ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਦਸੰਬਰ
ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਹੁਣ ‘ਏਕ ਓਂਕਾਰ’ ਅਤੇ ਖੰਡੇ ਦੇ ਨਿਸ਼ਾਨ ਵਾਲੀ ਸ਼ਾਲ ਜਾਂ ਲੋਈ ਲੈਣ ਕਾਰਨ ਵਿਵਾਦਾਂ ’ਚ ਘਿਰ ਗਏ ਹਨ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਵਿਧਾਇਕ ਨੂੰ ਹੋਈ ਗਲਤੀ ਲਈ ਸਿੱਖ ਜਗਤ ਕੋਲੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਅੱਜ ਸਿੱਖ ਜਥੇਬੰਦੀ ‘ਸਿੱਖ ਯੂਥ ਪਾਵਰ ਆਫ ਪੰਜਾਬ’ ਨੇ ਇਸ ਸਬੰਧੀ ਅਕਾਲ ਤਖ਼ਤ ਦੇ ਸਕੱਤਰੇਤ ਵਿਚ ਸ਼ਿਕਾਇਤ ਪੱਤਰ ਦਿੱਤਾ। ਜਥੇਬੰਦੀ ਨੇ ਪੁਲੀਸ ਕਮਿਸ਼ਨਰੇਟ ਕੋਲ ਵੀ ਕਾਰਵਾਈ ਲਈ ਸ਼ਿਕਾਇਤ ਕੀਤੀ ਹੈ।
ਦੱਸਣਯੋਗ ਹੈ ਕਿ ਨਵਜੋਤ ਸਿੱਧੂ ਦੀ ਇਕ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ, ਜਿਸ ਵਿਚ ਉਨ੍ਹਾਂ ਇਕ ਸ਼ਾਲ ਜਾਂ ਲੋਈ ਲਈ ਹੋਈ ਹੈ। ਇਸ ਉਪਰ ‘ਏਕ ਓਂਕਾਰ’ ਅਤੇ ਖੰਡਾ ਅੰਕਿਤ ਹੈ। ਇਹ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਇਸ ਬਾਰੇ ਸ੍ਰੀ ਅਕਾਲ ਤਖ਼ਤ ’ਤੇ ਉਨ੍ਹਾਂ ਖ਼ਿਲਾਫ਼ ਸ਼ਿਕਾਇਤਾਂ ਪੁੱਜੀਆਂ ਹਨ ਤੇ ਕਾਰਵਾਈ ਮੰਗੀ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਵਿਧਾਇਕ ਦੀ ਇਸ ਕਾਰਵਾਈ ਨਾਲ ਸਿੱਖ ਹਿਰਦਿਆਂ ਨੂੰ ਭਾਰੀ ਠੇਸ ਪੁੱਜੀ ਹੈ। ਉਨ੍ਹਾਂ ਇਸ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਵਿਧਾਇਕ ਨੂੰ ਸਿੱਖ ਜਗਤ ਕੋਲੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਕਿ ਇਕ ਸਿੱਖ ਹੋਣ ਦੇ ਨਾਤੇ ਉਸ ਨੂੰ ਇਹ ਪਤਾ ਹੋਣਾ ਚਾਹੀਦਾ ਸੀ ਕਿ ਅਜਿਹਾ ਕਰਨਾ ਸਿੱਖ ਧਰਮ ਦੀ ਮਰਿਆਦਾ ਦੇ ਵਿਰੁੱਧ ਹੈ। ਸਿੱਖ ਜਥੇਬੰਦੀ ‘ਸਿੱਖ ਯੂਥ ਪਾਵਰ ਆਫ ਪੰਜਾਬ’ ਦੇ ਮੁਖੀ ਪਰਮਜੀਤ ਸਿੰਘ ਅਕਾਲੀ ਦੀ ਅਗਵਾਈ ਹੇਠ ਸਿੱਖ ਨੌਜਵਾਨਾਂ ਨੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਲਈ ਸ਼ਿਕਾਇਤ ਪੱਤਰ ਦਿੱਤਾ ਹੈ। ਆਪਣੇ ਪੱਤਰ ਵਿਚ ਉਨ੍ਹਾਂ ਲਿਖਿਆ ਕਿ ਸਿਆਸੀ ਸ਼ਖ਼ਸੀਅਤ ਨਵਜੋਤ ਸਿੱਧੂ ਨੇ ਅਜਿਹਾ ਕਰਕੇ ਗੁਰਬਾਣੀ ਅਤੇ ਸਿੱਖ ਚਿੰਨ੍ਹਾਂ ਦੀ ਬੇਅਦਬੀ ਕੀਤੀ ਹੈ। ਉਸ ਦੀ ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਉਲੰਘਣਾ ਹੈ ਤੇ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਉਨ੍ਹਾਂ ਕਿਹਾ ਕਿ ਵਿਧਾਇਕ ਨੂੰ ਦੇਖ ਕੇ ਹੋਰ ਵੀ ਅਜਿਹਾ ਕਰਨਗੇ, ਜੋ ਕਿ ਮੰਦਭਾਗਾ ਹੈ। ਜਥੇਬੰਦੀ ਨੇ ਡੀਸੀਪੀ ਨੂੰ ਵੀ ਸ਼ਿਕਾਇਤ ਕੀਤੀ ਹੈ ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕਾਰਵਾਈ ਦੀ ਅਪੀਲ ਕੀਤੀ ਹੈ। ਇਸ ਬਾਰੇ ਨਵਜੋਤ ਸਿੰਘ ਸਿੱਧੂ ਨਾਲ ਸੰਪਰਕ ਨਹੀਂ ਹੋ ਸਕਿਆ ਹੈ। ਉਨ੍ਹਾਂ ਦੇ ਦਫ਼ਤਰ ਅਤੇ ਦਫ਼ਤਰ ਦੇ ਕਰਮਚਾਰੀਆਂ ਨੇ ਵੀ ਇਨ੍ਹਾਂ ਦੋਸ਼ਾਂ ਬਾਰੇ ਸ੍ਰੀ ਸਿੱਧੂ ਦੇ ਹਵਾਲੇ ਨਾਲ ਕੋਈ ਹੁੰਗਾਰਾ ਨਹੀਂ ਦਿੱਤਾ। ਦੱਸਣਯੋਗ ਹੈ ਕਿ ਸ੍ਰੀ ਸਿੱਧੂ ਨੇ ਲੰਮੇ ਸਮੇਂ ਤੋਂ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ।