ਹਿਤੈਸ਼ੀ ਹੋਣ ਦੀ ਭੂਮਿਕਾ ਨਹੀਂ ਨਿਭਾਈ, ਜਿਸ ਕਾਰਨ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਬਿਲ ਪਾਸ ਹੋਣ ਵੇਲੇ ਬਾਕੀ ਵਿਰੋਧੀ ਪਾਰਟੀਆਂ ਦੇ ਨਾਲ ਪੰਜਬ ਦੇ ਸੰਸਦ ਮੈਂਬਰ ਵੀ ਮੂਕ ਦਰਸ਼ਕ ਬਣੇ ਰਹੇ ਤੇ ਹੁਣ ਵੀ ਕਿਸਾਨ ਜਥੇਬੰਦੀਆਂ ਵੱਲੋਂ ਵ੍ਹਿੱਪ ਜਾਰੀ ਕਰਨ ਦੇ ਬਾਵਜੂਦ ਖੇਤੀ ਬਿਲਾਂ ਦਾ ਸੰਸਦ ’ਚ ਵਿਰੋਧ ਕਰਨ ਦੀ ਬਜਾਏ ਪੰਜਾਬ ਦੇ ਸੰਸਦ ਮੈਂਬਰ ਸੰਸਦ ਦੇ ਬਾਹਰ ਝੂਠੇ ਪ੍ਰਦਰਸ਼ਨ ਕਰਕੇ ਸਿਆਸੀ ਲਾਹਾ ਲੈਣ ਦੇ ਯਤਨ ਵਿੱਚ ਰਹੇ। ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਉਸ ਬਿਆਨ ਜਿਸ ’ਚ ਉਨ੍ਹਾਂ ਨੇ ਕਿਸਾਨੀ ਸੰਘਰਸ਼ ਦੀ ਜਿੱਤ ਨੂੰ ਆਪਣਾ ਮੁੱਖ ਉਦੇਸ਼ ਦੱਸਿਆ ਹੈ, ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸ੍ਰੀ ਸਿੱਧੂ ਨੂੰ ਪ੍ਰਧਾਨਗੀ ਦੇ ਜਸ਼ਨ ਮਨਾਉਣੇ ਛੱਡ ਕੇ ਨੰਗੇਧੜ ਇਮਾਨਦਾਰੀ ਨਾਲ ਕਿਸਾਨੀ ਸੰਘਰਸ਼ ਦੇ ਪਿੜ ’ਚ ਵਿਚਰਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਨਵਜੋਤ ਸਿੰਘ ਸਿੱਧੂ ਦੀ ਚਮਕੌਰ ਸਾਹਿਬ ਫੇਰੀ ਦੌਰਾਨ ਕਿਸਾਨਾਂ ਨੇ ਰੋਸ ਦਰਜ ਕਰਵਾਇਆ ਸੀ।
ਇਸ ਮੌਕੇ ਕੁਲਵੀਰ ਸਿੰਘ, ਜਸਵਿੰਦਰ ਸਿੰਘ, ਚਰਨਜੀਤ ਸਿੰਘ, ਮੇਜਰ ਸਿੰਘ, ਅਮਨਦੀਪ ਸਿੰਘ, ਤਨਵੀਰ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ ਅਤੇ ਹਰਚੰਦ ਸਿੰਘ ਆਦਿ ਹਾਜ਼ਰ ਸਨ।