ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਸਤੰਬਰ
ਅਮਰੀਕਾ ’ਚ ਭਾਰਤੀ ਸਫੀਰ ਤਰਨਜੀਤ ਸਿੰਘ ਸੰਧੂ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਆਪਣੇ ਦਾਦੇ ਦੇ ਨਾਂ ’ਤੇ ਬਣਿਆ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਦੇਖਿਆ ਅਤੇ ਆਪਣੇ ਪੁਰਖਿਆਂ ਦੀ ਯਾਦ ਤਾਜ਼ਾ ਕੀਤੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਵਧੀਕ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ। ਇਸ ਮੌਕੇ ਭਾਰਤੀ ਸਫੀਰ ਨੇ ਆਖਿਆ ਕਿ ਉਹ ਹਰ ਸਾਲ ਗੁਰੂ ਘਰ ਨਤਮਸਤਕ ਹੋਣ ਪੁੱਜਦੇ ਹਨ ਪਰ ਇਸ ਵਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਦੇ ਨਾਂ ’ਤੇ ਬਣੇ ਹਾਲ ਨੂੰ ਵੇਖਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਤੇਜਾ ਸਿੰਘ ਸਮੁੰਦਰੀ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਮੇਂ ਵੱਡਾ ਯੋਗਦਾਨ ਪਾਇਆ ਸੀ ਅਤੇ ਕਈ ਮੋਰਚਿਆਂ ਵਿਚ ਹਿੱਸਾ ਲਿਆ ਸੀ। ਉਨ੍ਹਾਂ ਦਾ ਕੌਮ ਪ੍ਰਤੀ ਸਮਰਪਣ ਪਰਿਵਾਰ ਲਈ ਵੱਡੇ ਫਖ਼ਰ ਵਾਲੀ ਗੱਲ ਹੈ।