ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਮਾਰਚ
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਰਵਾਇਤੀ ਸਿਆਸੀ ਪਾਰਟੀਆਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਛੱਡ ਕੇ ਬਾਕੀ ਧਿਰਾਂ ਨਾਲ ਸੂਬੇ ਵਿੱਚ ਤੀਜਾ ਫਰੰਟ ਬਣਾਉਣ ਦੀ ਹਮਾਇਤ ਕੀਤੀ ਹੈ। ਇਹ ਪ੍ਰਗਟਾਵਾ ਅੱਜ ਇਥੇ ਪਾਰਟੀ ਦੀ ਕੋਰ ਕਮੇਟੀ, ਅਹੁਦੇਦਾਰਾਂ ਅਤੇ ਜ਼ਿਲ੍ਹਾ ਜਥੇਦਾਰਾਂ ਦੀ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ। ਉਨ੍ਹਾਂ ਮੀਟਿੰਗ ਮਗਰੋਂ ਮੀਡੀਆ ਨੂੰ ਦੱਸਿਆ ਕਿ ਅੱਜ ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਹੋਇਆ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਹੋਰ ਹਮਖਿਆਲੀ ਪਾਰਟੀਆਂ, ਜੋ ਇਨ੍ਹਾਂ ਦਾ ਵਿਰੋਧ ਕਰਦੀਆਂ ਹਨ, ਨਾਲ ਇਕੱਠੇ ਹੋ ਕੇ ਤੀਜਾ ਫਰੰਟ ਬਣਾਉਣ ਦੀ ਹਮਾਇਤ ਕੀਤੀ ਜਾਵੇਗੀ। ਇਸ ਸਬੰਧੀ ਵੱਖ ਵੱਖ ਪਾਰਟੀਆਂ ਦੇ ਆਗੂਆਂ ਨਾਲ ਗੈਰ-ਰਸਮੀ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਉਨ੍ਹਾਂ ਦੇ ਨਿਰੰਤਰ ਸੰਪਰਕ ਵਿੱਚ ਹਨ। ਬ੍ਰਹਮਪੁਰਾ ਨੇ ਦੱਸਿਆ ਕਿ ਪਾਰਟੀ ਦੀ ਨੀਤੀ ਅਤੇ ਪੰਜਾਬ ਦੇ ਮਸਲਿਆਂ ’ਤੇ ਵਿਚਾਰ ਕਰਨ ਲਈ 21 ਮਾਰਚ ਨੂੰ ਤਰਨ ਤਾਰਨ ਜ਼ਿਲ੍ਹੇ ਵਿੱਚ ਇਕ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ, ਸ਼੍ਰੋਮਣੀ ਕਮੇਟੀ ਚੋਣਾਂ ਅਤੇ ਹੋਰ ਮਸਲਿਆਂ ਸਬੰਧੀ ਵਿਚਾਰ ਚਰਚਾ ਹੋਵੇਗੀ। ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਵੀ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਹਾਕਮ ਕਾਂਗਰਸ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੀ ਲੋਕ ਦੇਖ ਚੁੱਕੇ ਹਨ, ਇਸ ਵੇਲੇ ਲੋਕ ਤੀਜਾ ਫਰੰਟ ਚਾਹੁੰਦੇ ਹਨ। ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਸ੍ਰੀ ਬ੍ਰਹਮਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ’ਤੇ ਜਬਰੀ ਖੇਤੀ ਕਾਨੂੰਨ ਥੋਪ ਰਹੀ ਹੈ, ਜਦੋਂਕਿ ਕਿਸਾਨ ਇਸ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕਿਸਾਨ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਖੇਤੀ ਕਾਨੂੰਨ ਵਾਪਸ ਲਏ ਜਾਣ। ਉਨ੍ਹਾਂ ਨਾਰਾਜ਼ਗੀ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨੂੰ ਵੀ ਬੇਲੋੜਾ ਲਟਕਾਇਆ ਜਾ ਰਿਹਾ ਹੈ, ਜਦੋਂਕਿ ਇਹ ਚੋਣਾਂ ਵੀ ਬਾਕੀ ਚੋਣਾਂ ਵਾਂਗ ਪੰਜ ਸਾਲ ਬਾਅਦ ਹੋਣੀਆਂ ਚਾਹੀਦੀਆਂ ਹਨ।
ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ, ਮਨਮੋਹਨ ਸਿੰਘ ਸਠਿਆਲਾ, ਮੱਖਣ ਸਿੰਘ ਨੰਗਲ, ਮਹਿੰਦਰ ਸਿੰਘ ਹੁਸੈਨਪੁਰ, ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਪ੍ਰੀਤ ਸਿੰਘ ਕਲਕੱਤਾ ਹਾਜ਼ਰ ਸਨ।