ਗੁਰਪ੍ਰੀਤ ਸਿੰਘ
ਘਨੌਰ, 2 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੰਭੂ ਬੈਰੀਅਰ ’ਤੇ ਅਕਾਲੀ ਦਲ (ਅ) ਦੇ ਕਿਸਾਨ ਵਿੰਗ ਵੱਲੋਂ ਆਗੂ ਲਖਵੀਰ ਸਿੰਘ ਸੌਟੀ, ਜਗਜੀਤ ਸਿੰਘ ਖਾਲਸਾ ਆਦਿ ਦੀ ਅਗਵਾਈ ਹੇਠ ਪਿਛਲੇ ਕਰੀਬ ਦੋ ਮਹੀਨੇ ਤੋਂ ਜਾਰੀ ਕਿਸਾਨ ਮੋਰਚੇ ਦੇ ਟੈਂਟ ਅਤੇ ਯੂਨੀਅਨ ਵੱਲੋਂ ਉੱਥੇ ਲਗਾਏ ਗਏ ਨਿਸ਼ਾਨ ਸਾਹਿਬ ਨੂੰ ਪੁਲੀਸ ਪ੍ਰਸ਼ਾਸਨ ਨੇ ਹਟਾ ਕੇ ਧਰਨੇ ਵਿੱਚ ਮੌਜੂਦ ਕਿਸਾਨ ਯੂਨੀਅਨ ਦੇ ਅੱਧੀ ਦਰਜਨ ਤੋਂ ਵੱਧ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਅੱਜ ਕੀਤੀ ਗਈ ਕਾਰਵਾਈ ਦੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ ਅਤੇ ਜਗਜੀਤ ਸਿੰਘ ਖਾਲਸਾ ਨੇ ਨਿਖੇਧੀ ਕਰਦਿਆਂ ਆਖਿਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਯੂਨੀਅਨ ਦੇ ਕਾਰਕੁਨਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਗ਼ੈਰ-ਲੋਕਤੰਤਰੀ ਅਤੇ ਗ਼ੈਰਕਾਨੂੰਨੀ ਹੈ ਕਿਉਂਕਿ ਸ਼ਾਂਤੀਪੂਰਵਕ ਢੰਗ ਨਾਲ ਰੋਸ ਪ੍ਰਗਟ ਕਰਨ ਦਾ ਹਰੇਕ ਵਿਅਕਤੀ ਨੂੰ ਅਧਿਕਾਰ ਹੈ। ਉਹ ਇਸ ਕਾਰਵਾਈ ਖ਼ਿਲਾਫ਼ ਕਾਨੂੰਨੀ ਚਾਰਾਜੋਈ ਕਰਨਗੇ। ਇਸ ਸੰਬਧੀ ਡੀਐੱਸਪੀ ਘਨੌਰ ਜਸਵਿੰਦਰ ਸਿੰਘ ਟਿਵਾਣਾ ਨੇ ਆਖਿਆ ਕਿ ਨੈਸ਼ਲਲ ਹਾਈਵੇਅ ਅਥਾਰਿਟੀ ਆਫ ਇੰਡੀਆ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ (ਅ) ਦੀ ਕਿਸਾਨ ਯੂਨੀਅਨ ਦੇ ਕੁਝ ਕਾਰਕੁਨਾਂ ਖ਼ਿਲਾਫ਼ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਸ਼ਿਕਾਇਤ ਕੀਤੀ ਸੀ। ਇਸ ਸੰਬਧੀ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਅੱਜ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਅਤੇ ਮੌਕੇ ’ਤੇ ਮੌਜੂਦ ਕਿਸਾਨ ਯੂਨੀਅਨ ਦੇ 7 ਕਾਰਕੁਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।