ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਅਕਤੂਬਰ
ਪੰਜਾਬ ਹਿਤੈਸ਼ੀ ਵੱਖ ਵੱਖ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਵੱਲੋਂ ਪਿੰਡ ਬਚਾਓ-ਪੰਜਾਬ ਬਚਾਓ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਪਹਿਲੀ ਨਵੰਬਰ ਨੂੰ ਅੰਮ੍ਰਿਤਸਰ ਤੋਂ ਕੀਤੀ ਜਾਵੇਗੀ। ਇਹ ਯਾਤਰਾ ਲਗਾਤਾਰ ਤਿੰਨ ਮਹੀਨੇ ਪੰਜਾਬ ਦੇ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਵਿੱਚ ਜਾਵੇਗੀ ਅਤੇ ਲੋਕਾਂ ਨੂੰ ਹੱਕਾਂ, ਪੰਜਾਬੀ ਮਾਂ ਬੋਲੀ, ਕੁਦਰਤੀ ਜੀਵਨ ਅਤੇ ਪੰਜਾਬੀ ਸਭਿਆਚਾਰ ਨੂੰ ਸੁਰਜੀਤ ਕਰਨ ਬਾਰੇ ਜਾਗਰੂਕ ਕਰੇਗੀ। ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਡਾ. ਪਿਆਰਾ ਲਾਲ ਗਰਗ, ਡਾ. ਸ਼ਾਮ ਸੁੰਦਰ ਦੀਪਤੀ ਤੇ ਹੋਰਾਂ ਨੇ ਦਸਿਆ ਕਿ ਇਕ ਨਵੰਬਰ ਨੂੰ ਅਕਾਲ ਤਖ਼ਤ ਵਿੱਚਅਰਦਾਸ ਕੀਤੀ ਜਾਵੇਗੀ ਅਤੇ ਜਲ੍ਹਿਆਂਵਾਲਾ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਇਹ ਕਾਫਲਾ ਕੂਚ ਕਰੇਗਾ। ਪਹਿਲੇ ਪੜਾਅ ਵਿੱਚ ਇੱਕ ਤੋਂ 16 ਨਵੰਬਰ ਤੱਕ ਮਾਝੇ ਦੇ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ. ਗੁਰਦਾਸਪੁਰ. ਪਠਾਨਕੋਟ ਅਤੇ ਤਰਨਤਾਰਨ ਦੇ ਪਿੰਡਾਂ ਜਾਵੇਗਾ ਅਤੇ ਸੱਥਾਂ ਵਿੱਚ ਬੈਠ ਕੇ ਲੋਕਾਂ ਨਾਲ ਸੰਵਾਦ ਰਚਾਇਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਕੇਂਦਰੀਕਰਨ ਦੀ ਨੀਤੀ ਤਹਿਤ ਲੋਕਾਂ ਅਤੇ ਸੂਬਿਆਂ ਦੇ ਹੱਕਾਂ ਤੇ ਛਾਪੇ ਮਾਰੇ ਜਾ ਰਹੇ ਹਨ। ਇਸ ਵੇਲੇ ਪੰਜਾਬ ਆਪਣੀ ਹੋਂਦ ਦੀ ਲੜਾਈ ਨਾਲ ਜੂਝ ਰਿਹਾ ਹੈ। ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਲੜੀ ਜਾ ਰਹੀ ਹੈ। ਇਸ ਕਾਫਲੇ ਦਾ ਰੁੱਖ ਹੋਰ ਸੂਬਿਆਂ ਵੱਲ ਵੀ ਕੀਤਾ ਜਾਵੇਗਾ।