ਦਵਿੰਦਰ ਪਾਲ
ਚੰਡੀਗੜ੍ਹ, 21 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ’ਤੇ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਤੇ ਅਨੁਸ਼ਾਸਨਹੀਣਤਾ ਦੇ ਦੋਸ਼ ਲਾਉਂਦਿਆਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਇਹ ਨੋਟਿਸ ਜਾਰੀ ਕਰਦਿਆਂ ਸ੍ਰੀ ਬਰਾੜ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਸਬੰਧੀ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਜਵਾਬ ਨਾ ਦਿੱਤਾ ਗਿਆ ਤਾਂ ਸ੍ਰੀ ਬਰਾੜ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵੀ ਹੋ ਸਕਦੀ ਹੈ। ਇਸ ਨੋਟਿਸ ਵਿੱਚ ਸਾਬਕਾ ਸੰਸਦ ਮੈਂਬਰ ਖ਼ਿਲਾਫ਼ ਤਿੰਨ ਸ਼ਿਕਾਇਤਾਂ ਦਾ ਜ਼ਿਕਰ ਕੀਤਾ ਗਿਆ ਹੈ। ਪਹਿਲੀ ਸ਼ਿਕਾਇਤ ਵਿੱਚ ਮੌੜ ਹਲਕੇ ਦੇ ਪਾਰਟੀ ਵਰਕਰਾਂ ਵੱਲੋਂ ਸ੍ਰੀ ਬਰਾੜ ’ਤੇ ਬੇਲੋੜੀ ਬਿਆਨਬਾਜ਼ੀ ਕਰਕੇ ਪਾਰਟੀ ਦੇ ਅਕਸ ਨੂੰ ਢਾਹ ਲਾਉਣ ਦੀ ਗੱਲ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਵੀਡੀਓ ਬਿਆਨਾਂ ਦਾ ਵੀ ਨੋਟਿਸ ਲਿਆ ਗਿਆ ਹੈ, ਜਿਸ ਵਿੱਚ ਸੋਸ਼ਲ ਮੀਡੀਆ ’ਤੇ ਧੜੇਬੰਦੀ ਨੂੰ ਉਤਸ਼ਾਹਿਤ ਕਰਨ ਅਤੇ ਪਾਰਟੀ ਵਿੱਚ ਵੰਡੀਆਂ ਪਾਉਣ ਦੀ ਸ਼ਿਕਾਇਤ ਮਿਲੀ ਹੈ। ਇਸ ਤੋਂ ਇਲਾਵਾ ਪਾਰਟੀ ਨੇ ਜਗਮੀਤ ਬਰਾੜ ਵੱਲੋਂ 10 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਸੱਦੀ ਪ੍ਰੈੱਸ ਕਾਨਫਰੰਸ ਦਾ ਵੀ ਨੋਟਿਸ ਲਿਆ ਹੈ, ਜਿਸ ਵਿੱਚ ਉਨ੍ਹਾਂ ਨੇ ਖ਼ੁਦ ਨੂੰ 21 ਮੈਂਬਰੀ ਤਾਲਮੇਲ ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਹੈ, ਜਦਕਿ ਪਾਰਟੀ ਵੱਲੋਂ ਇਸ ਸਬੰਧੀ ਕੋਈ ਹਾਮੀ ਨਹੀਂ ਭਰੀ ਗਈ ਸੀ। ਜ਼ਿਕਰਯੋਗ ਹੈ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੂੰ ਮਿਲੀ ਕਰਾਰੀ ਹਾਰ ਮਗਰੋਂ ਜਗਮੀਤ ਬਰਾੜ ਵੱਲੋਂ ਮੀਡੀਆ ਸਾਹਮਣੇ ਕੀਤੀ ਗਈ ਬਿਆਨਬਾਜ਼ੀ ਦਾ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਇਸ ਦੌਰਾਨ ਬਾਦਲ ਪਰਿਵਾਰ ਨਾਲ ਨਾਰਾਜ਼ ਆਗੂਆਂ ਵੱਲੋਂ ਮੀਟਿੰਗਾਂ ਵੀ ਕੀਤੀਆਂ ਗਈਆਂ, ਜਿਸ ਮਗਰੋਂ ਪਾਰਟੀ ਨੇ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰਦਿਆਂ ਪਾਰਟੀ ਖਿਲਾਫ਼ ਬੋਲਣ ਵਾਲਿਆਂ ਨੂੰ ਠੱਲ੍ਹਣ ਲਈ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਅਨੁਸ਼ਾਸਨੀ ਕਮੇਟੀ ਬਣਾ ਦਿੱਤੀ। ਜ਼ਿਕਰਯੋਗ ਹੈ ਕਿ ਜਗਮੀਤ ਸਿੰਘ ਬਰਾੜ ਨੇ ਲੰਘੀਆਂ ਸੰਸਦੀ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕੀਤੀ ਸੀ ਤੇ ਉਨ੍ਹਾਂ ਦੀ ਸਿਆਸਤ ਦਾ ਵੱਡਾ ਹਿੱਸਾ ਬਾਦਲਾਂ ਦੇ ਧੁਰ ਵਿਰੋਧੀ ਸਿਆਸੀ ਆਗੂ ਵਾਲਾ ਰਿਹਾ ਹੈ। ਅਕਾਲੀ ਦਲ ਅੰਦਰਲੇ ਸੂਤਰਾਂ ਦਾ ਦੱਸਣਾ ਹੈ ਕਿ ਸਾਬਕਾ ਸੰਸਦ ਮੈਂਬਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਧਾਰ ’ਤੇ ਬਾਹਰ ਦਾ ਰਾਹ ਦਿਖਾਇਆ ਜਾ ਸਕਦਾ ਹੈ।
ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜਨ ਦਾ ਐਲਾਨ
ਭੁਲੱਥ (ਦਲੇਰ ਸਿੰਘ ਚੀਮਾ): ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਵਿਧਾਇਕਾ ਜਗੀਰ ਕੌਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਦੀ ਚੋਣ ਲੜਨ ਦਾ ਫ਼ੈਸਲਾ ਅਕਾਲੀ ਦਲ ਲਈ ਇਕ ਹੋਰ ਵੰਡ ਦਾ ਕਾਰਨ ਬਣਨ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ ਨੂੰ ਇਕ ਚੁਣੌਤੀ ਸਾਬਤ ਹੋਵੇਗਾ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲੜਨ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਰੀ ਲੀਡਰਸ਼ਿਪ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਤੇ ਪਾਰਟੀ ਦੇ ਫ਼ੈਸਲੇ ਤੋਂ ਬਾਅਦ ਉਹ ਅਗਲੀ ਰਣਨੀਤੀ ਉਲੀਕਣਗੇ। ਇਲਾਕੇ ਦੇ ਅਕਾਲੀ ਹਲਕਿਆਂ ਅਨੁਸਾਰ ਸੁਖਬੀਰ ਬਾਦਲ ਦੀ ਬਹਬਿਲ ਕਲਾਂ ਤੇ ਬੇਅਦਬੀ ਦੀਆਂ ਘਟਨਾਵਾਂ ਕਾਰਨ ਹੋਈਆਂ ਹਾਰਾਂ ਤੇ ਆਮ ਲੋਕਾਂ ਵਿੱਚੋਂ ਲਿਫ਼ਾਫ਼ਾ ਸਭਿਆਚਾਰ ਦੀ ਧਾਰਨਾ ਨੂੰ ਖ਼ਤਮ ਕਰਨ ਲਈ ਇਹ ਪੈਂਤੜਾ ਅਪਣਾਇਆ ਜਾ ਰਿਹਾ ਹੈ। ਬੋਪਰਾਏ ਸਰਕਲ ਅਕਾਲੀ ਦਲ ਦੇ ਪ੍ਰਧਾਨ ਸੁਖਵੰਤ ਸਿੰਘ ਤੱਖਰ ਨੇ ਕਿਹਾ ਕਿ ਜਗੀਰ ਕੌਰ ਦੇ ਚੋਣ ਲੜਨ ਦੇ ਫ਼ੈਸਲੇ ਨਾਲ ਵਰਕਰ ਖੁਸ਼ ਹਨ ਤੇ ਉਨ੍ਹਾਂ ਨੂੰ ਵਧੀਆ ਕੰਮ ਕਾਰਨ ਸ਼੍ਰੋਮਣੀ ਕਮੇਟੀ ਦੇ ਬਹੁਗਿਣਤੀ ਮੈਂਬਰਾਂ ਦੀ ਹਮਾਇਤ ਪ੍ਰਾਪਤ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਦੋਫਾੜ ਹੋਣ ਵੱਲ ਜਾ ਸਕਦਾ ਹੈ।