ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਜੁਲਾਈ
ਸ਼੍ਰੋਮਣੀ ਕਮੇਟੀ ਨੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸੰਸਥਾਂ ਦੇ ਪ੍ਰਬੰਧ ਹੇਠਲੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਚ ਸਸਤੀਆਂ ਦਵਾਈਆਂ ਦੇ ਸਟੋਰ ਅਤੇ ਟੈਸਟ ਲੈਬ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਇਥੇ ਸਿੱਖ ਸੰਸਥਾ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿੱਖ ਸੰਸਥਾ ਦਾ ਮੰਤਵ ਬਿਨਾਂ ਲਾਭ-ਹਾਨੀ ਦੇ ਲੋੜਵੰਦਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣਾ ਹੈ। ਅੰਤ੍ਰਿੰਗ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭਣ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਵਿਚ ਸਮਾਗਮ ਕੀਤੇ ਜਾਣਗੇ।