ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਜੂਨ
ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਰੂਰਲ ਫਾਰਮਾਸਿਸਟ ਆਫੀਸਰ ਐਸੋਸੀਏਸ਼ਨ ਵੱਲੋਂ ਸ਼ੁਰੂ ਕੀਤੇ ਸੰਘਰਸ਼ ਦੌਰਾਨ ਧਰਨਾ ਅਤੇ ਬਾਈਕਾਟ ਅੱਜ ਸੱਤਵੇਂ ਦਿਨ ਵੀ ਪੰਜਾਬ ਭਰ ਵਿਚ ਜਾਰੀ ਰਿਹਾ। ਮੁਜ਼ਾਹਰਾਕਾਰੀਆਂ ਦਾ ਕਹਿਣਾ ਹੈ ਕਿ ਉਹ ਡੇਢ ਦਹਾਕੇ ਤੋਂ ਨਿਗੂਣੀਆਂ ਤਨਖ਼ਾਹਾਂ ਤੇ ਕੰਮ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਇਸ ਮੰਗ ਪ੍ਰਤੀ ਸੰਜੀਦਗੀ ਨਹੀਂ ਵਿਖਾ ਰਹੀ। ਇਸੇ ਕੜੀ ਵਜੋਂ ਜ਼ਿਲ੍ਹਾ ਪਰਿਸ਼ਦ ਪਟਿਆਲਾ ਵਿਖੇ ਵੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਦਿੱਤੇ ਗਏ ਧਰਨੇ ਦੌਰਾਨ ਸਰਕਾਰ ਦੇ ਖ਼ਿਲਾਫ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਜਥੇਬੰਦੀ ਦੇ ਸੂਬਾਈ ਬੁਲਾਰੇ ਅਤੇ ਸੂਬਾ ਮੀਤ ਪ੍ਰਧਾਨ ਸਵਰਤ ਸ਼ਰਮਾ ਸਮੇਤ ਕਈ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।