ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਜੁਲਾਈ
ਗੁਰੂ ਸਾਹਿਬਾਨ, ਗੁਰਧਾਮਾਂ ਅਤੇ ਸਿੱਖਾਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਅਤੇ ਸਿੱਖ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਤੇ ਹਿੰਦੂ ਦੇਵੀ ਦੇਵਤਿਆਂ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਸਿੱਖ ਆਗੂ ਭੁਪਿੰਦਰ ਸਿੰਘ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਅਤੇ ਫੈਡਰੇਸ਼ਨ ਆਗੂਆਂ ਨੇ ਵੀ ਸ਼ਿਵ ਸੈਨਾ ਆਗੂ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ ਸੌਂਪੀ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਕੁਝ ਸਿੱਖ ਜਥੇਬੰਦੀਆਂ ਨੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਖ਼ਿਲਾਫ਼ ਪੁਲੀਸ ਥਾਣਾ ਬੀ ਡਿਵੀਜ਼ਨ ਕੋਲ ਸ਼ਿਕਾਇਤ ਕੀਤੀ ਸੀ, ਜਿਸ ਦੇ ਆਧਾਰ ’ਤੇ ਪੁਲੀਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਇਸੇ ਮਾਮਲੇ ਵਿੱਚ ਅੱਜ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤ ਕਰਤਾ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਦੱਸਿਆ ਕਿ ਸ਼ਿਵ ਸੈਨਾ ਆਗੂ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਰੋਪੜ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਉਸ ਦੇ ਸਾਥੀ ਅਰੁਣ ਕੁਮਾਰ ਤੇ ਹੋਰਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ ਤੇ ਉਨ੍ਹਾਂ ਨੂੰ ਦਿੱਤੀ ਸਰਕਾਰੀ ਸੁਰੱਖਿਆ ਵਾਪਸ ਲਈ ਜਾਵੇ।
ਇਸ ਤਰ੍ਹਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਸਿੱਖ ਆਗੂ ਭੁਪਿੰਦਰ ਸਿੰਘ ਨੂੰ ਵੀ ਪੁਲੀਸ ਨੇ ਗ੍ਰਿਫ਼ਤਾਰੀ ਮਗਰੋਂ ਗੁਰਦਾਸਪੁਰ ਜੇਲ੍ਹ ਭੇਜ ਦਿੱਤਾ ਹੈ। ਫੈਡਰੇਸ਼ਨ ਆਗੂ ਭਾਈ ਰਣਜੀਤ ਸਿੰਘ ਨੇ ਦੋਸ਼ ਲਾਇਆ ਕਿ ਭੁਪਿੰਦਰ ਸਿੰਘ ਨੂੰ ਆਪਣੇ ਪਰਿਵਾਰ ਨਾਲ ਵੀ ਨਹੀਂ ਮਿਲਣ ਦਿੱਤਾ ਗਿਆ।