ਡਾ. ਹਿਮਾਂਸ਼ੂ ਸੂਦ/ਅਜੈ ਮਲਹੋਤਰਾ
ਫ਼ਤਹਿਗੜ੍ਹ ਸਾਹਿਬ, 25 ਦਸੰਬਰ
ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਅੱਜ ਇੱਥੇ ਤਿੰਨ ਰੋਜ਼ਾ ਸਹੀਦੀ ਸਭਾ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਆਰੰਭ ਹੋਣ ਨਾਲ ਸ਼ੁਰੂ ਹੋਈ। ਇਸ ਮੌਕੇ ਆਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕੀਤੀ। ਧਾਰਮਿਕ ਰਵਾਇਤਾਂ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਈ ਸ਼ਹੀਦੀ ਸਭਾ ਦੇ ਪਹਿਲੇ ਦਿਨ ਦੇਸ਼-ਵਿਦੇਸ਼ਾਂ ਤੋਂ ਪੁੱਜੇ ਲੱਖਾਂ ਸ਼ਰਧਾਲੂਆਂ ਨੇ ਇੱਥੇ ਇਤਿਹਾਸਿਕ ਗੁਰਦੁਆਰਿਆਂ ਵਿਖੇ ਮੱਥਾ ਟੇਕਿਆ। ਸ਼ਹੀਦੀ ਸਭਾ ਦੇ ਮੱਦੇਨਜ਼ਰ ਫ਼ਤਹਿਗੜ੍ਹ ਸਾਹਿਬ ਨੂੰ ਜਾਂਦੀ ਹਰ ਸੜਕ ਉੱਪਰ ਸ਼ਰਧਾਲੂਆਂ ਵੱਲੋਂ ਲੰਗਰ ਲਗਾਏ ਹੋਏ ਹਨ।
ਗੁਰਦੁਆਰਾ ਸ੍ਰੀ ਜੋਤੀ ਸਰੂਪ ਅਖੰਡ ਪਾਠ ਦੀ ਆਰੰਭਤਾ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਮੈਂਬਰ ਕਰਨੈਲ ਸਿੰਘ ਪੰਜੋਲੀ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਰਵਿੰਦਰ ਸਿੰਘ ਖ਼ਾਲਸਾ, ਅਵਤਾਰ ਸਿੰਘ ਰਿਆ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਐੱਸ.ਡੀ.ਐੱਮ. ਡਾ. ਸੰਜੀਵ ਕੁਮਾਰ, ਐੱਸ.ਡੀ.ਐੱਮ. ਬਸੀ ਪਠਾਣਾਂ ਜਸਪ੍ਰੀਤ ਸਿੰਘ, ਤਹਿਸੀਲਦਾਰ ਗੁਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਜਨਰਲ ਪ੍ਰਬੰਧਕ ਭਗਵੰਤ ਸਿੰਘ ਧੰਗੇੜਾ, ਸਤਨਾਮ ਸਿੰਘ ਰਿਆੜ, ਅਵਤਾਰ ਸਿੰਘ ਸੈਂਪਲਾ ਅਤੇ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਆਦਿ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਸੰਗਤ ਨੂੰ ਅਪੀਲ ਕੀਤੀ ਕਿ ਇਸ ਵਾਰ ਸ਼ਹੀਦੀ ਸਭਾ ਮੌਕੇ ਕੋਵਿਡ-19 ਦੀ ਚੁਣੌਤੀ ਦਰਪੇਸ਼ ਹੈ, ਇਸ ਲਈ ਸਮੂਹ ਸੰਗਤ ਕਰੋਨਾਵਾਇਰਸ ਮਹਾਮਾਰੀ ਤੋਂ ਬਚਾਅ ਲਈ ਮਾਸਕ ਪਾਉਣ ਸਮੇਤ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਵੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਦੇਸ਼ਾਂ ’ਚ ਕੋਵਿਡ ਦੇ ਨਵੇਂ ਰੂਪ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਸ਼ਹੀਦੀ ਸਭਾ ’ਚ ਵੀ ਕੋਵਿਡ-19 ਦੀ ਟੈਸਟਿੰਗ ਕਰਨ ਅਤੇ ਮਾਸਕ ਆਦਿ ਵੰਡਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਸ ਕਿਸੇ ਨੂੰ ਕੋਵਿਡ ਦੇ ਲੱਛਣ ਨਜ਼ਰ ਆਉਣ ਤਾਂ ਉਹ ਟੈਸਟ ਕਰਵਾਉਣ ’ਚ ਹਿਚਕਿਚਾਹਟ ਨਾ ਦਿਖਾਵੇ।
ਪ੍ਰਬੰਧਕਾਂ ਨੇ ਦੱਸਿਆ ਕਿ 27 ਦਸੰਬਰ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਪੈਣਗੇ ਅਤੇ ਉਸੇ ਦਿਨ ਨਗਰ ਕੀਰਤਨ ਨਾਲ ਸਮਾਪਤੀ ਹੋਵੇਗੀ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਦੱਸਿਆ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖ ਕੇ 28 ਦਸੰਬਰ ਨੂੰ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੁਰਾਤਨ ਰਵਾਇਤਾਂ ਮੁਤਾਬਕ ਖਾਲਸਾਈ ਮਹੱਲਾ ਸਜਾਇਆ ਜਾਵੇਗਾ। ਇਸੇ ਦੌਰਾਨ ਅੱਜ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਅਤੇ ਬਾਬਾ ਗਾਜੀ ਦਾਸ ਕਲੱਬ ਰੋਪੜ ਵੱਲੋਂ ਸੰਗਤ ਦੀ ਸਹੂਲਤ ਲਈ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਅਤੇ ਖ਼ੂਨਦਾਨ ਕੈਂਪ ਲਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ।