ਸੰਜੀਵ ਬੱਬੀ
ਚਮਕੌਰ ਸਾਹਿਬ, 8 ਨਵੰਬਰ
ਗੌਰਮੈਂਟ ਟੀਚਰਜ਼ ਯੂਨੀਅਨ ਨੇ ਸਕੂਲ ਖੇਡਾਂ ਵਿੱਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਦੀ ਸੂਬਾ ਪੱਧਰੀ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਸ਼ਮੂਲੀਅਤ ਕਰਵਾਉਣ ਦੀ ਮੰਗ ਕੀਤੀ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਇਸ ਵਾਰ ਸਿੱਖਿਆ ਵਿਭਾਗ ਵੱਲੋਂ ਲਾਗੂ ਕੀਤੀਆਂ ਨਵੀਆਂ ਸ਼ਰਤਾਂ ਅਨੁਸਾਰ ਜਿਨ੍ਹਾਂ ਦਾ ਜ਼ਿਲ੍ਹਾ ਪੱਧਰ ਦੇ ਜੇਤੂ ਖਿਡਾਰੀਆਂ ਦਾ ਪ੍ਰਦਰਸ਼ਨ ਪਿਛਲੀਆਂ ਸਕੂਲ ਖੇਡਾਂ ਦੇ ਪਹਿਲੇ ਅੱਠ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀਆਂ ਤੋਂ ਘੱਟ ਹੈ, ਨੂੰ ਅੰਤਰ ਜਿਹੜਾ ਸਕੂਲ ਖੇਡਾਂ ਲਈ ਵਿਚਾਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਵਿਭਾਗ ਦੇ ਅਜਿਹੇ ਆਦੇਸ਼ ਕਾਰਨ ਜਿੱਥੇ ਜ਼ਿਲ੍ਹਾ ਪੱਧਰ ਦੇ ਜੇਤੂ ਖਿਡਾਰੀਆਂ ਵਿੱਚ ਨਿਰਾਸ਼ਾ ਫੈਲ ਗਈ ਹੈ, ਉੱਥੇ ਭਵਿੱਖ ਵਿੱਚ ਸਕੂਲ ਖੇਡਾਂ ਵਿੱਚ ਵਿਦਿਆਰਥੀਆਂ ਦੀ ਭਾਗੀਦਾਰੀ ਅਤੇ ਉਤਸ਼ਾਹ ਵਿੱਚ ਘਾਟ ਹੋਣ ਦੀ ਸੰਭਾਵਨਾ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਰੀਏ ਪੰਜਾਬ ਨੂੰ ਮੁੜ ਖੇਡਾਂ ਵੱਲ ਜੋੜਨ ਲਈ ਯਤਨਸ਼ੀਲ ਹੋਣ ਦਾ ਦਾਅਵਾ ਕਰ ਰਹੀ ਹੈ ਤੇ ਦੂਜੇ ਪਾਸੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਜੇਤੂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਭਾਗ ਲੈਣ ਤੋਂ ਵਾਂਝੇ ਰਹਿ ਰਹੇ ਹਨ।