ਰਾਮਪੁਰਾ ਫੂਲ (ਪੱਤਰ ਪ੍ਰੇਰਕ): ਹਲਕਾ ਮੌੜ ਤੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸੀਨੀਅਰ ਮੈਂਬਰ ਜਥੇਦਾਰ ਗੁਰਤੇਜ ਸਿੰਘ ਢੱਡੇ (75) ਜੋ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਦਾ ਅੱਜ ਬਠਿੰਡਾ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਇਸ ਕਾਰਨ ਹਲਕਾ ਮੌੜ ਸਮੇਤ ਜ਼ਿਲ੍ਹਾ ਬਠਿੰਡਾ ਵਿੱਚ ਸੋਗ ਦੀ ਲਹਿਰ ਫੈਲ ਗਈ। ਜ਼ਿਕਰਯੋਗ ਹੈ ਕਿ ਜਥੇਦਾਰ ਗੁਰਤੇਜ ਢੱਡੇ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਤੇ ਪਾਰਟੀ ਵਿਚ ਵੱਡੇ ਅਹੁਦਿਆਂ ’ਤੇ ਵੀ ਰਹੇ। ਉਨ੍ਹਾਂ ਜੇਲ੍ਹ ਵੀ ਕੱਟੀ। ਇਸੇ ਦੌਰਾਨ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਤੇਜ ਸਿੰਘ ਢੱਡੇ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਪ੍ਰਗਟ ਕੀਤਾ ਹੈ। ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਜ ਅੱਧੇ ਦਿਨ ਲਈ ਬੰਦ ਕਰ ਦਿੱਤੇ ਗਏ।