ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 19 ਜੂਨ
ਸੋਹਾਣਾ ਪੁਲੀਸ ਨੇ ਇਥੋਂ ਦੇ ਨਜ਼ਦੀਕੀ ਪਿੰਡ ਸਿਆਊ ਦੇ ਨੌਜਵਾਨ ਜਗਦੀਪ ਸਿੰਘ (22) ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਵਾਲੇ ਕਾਂਗਰਸੀ ਆਗੂ ਤੇ ਬਲਾਕ ਸਮਿਤੀ ਮੈਂਬਰ ਗੁਰਦੀਪ ਸਿੰਘ ਦੇ ਪੁੱਤਰ ਦਵਿੰਦਰ ਸਿੰਘ ਉਰਫ਼ ਦਮਨੀ ਵਾਸੀ ਪਿੰਡ ਮਨੌਲੀ ਨੂੰ ਗ੍ਰਿਫ਼ਤਾਰ ਕਰਕੇ ਉਸ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਨੌਜਵਾਨ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ। ਮੈਡੀਕਲ ਟੀਮ ਨੇ ਮੁਲਜ਼ਮ ਦਾ ਕਰੋਨਾ ਟੈੱਸਟ ਲਈ ਸੈਂਪਲ ਲੈ ਕੇ ਜਾਂਚ ਲਈ ਭੇਜਿਆ। ਮੁਲਜ਼ਮ ਦਮਨੀ ਦੇ ਖ਼ਿਲਾਫ਼ ਧਾਰਾ 307 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਧਰ ਪੰਜਾਬ ਦੇ ਕੈਬਨਿਟ ਮੰਤਰੀ ਵੱਲੋਂ ਪਾਰਟੀ ਦੀ ਬਦਨਾਮੀ ਦੇ ਡਰੋਂ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਅਤੇ ਦੋਵੇਂ ਧਿਰਾਂ ਨੂੰ ਆਪਸੀ ਸਮਝੌਤੇ ਲਈ ਜ਼ੋਰ ਲਗਾਇਆ ਗਿਆ ਪਰ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੰਤਰੀ ਦੀ ਇਕ ਨਹੀਂ ਸੁਣੀ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਮੰਤਰੀ ਨੇ ਆਪਣੇ ਸਮਰਥਕਾਂ ਨੂੰ ਭੇਜ ਕੇ ਪੀੜਤ ਪਰਿਵਾਰ ਅਤੇ ਪਿੰਡ ਦੇ ਮੋਹਤਬਰਾਂ ’ਤੇ ਸਮਝੌਤੇ ਲਈ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ। ਪੀੜਤ ਨੌਜਵਾਨ ਸੈਕਟਰ-32 ਹਸਪਤਾਲ ਵਿੱਚ ਦਾਖ਼ਲ ਹੈ। ਡਾਕਟਰਾਂ ਨੇ ਉਸ ਦੀ ਪਿੱਠ ਅਤੇ ਛਾਤੀ ਵਿੱਚ ਲੱਗੀਆਂ ਦੋਵੇਂ ਗੋਲੀਆਂ ਬਾਹਰ ਕੱਢ ਦਿੱਤੀਆਂ ਹਨ।
ਜਾਂਚ ਅਧਿਕਾਰੀ ਅਤੇ ਸਬ ਇੰਸਪੈਕਟਰ ਬਰਮਾ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮੁਲਜ਼ਮ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਮੁਲਜ਼ਮ ਕੋਲੋਂ ਅਸਲਾ ਅਤੇ ਕਾਰ ਬਰਾਮਦ ਕਰਨੀ ਹੈ ਤੇ ਗੋਲੀ ਚਲਾਉਣ ਦੇ ਕਾਰਨਾਂ ਦੀ ਜਾਂਚ ਕਰਨੀ ਹੈ। ਮੁਲਜ਼ਮ ਨੌਜਵਾਨ ਨੂੰ ਪਿੰਡ ਮਨੌਲੀ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ ਉਹ ਫ਼ਰਾਰ ਹੋਣ ਲਈ ਮੌਕਾ ਲੱਭ ਰਿਹਾ ਸੀ।