ਪੱਤਰ ਪ੍ਰੇਰਕ
ਤਰਨ ਤਾਰਨ, 7 ਮਾਰਚ
ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ (ਕੇਐੱਮਓ) ਅਤੇ ਹੋਰ ਸਿੱਖ ਜਥੇਬੰਦੀਆਂ ਨੇ ਅੱਜ ਇੱਥੇ ਜਸਵੰਤ ਸਿੰਘ ਖਾਲੜਾ ਬਾਰੇ ਬਣਾਈ ਜਾ ਰਹੀ ਫ਼ਿਲਮ ਦੀ ਸ਼ੂਟਿੰਗ ਰੁਕਵਾ ਦਿੱਤੀ। ਫਿਲਮ ਕੰਪਨੀ ਦੇ ਅਧਿਕਾਰੀ ਆਪਣੇ ਵੱਡੀ ਗਿਣਤੀ ਮੁਲਾਜ਼ਮਾਂ ਨੂੰ ਲੈ ਕੇ ਇੱਥੋਂ ਦੇ ਪੁਰਾਣਾ ਸਿਟੀ ਥਾਣਾ ਵਿੱਚ ਅੱਜ ਸਵੇਰ ਵੇਲੇ ਫ਼ਿਲਮ ਦੀ ਸ਼ੂਟਿੰਗ ਕਰਨ ਦੀਆਂ ਤਿਆਰੀਆਂ ਕਰ ਰਹੇ ਸਨ ਤਾਂ ਕੇਐੱਮਓ ਸਮੇਤ ਹੋਰਨਾਂ ਸਿੱਖ ਜਥੇਬੰਦੀਆਂ ਦੇ ਆਗੂ ਰਮਨਦੀਪ ਸਿੰਘ ਸਰਹਾਲੀ, ਸਤਵਿੰਦਰ ਸਿੰਘ ਪਲਾਸੌਰ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਕਾਬਲ ਸਿੰਘ, ਪ੍ਰਵੀਨ ਕੁਮਾਰ, ਬਾਬਾ ਦਰਸ਼ਨ ਸਿੰਘ, ਗੁਰਬਚਨ ਸਿੰਘ ਆਦਿ ਮੌਕੇ ’ਤੇ ਆ ਗਏ। ਆਗੂਆਂ ਨੇ ਫ਼ਿਲਮ ਦੀ ਸ਼ੂਟਿੰਗ ’ਤੇ ਇਤਰਾਜ਼ ਜ਼ਾਹਿਰ ਕੀਤਾ ਤੇ ਕਿਹਾ ਕਿ ਉਹ ਜਸਵੰਤ ਸਿੰਘ ਖਾਲੜਾ ਦੀ ਨਕਲ ਕਰਨ ਦੀ ਆਗਿਆ ਕਿਸੇ ਨੂੰ ਨਹੀਂ ਦੇ ਸਕਦੇ। ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦਾਂ ਬਾਰੇ ਫ਼ਿਲਮਾਂ ਬਣਾਉਣ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।