ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਜੂਨ
ਪੰਜਾਬ ਸਰਕਾਰ ਵਲੋਂ ਸਿਆਸੀ ਰੰਜਿਸ਼ ਤਹਿਤ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ ਕੱਟੇ ਗਏ ਨੀਲੇ ਕਾਰਡਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਲੜਾਈ ਲੜੇਗਾ। ਨੀਲੇ ਕਾਰਡ ਕੱਟਣ ਵਿਰੁੱਧ ਦਲ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ। ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਕੋਰ ਕਮੇਟੀ ਮੈਂਬਰ ਬਲਦੇਵ ਸਿੰਘ ਮਾਨ ਅਤੇ ਬਾਬੂ ਪ੍ਰਕਾਸ਼ ਚੰਦ ਗਰਗ ਵਲੋਂ ਇਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿਚੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਦੇ 25 ਫੀਸਦੀ ਨੀਲੇ ਕਾਰਡ ਕੱਟ ਦਿੱਤੇ ਹਨ ਅਤੇ ਜ਼ਿਲ੍ਹੇ ਦੇ ਹਰ ਹਲਕੇ ਵਿਚੋਂ ਕਰੀਬ ਚਾਰ ਤੋਂ ਪੰਜ ਹਜ਼ਾਰ ਨੀਲੇ ਕਾਰਡ ਹੋਲਡਰਾਂ ਦੇ ਨਾਮ ਕੱਟੇ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵਲੋਂ ਸਿਆਸੀ ਰੰਜਿਸ਼ ਤਹਿਤ ਗਰੀਬ ਪਰਿਵਾਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।