ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਨਵੰਬਰ
ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਸ਼ਵਾਸਘਾਤ ਕਰਨ ਵਾਲੇ ਕਿਰਦਾਰ ਦਾ ਵਿਅਕਤੀ ਹੈ। ਉਹ ਇੱਥੇ ਗਰੀਨ ਐਵੇਨਿਊ ਇਲਾਕੇ ਵਿੱਚ ਇਕ ਪਾਰਕ ਵਿੱਚ ਲਗਾਏ ਗਏ ਜਿਮ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਦੋਂ ਉਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚੱਲ ਰਹੇ ਵਿਵਾਦ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨਵਜੋਤ ਸਿੱਧੂ ਨੂੰ ਵਿਸ਼ਵਾਸਘਾਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਾਂ ਇਹੀ ਸ਼ਖਸ ਨਰਿੰਦਰ ਮੋਦੀ ਦਾ ਗੁਣਗਾਣ ਕਰਦਾ ਸੀ ਤੇ ਸੋਨੀਆ ਗਾਂਧੀ ਖ਼ਿਲਾਫ਼ ਬੋਲਦਾ ਸੀ। ਹੁਣ ਉਹ ਸੋਨੀਆ ਗਾਂਧੀ ਦੇ ਗੁਣਗਾਣ ਕਰ ਰਿਹਾ ਹੈ। ਸ਼ਵੇਤ ਮਲਿਕ ਨੇ ਕਿਹਾ ਕਿ ਜਲਦੀ ਹੀ ਦੇਸ਼ ਕਾਂਗਰਸ ਮੁਕਤ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵੇਲੇ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ, ਜਿਸ ਵਿੱਚ 17 ਕਰੋੜ ਮੈਂਬਰ ਸ਼ਾਮਲ ਹਨ। ਦੇਸ਼ ਵਿੱਚ ਸਭ ਤੋਂ ਵੱਧ ਭਾਜਪਾ ਦੇ ਮੁੱਖ ਮੰਤਰੀ ਤੇ ਸੰਸਦ ਮੈਂਬਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਆਪਣੇ ਬਲਬੂਤੇ ’ਤੇ ਪੰਜਾਬ ਵਿੱਚ 117 ਵਿਧਾਨ ਸਭਾ ਹਲਕਿਆਂ ਵਿੱਚ ਚੋਣ ਲੜੇਗੀ। ਕੈਪਟਨ ਵੱਲੋਂ ਬਣਾਈ ਨਵੀਂ ਪਾਰਟੀ ਨਾਲ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕੁਝ ਵੀ ਹੋ ਸਕਦਾ ਹੈ। ਪੰਜਾਬ ਸਰਕਾਰ ਨੂੰ ਅਸਫਲ ਗਰਦਾਨਦਿਆਂ ਉਨ੍ਹਾਂ ਕਿਹਾ ਕਿ ਸਿਰਫ ਚਿਹਰੇ ਹੀ ਬਦਲੇ ਹਨ, ਬਾਕੀ ਸਭ ਕੁਝ ਪਹਿਲਾਂ ਵਾਂਗ ਹੀ ਹੈ। ਉਨ੍ਹਾਂ ਚੰਨੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਹੁਣ ਤੱਕ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਹੋਏ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਨਹੀਂ ਮਿਲਿਆ, ਬੇਰੁਜ਼ਗਾਰੀ ਭੱਤੇ ਨਹੀਂ ਦਿੱਤੇ ਗਏ।