ਜੋਗਿੰਦਰ ਸਿੰਘ ਮਾਨ
ਮਾਨਸਾ, 29 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਹਿਪਾਠੀ ਜਗਦੀਪ ਸਿੰਘ ਨਕਈ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਜਪਾ ਵਿਚ ਸ਼ਾਮਲ ਹੋ ਗਏ। ਉਹ ਸਾਬਕਾ ਸੰਸਦੀ ਸਕੱਤਰ ਹਨ ਅਤੇ ਪਾਰਟੀ ਵਲੋਂ ਦੋ ਵਾਰ ਮਾਨਸਾ ਜ਼ਿਲ੍ਹੇ ਦੇ ਜੋਗਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਹਨ। ਸ੍ਰੀ ਨਕਈ ਨੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਦਿੱਲੀ ਵਿਚ ਕੀਤਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਸਬੰਧੀ ਜਾਣਕਾਰੀ ਇਸ ਪੱਤਰਕਾਰ ਨੂੰ ਫੋਨ ਰਾਹੀਂ ਦਿੱਤੀ ਹੈ। ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਅਕਾਲੀ ਆਗੂਆਂ ਵਿੱਚ ਨਕਈ ਤੋਂ ਇਲਾਵਾ ਰਵੀਪ੍ਰੀਤ ਸਿੰਘ ਸਿੱਧੂ, ਹਰਭਾਗ ਸਿੰਘ ਦੇਸੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਸ਼ਾਮਲ ਹਨ। ਇਹ ਆਗੂ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ ਵਿਖੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੋਮ ਪ੍ਰਕਾਸ਼, ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਦੁਸ਼ਯੰਤ ਗੌਤਮ ਤੇ ਮੁੱਖ ਬੁਲਾਰੇ ਅਨਿਲ ਬਲੂਨੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।