ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਜਨਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਦੌਰਾਨ ਪੁਲੀਸ ਨੂੰ ਗੁਰਦੁਆਰਾ ਕੈਂਪਸ ਵਿੱਚ ਦਾਖਲ ਕਰਾਉਣ ਦਾ ਦੋਸ਼ ਲਾਉਂਦਿਆਂ ਦਿੱਲੀ ਕਮੇਟੀ ਦੇ ਸਾਬਕਾ ਦੋ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀਕੇ ਤੇ ਹੋਰਨਾਂ ਨੇ ਅੱਜ ਇੱਥੇ ਕਿਹਾ ਕਿ ਉਹ ਦਿੱਲੀ ਕਮੇਟੀ ਦੀ ਹੋਈ ਚੋਣ ਨੂੰ ਚੁਣੌਤੀ ਦੇਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ। ਅਕਾਲੀ ਦਲ ਦਿੱਲੀ ਅਤੇ ਜਾਗੋ ਪਾਰਟੀ ਨਾਲ ਸਬੰਧਤ ਇਨ੍ਹਾਂ ਆਗੂਆਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਲੋਕਾਂ ਨੂੰ ਗੁਰੂ ਘਰ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟ ਨਾ ਪਾਏ ਜਾਣ ਦੀ ਅਪੀਲ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ’ਤੇ ਦੋਸ਼ ਲਾਇਆ ਕਿ ਇਹ ਚੋਣ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਤੋਂ ਬਿਨਾਂ ਕਰਵਾਈ ਗਈ ਹੈ, ਜੋ ਅਧੂਰੀ ਤੇ ਅਪਵਿੱਤਰ ਹੈ ਤੇ ਇਸ ਨੂੰ ਮਾਨਤਾ ਨਹੀਂ ਦਿੱਤੀ ਜਾ ਸਕਦੀ। ਸ੍ਰੀ ਸਰਨਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਕਾਲੀ ਮੈਂਬਰਾਂ ਦੇ ਦਸਤਖ਼ਤਾਂ ਹੇਠ ਪੁਲੀਸ ਨੂੰ ਦਰਖਾਸਤ ਦੇ ਕੇ ਚੋਣ ਪ੍ਰਕਿਰਿਆ ਦੌਰਾਨ ਪੁਲੀਸ ਨੂੰ ਗੁਰਦੁਆਰੇ ਵਿੱਚ ਬੁਲਾਇਆ ਗਿਆ। ਉਨ੍ਹਾਂ ਇਸ ਸਬੰਧੀ ਪੱਤਰ ਵੀ ਮੀਡੀਆ ਨੂੰ ਦਿਖਾਇਆ। ਉਨ੍ਹਾਂ ਇਹ ਵੀ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਨੇ ਵੀ ਇਸ ਮਾਮਲੇ ਵਿੱਚ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ। ਉਨ੍ਹਾਂ ਦਾਅਵਾ ਕੀਤਾ ਕਿ ਨਿਯਮਾਂ ਮੁਤਾਬਕ ਇਹ ਚੋਣ 22 ਜਨਵਰੀ ਨੂੰ ਨਹੀਂ ਸਗੋਂ 23 ਜਨਵਰੀ ਨੂੰ ਹੋਈ ਹੈ, ਜਿਸ ਬਾਰੇ ਕੋਈ ਨੋਟੀਫਿਕੇਸ਼ਨ ਨਹੀਂ ਸੀ।