ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 6 ਸਤੰਬਰ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਅੱਜ ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਪੈਮਲਪ੍ਰੀਤ ਗਰੇਵਾਲ ਦੀ ਅਦਾਲਤ ਵਿੱਚ ਨਵੇਂ ਸਿਰਿਓਂ ਪਟੀਸ਼ਨ ਦਾਇਰ ਕਰ ਕੇ ਸੁਮੇਧ ਸੈਣੀ ’ਤੇ ਅਦਾਲਤ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਹੈ। ਇਹ ਪਟੀਸ਼ਨ ਸੈਣੀ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਜੁਟਾਉਣ ਦੇ ਮਾਮਲੇ ਦੀ ਪੜਤਾਲ ਕਰ ਰਹੇ ਵਿਜੀਲੈਂਸ ਦੇ ਜਾਂਚ ਅਧਿਕਾਰੀ ਡੀਐੱਸਪੀ ਹਰਵਿੰਦਰਪਾਲ ਸਿੰਘ ਦੇ ਦਸਤਖ਼ਤਾਂ ਹੇਠ ਦਾਇਰ ਕੀਤੀ ਗਈ ਹੈ। ਵਿਜੀਲੈਂਸ ਨੇ ਬਚਾਅ ਪੱਖ ਦੇ ਵਕੀਲਾਂ ’ਤੇ ਵੀ ਅਦਾਲਤ ਵਿੱਚ ਗਲਤ ਬਿਆਨ ਦੇਣ ਦਾ ਦੋਸ਼ ਲਾਇਆ ਹੈ।
ਵਿਜੀਲੈਂਸ ਅਨੁਸਾਰ ਬੀਤੀ 18 ਅਗਸਤ ਨੂੰ ਸਾਬਕਾ ਡੀਜੀਪੀ ਰਾਤ ਅੱਠ ਵਜੇ ਜਾਂਚ ਵਿੱਚ ਸ਼ਾਮਲ ਹੋਣ ਆਏ ਸਨ। ਕਾਨੂੰਨ ਮੁਤਾਬਕ ਡਬਲਿਊ.ਡਬਲਿਊ.ਆਈ.ਸੀ.ਐੱਸ ਦੇ ਡਾਇਰੈਕਟਰ ਦਵਿੰਦਰ ਸਿੰਘ ਸੰਧੂ ਖ਼ਿਲਾਫ਼ 17 ਸਤੰਬਰ 2020 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਦਰਜ ਰੀਅਲ ਅਸਟੇਟ ਨਾਲ ਜੁੜੇ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰ ਕੇ ਗ੍ਰਿਫ਼ਤਾਰੀ ਪਾਈ ਗਈ ਸੀ ਅਤੇ ਅਗਲੇ ਦਿਨ 19 ਅਗਸਤ ਨੂੰ ਦੁਪਹਿਰ ਕਰੀਬ 12 ਵਜੇ ਸੈਣੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰ ਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਸੁਮੇਧ ਸੈਣੀ ਅਤੇ ਉਸ ਦੇ ਵਕੀਲਾਂ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਕਿ ਉਨ੍ਹਾਂ ਨੇ ਇਨਸਾਫ਼ ਲਈ ਵਿਜੀਲੈਂਸ ਖ਼ਿਲਾਫ਼ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ ਅਤੇ ਉੱਚ ਅਦਾਲਤ ਨੇ ਕਾਰਵਾਈ ਨੂੰ ਸਟੇਅ ਕਰ ਦਿੱਤਾ ਹੈ। ਇਸ ਤਰ੍ਹਾਂ ਮੁਹਾਲੀ ਅਦਾਲਤ ਨੇ ਉੱਚ ਅਦਾਲਤ ਦਾ ਫੈਸਲਾ ਆਉਣ ਤੱਕ ਸ਼ਾਮ ਚਾਰ ਵਜੇ ਤੱਕ ਸੁਣਵਾਈ ਰੋਕ ਦਿੱਤੀ ਸੀ ਪਰ ਉਦੋਂ ਵੀ ਹਾਈ ਕੋਰਟ ਦੇ ਹੁਕਮਾਂ ਦੀ ਕਾਪੀ ਨਹੀਂ ਮਿਲੀ ਅਤੇ ਸੈਣੀ ਤੇ ਉਸ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਸਟੇਅ ਹੋ ਗਈ ਹੈ ਜਦਕਿ ਸਚਾਈ ਇਹ ਹੈ ਕਿ ਹਾਈ ਕੋਰਟ ਨੇ ਸ਼ਾਮ ਨੂੰ ਛੇ ਵਜੇ ਹੁਕਮ ਜਾਰੀ ਕੀਤੇ ਸਨ, ਜੋ ਮੁਹਾਲੀ ਅਦਾਲਤ ਵਿੱਚ ਦੇਰ ਰਾਤ ਪੁੱਜੇ। ਵਿਜੀਲੈਂਸ ਨੇ ਸੁਮੇਧ ਸੈਣੀ ਖ਼ਿਲਾਫ਼ ਅਦਾਲਤੀ ਮਾਣਹਾਨੀ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ।
ਅਦਾਲਤ ਨੇ 14 ਤੱਕ ਜਵਾਬ ਮੰਗਿਆ
ਅਦਾਲਤ ਨੇ ਵਿਜੀਲੈਂਸ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਮੇਧ ਸੈਣੀ ਨੂੰ ਨੋਟਿਸ ਜਾਰੀ ਕਰ ਕੇ 14 ਸਤੰਬਰ ਤੱਕ ਆਪਣਾ ਜਵਾਬ ਦਾਇਰ ਕਰਨ ਲਈ ਆਖਿਆ ਹੈ। ਉਨ੍ਹਾਂ ਸੈਣੀ ਨੂੰ ਨੋਟਿਸ ਜਾਰੀ ਕਰ ਕੇ ਕਿਹਾ ਕਿ ਕਿਉਂ ਨਾ ਉਨ੍ਹਾਂ ਖ਼ਿਲਾਫ਼ ਅਦਾਲਤੀ ਮਾਣਹਾਨੀ ਦੀ ਕਾਰਵਾਈ ਕੀਤੀ ਜਾਵੇ।