ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਸਤੰਬਰ
ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਮਜ਼ਦੂਰ ਅੱਜ ਦੂਜੇ ਦਿਨ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਸਾਹਮਣੇ ਮੁੱਖ ਸੜਕ ਉਪਰ ਲਗਾਏ ਪੱਕੇ ਮੋਰਚੇ ’ਤੇ ਡਟੇ ਰਹੇ ਅਤੇ ਦੁਪਹਿਰ ਬਾਅਦ ਕਲੋਨੀ ਦੇ ਮੁੱਖ ਗੇਟ ਦਾ ਘਿਰਾਓ ਕੀਤਾ ਗਿਆ। ਕਰੀਬ ਕਿਲੋਮੀਟਰ ਤੋਂ ਵੀ ਵੱਧ ਲੰਮੇ ਰੋਸ ਧਰਨੇ ’ਚ ਦੂਰ ਦੂਰ ਤੱਕ ਪੰਜਾਬ ਸਰਕਾਰ ਖ਼ਿਲਾਫ਼ ਕਿਰਤੀ ਲੋਕਾਂ ਦੇ ਨਾਅਰੇ ਗੂੰਜ਼ਦੇ ਰਹੇ ਅਤੇ ਬੁਲਾਰਿਆਂ ਦੇ ਤਿੱਖੇ ਭਾਸ਼ਨ ਗਰਜਦੇ ਰਹੇ। ਬਾਅਦ ਦੁਪਹਿਰ ਤਿੰਨ ਵਜ਼ੇ ਸਟੇਜ ਤੋਂ ਐਲਾਨ ਕਰ ਦਿੱਤਾ ਗਿਆ ਕਿ ਹਜ਼ਾਰਾਂ ਮਜ਼ਦੂਰ ਮੁੱਖ ਮੰਤਰੀ ਦੀ ਕੋਠੀ ਵੱਲ ਵਧਣਗੇ, ਜਿਸ ਮਗਰੋਂ ਕਲੋਨੀ ਦੇ ਮੁੱਖ ਗੇਟ ’ਤੇ ਵੱਡੀ ਤਾਦਾਦ ’ਚ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ। ਸ਼ਾਮ ਕਰੀਬ ਚਾਰ ਵਜੇ ਜਿਉਂ ਹੀ ਮਜ਼ਦੂਰ ਮੁੱਖ ਗੇਟ ਵੱਲ ਵਧੇ ਤਾਂ ਜ਼ਿਲ੍ਹਾ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਪੁੱਜ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਅੱਧੇ ਘੰਟੇ ਵਿਚ ਹੀ ਪੰਜਾਬ ਦੇ ਕੈਬਨਿਟ ਮੰਤਰੀ ਨਾਲ ਫੋਨ ’ਤੇ ਗੱਲ ਕਰਾਉਣ ਦਾ ਭਰੋਸਾ ਦਿਵਾਇਆ। ਮੌਜੂਦਾ ਸਮੇਂ ਕਲੋਨੀ ਦੇ ਮੁੱਖ ਗੇਟ ਅੱਗੇ ਇੱਕ ਪਾਸੇ ਪੁਲੀਸ ਫੋਰਸ ਪੱਬਾਂ ਭਾਰ ਖੜ੍ਹੀ ਹੈ, ਜਦੋਂ ਕਿ ਦੂਜੇ ਪਾਸੇ ਹਜ਼ਾਰਾਂ ਕਿਰਤੀ ਲੋਕ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਕੁੰਭਕਰਨੀ ਨੀਂਦ ਤੋਂ ਨਾ ਜਾਗੀ ਤਾਂ ਤਿੱਖਾ ਐਕਸ਼ਨ ਕੀਤਾ ਜਾਵੇਗਾ। ਇਸਤੋਂ ਪਹਿਲਾਂ ਵਿਸ਼ਾਲ ਇਕੱਠ ਨੂੰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ,ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ, ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਵਿੱਤ ਮੱਖਣ ਸਿੰਘ ਰਾਮਗੜ੍ਹ ,ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ,ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਪ੍ਰਗਟ ਸਿੰਘ ਕਾਲਾਝਾੜ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਮਹੀਨੇ ਭਰ ਤੋਂ ਅਖ਼ਬਾਰਾਂ ਰਾਹੀਂ ਪ੍ਰਚਾਰ ਪ੍ਰਸਾਰ ਕਰਕੇ ਅਤੇ ਮੰਗ ਪੱਤਰ ਭੇਜ ਕੇ 12 ਤੋਂ 14 ਸਤੰਬਰ ਤੱਕ ਮੁੱਖ ਮੰਤਰੀ ਦੇ ਘਰ ਅੱਗੇ ਮੋਰਚਾ ਲਗਾਉਣ ਦੇ ਐਲਾਨ ਕੀਤਾ ਗਿਆ ਸੀ, ਜਿਸ ਨੂੰ ਅੱਖੋਂ ਪਰੋਖੇ ਕਰਕੇ ਮੌਜੂਦਾ ਮੁੱਖ ਮੰਤਰੀ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਪੰਜਾਬ ਨੂੰ ਲੁੱਟਣ ਦਾ ਸੱਦਾ ਦੇਣ ਲਈ ਜਰਮਨੀ ਵਰਗੇ ਸਾਮਰਾਜੀ ਮੁਲਕ ਚਲੇ ਗਏ।