ਡਾ.ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 25 ਦਸੰਬਰ
ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਦੀ ਯਾਦ ਵਿੱਚ ਇਥੋਂ ਦੀ ਪਵਿੱਤਰ ਧਰਤੀ ‘ਤੇ ਸ਼ਹੀਦੀ ਸਭਾ ਦੀ ਅੱਜ ਸ਼ੁਰੂ ਹੋ ਗਈ। ਇਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੇ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ਼ਹੀਦਾਂ ਦੀ ਯਾਦ ‘ਚ ਜੁੜੀ ਸ਼ਹੀਦੀ ਸਭਾ ਦੇ ਪਹਿਲੇ ਦਿਨ ਦੇਸ਼-ਵਿਦੇਸ਼ਾਂ ਤੋਂ ਪੁੱਜੇ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਅੰਤਿਮ ਸਸਕਾਰ ਵਾਲੇ ਪਵਿੱਤਰ ਅਸਥਾਨ ‘ਤੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅੱਜ ਸਵੇਰੇ ਗੁਰੂ ਗ੍ਰੰਥ ਸਾਹਿਬ ਦੇ ਆਖੰਡ ਪਾਠ ਸਾਹਿਬ ਦੀ ਅਰਭੰਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਸੰਗਤ ਨੂੰ ਅਪੀਲ ਕੀਤੀ ਕਿ ਇਸ ਵਾਰ ਸ਼ਹੀਦੀ ਸਭਾ ਮੌਕੇ ਕੋਵਿਡ-19 ਦੀ ਚੁਣੌਤੀ ਦਰਪੇਸ਼ ਹੈ, ਇਸ ਲਈ ਸਮੂਹ ਸੰਗਤ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਮਾਸਕ ਪਾਉਣ ਸਮੇਤ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾਂ ਕਰਨੀ ਯਕੀਨੀ ਬਣਾਵੇ।