ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 18 ਜੁਲਾਈ
ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਦਿਨ ਦੀ ਤਨਖਾਹ ਦੇਣ ਦਾ ਫ਼ੈਸਲਾ ਕੀਤਾ ਹੈ। ਇਸੇ ਤਰ੍ਹਾਂ ਸਿੱਖ ਸੰਸਥਾ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਨੇ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਹੈ ਅਤੇ ਸਿੱਖ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ 1 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਇਕ ਖਾਤਾ ਨੰਬਰ ਜਨਤਕ ਕਰ ਕੇ ਸੰਗਤ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇਕ ਦਿਨ ਦੀ ਤਨਖਾਹ ਦੇਣ ਦੀ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਮੁਲਾਜ਼ਮਾਂ ਵੱਲੋਂ ਲਏ ਫ਼ੈਸਲੇ ਨੂੰ ਮਾਨਵ ਹਿੱਤਕਾਰੀ ਕਰਾਰ ਦਿੱਤਾ। ਇਸੇ ਦੌਰਾਨ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਪ੍ਰਧਾਨ ਧਾਮੀ ਨੇ ਸਮੂਹ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ।