ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੁਲਾਈ
ਪੰਜਾਬ ਕਾਂਗਰਸ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਖ਼ਿਲਾਫ਼ ਬਣਾਏ ਜਾ ਰਹੇ ਝੂਠੇ ਕੇਸ ਅਤੇ ਦਿੱਲੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਅੱਜ ਉਨ੍ਹਾਂ ਨੂੰ ਮੁੜ ਤੰਗ ਪ੍ਰੇਸ਼ਾਨ ਕੀਤੇ ਜਾਣ ਖ਼ਿਲਾਫ਼ ਸੱਤਿਆਗ੍ਰਹਿ ਰਾਹੀਂ ਰੋਸ ਪ੍ਰਦਰਸ਼ਨ ਕੀਤਾ। ਇਸ ਵਿਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਰਾਜ ਦੇ ਇਤਿਹਾਸ ਵਿਚ ਪਹਿਲਾਂ ਕਦੇ ਵੀ ਹਾਕਮ ਧਿਰ ਨੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਵਾਰ-ਵਾਰ ਕਹਿੰਦੇ ਹਨ ਕਿ ਉਹ ਕਾਂਗਰਸ ਮੁਕਤ ਭਾਰਤ ਚਾਹੁੰਦੇ ਹਨ, ਜੋ ਹਕੂਮਤ ਦੀ ਤਾਨਾਸ਼ਾਹੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਿੰਨੀ ਅਜਿਹੀ ਕੋਸ਼ਿਸ਼ ਕਰੇਗੀ, ਓਨੀ ਹੀ ਕਾਂਗਰਸ ਮਜ਼ਬੂਤ ਹੋਵੇਗੀ।
ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੀ ਕੇਂਦਰੀ ਹਕੂਮਤ ਦੀ ਤਰਜ਼ ’ਤੇ ਹੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੂਠੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਕਾਂਗਰਸੀ ਵਰਕਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮੌਕੇ ਕਿਹਾ ਕਿ ਭਾਜਪਾ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਤੋਂ ਬਦਲਾ ਲੈਣ ਲਈ ਵੱਖ ਵੱਖ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਲੜਾਈਆਂ ਸਿਆਸੀ ਤੌਰ ’ਤੇ ਹੀ ਲੜੀਆਂ ਜਾਣੀਆਂ ਚਾਹੀਦੀਆਂ ਹਨ। ਅੱਜ ਇਸ ਮੌਕੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਗੁਰਕੀਰਤ ਕੋਟਲੀ, ਕੈਪਟਨ ਸੰਦੀਪ ਸੰਧੂ, ਕੁਲਜੀਤ ਨਾਗਰਾ ਅਤੇ ਮੋਹਿਤ ਮਹਿੰਦਰਾ ਵੀ ਹਾਜ਼ਰ ਸਨ।
ਹਰਿਆਣਾ ਕਾਂਗਰਸ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਹਰਿਆਣਾ ਕਾਂਗਰਸ ਨੇ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿੱਚ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਹਰਿਆਣਾ ਕਾਂਗਰਸ ਦੇ ਸੂਬਾ ਪ੍ਰਧਾਨ ਚੌਧਰੀ ਉਦੈਭਾਨ ਨੇ ਮੋਦੀ ਸਰਕਾਰ ’ਤੇ ਲੋਕਤੰਤਰ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ। ਇਸ ਤੋਂ ਪਹਿਲਾਂ ਹਰਿਆਣਾ ਕਾਂਗਰਸ ਨੇ ਕਾਂਗਰਸੀ ਆਗੂ ਸੋਨੀਆ ਗਾਂਧੀ ਨੂੰ ਈਡੀ ਤੋਂ ਸੰਮਨ ਭੇਜ ਕੇ ਪ੍ਰੇਸ਼ਾਨ ਕੀਤੇ ਜਾਣ ਦੇ ਵਿਰੁੱਧ ਸੈੱਕਟਰ-9 ਸਥਿਤ ਕਾਂਗਰਸ ਭਵਨ ਵਿੱਚ ਸ਼ਾਂਤਮਈ ਢੰਗ ਨਾਲ ਸੱਤਿਆਗ੍ਰਹਿ ਕੀਤਾ।