ਜਸਵੰਤ ਜੱਸ
ਫ਼ਰੀਦਕੋਟ, 11 ਜੂਨ
ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਹ ਪੁਲੀਸ ਅਫ਼ਸਰ ਸੱਚ ਲੁਕਾ ਰਹੇ ਹਨ। ਇਸ ਲਈ ਇਨ੍ਹਾਂ ਦੇ ਨਾਰਕੋ ਟੈਸਟ ਕਰਵਾਉਣ ਦੀ ਲੋੜ ਹੈ। ਅਦਾਲਤ ਨੇ ਜਾਂਚ ਟੀਮ ਦੀ ਅਰਜ਼ੀ ਲੈਣ ਤੋਂ ਬਾਅਦ ਮੁਲਜ਼ਮਾਂ ਨੂੰ ਇਸ ਮਾਮਲੇ ਵਿਚ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਹੈ।
ਇਸੇ ਤਰ੍ਹਾਂ ਜਾਂਚ ਟੀਮ ਨੇ ਅੱਜ ਉਨ੍ਹਾਂ ਵਿਅਕਤੀਆਂ ਦੇ ਬਿਆਨ ਕਲਮਬੰਦ ਕੀਤੇ ਜੋ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ ਜ਼ਖ਼ਮੀ ਹੋ ਗਏ ਸਨ। ਸੂਚਨਾ ਅਨੁਸਾਰ ਬੂਟਾ ਸਿੰਘ ਵਾਸੀ ਰੋੜੀਕਪੂਰਾ ਦੇ ਇਸ ਗੋਲੀ ਕਾਂਡ ਦੌਰਾਨ ਗੋਲੀ ਵੱਜੀ ਸੀ ਜਦੋਂਕਿ ਰਣਜੀਤ ਸਿੰਘ ਵਾਸੀ ਵਾੜਾ ਦਰਾਕਾ ਇਸ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜਾਂਚ ਟੀਮ ਨੇ ਇਨ੍ਹਾਂ ਦੋਹਾਂ ਤੋਂ ਇਲਾਵਾ ਥਾਣਾ ਸਿਟੀ ਕੋਟਕਪੂਰਾ ਦੇ ਉਸ ਵੇਲੇ ਦੇ ਮੁੱਖ ਮੁਨਸ਼ੀ ਬਿੰਦਰ ਸਿੰਘ ਅਤੇ ਪੁਲੀਸ ਦੇ ਵਾਇਰਲੈੱਸ ਅਪਰੇਟਰ ਰਾਜੇਸ਼ ਕੁਮਾਰ ਦੇ ਵੀ ਬਿਆਨ ਕਲਮਬੰਦ ਕੀਤੇ। ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਜਾਂਚ ਟੀਮ ਇਸ ਤੋਂ ਪਹਿਲਾਂ ਸਾਬਕਾ ਡੀਜੀਪੀ ਸੁਮੇਧ ਸੈਣੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਗਗਨਦੀਪ ਸਿੰਘ ਬਰਾੜ ਅਤੇ ਓਐੱਸਡੀ ਗੁਰਚਰਨ ਸਿੰਘ ਸਮੇਤ 70 ਵਿਅਕਤੀਆਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਜਿਸ ਵਿੱਚ ਪੰਜ ਆਈਪੀਐੱਸ ਅਧਿਕਾਰੀ ਵੀ ਸ਼ਾਮਲ ਹਨ।
ਡੇਰਾ ਪ੍ਰੇਮੀਆਂ ਨੂੰ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ
ਬੇਅਦਬੀ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਬਾਰੇ ਇਲਾਕਾ ਮੈਜਿਸਟਰੇਟ ਨੇ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਫੜੇ ਗਏ ਸਾਰੇ ਡੇਰਾ ਪ੍ਰੇਮੀ 15 ਜੂਨ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ। ਜੇਲ੍ਹ ਅਧਿਕਾਰੀਆਂ ਨੇ ਡੇਰਾ ਪ੍ਰੇਮੀਆਂ ਨੂੰ 10 ਜੂਨ ਨੂੰ ਅਦਾਲਤ ਸਾਹਮਣੇ ਪੇਸ਼ ਕਰਨਾ ਸੀ ਪਰ ਕੁਝ ਕਾਰਨਾਂ ਕਰਕੇ ਡੇਰਾ ਪ੍ਰੇਮੀਆਂ ਨੂੰ ਅਦਾਲਤ ਵਿੱਚ ਨਹੀਂ ਲਿਆਂਦਾ ਗਿਆ।