ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਜਨਵਰੀ
ਹਲਕਾ ਪੂਰਬੀ ਤੋਂ ਅਕਾਲੀ ਉਮੀਦਵਾਰ ਵਜੋਂ ਚੋਣ ਲੜ ਰਹੇ ਬਿਕਰਮ ਸਿੰਘ ਮਜੀਠੀਆ ਨੇ ਅੱਜ ਵੀ ਇਸ ਹਲਕੇ ਵਿੱਚ ਚੋਣ ਪ੍ਰਚਾਰ ਜਾਰੀ ਰੱਖਿਆ ਅਤੇ ਕਈ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਹੈ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਵਾਂ ਨੂੰ ਹੀ ਨਿਸ਼ਾਨੇ ’ਤੇ ਲਿਆ।
ਸ੍ਰੀ ਮਜੀਠੀਆ ਨੇ ਆਖਿਆ ਕਿ ਨਵਜੋਤ ਸਿੰਘ ਸਿੱਧੂ ਦੀ 18 ਸਾਲ ਦੀ ਸਿਆਸਤ ਵਿੱਚ ਕੋਈ ਵੀ ਪ੍ਰਾਪਤੀ ਨਹੀਂ ਹੈ। ਉਹ ਲੰਮਾ ਸਮਾਂ ਅਕਾਲੀ ਭਾਜਪਾ ਗੱਠਜੋੜ ਅਤੇ ਕਾਂਗਰਸ ਸਰਕਾਰ ਦਾ ਹਿੱਸਾ ਰਹੇ ਹਨ ਪਰ ਉਨ੍ਹਾਂ ਲੋਕਾਂ ਦੀ ਭਲਾਈ ਅਤੇ ਪੂਰਬੀ ਹਲਕੇ ਦੇ ਲੋਕਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਸ੍ਰੀ ਸਿੱਧੂ ਨੂੰ ਸਬਕ ਸਿਖਾਉਣ। ਉਨ੍ਹਾਂ ਕਾਂਗਰਸ ਸਰਕਾਰ ਬਾਰੇ ਆਖਿਆ ਕਿ ਇਹ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਸਕੀ ਅਤੇ ਲੋਕ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਉਨ੍ਹਾਂ ਖ਼ਿਲਾਫ ਝੂਠਾ ਕੇਸ ਦਰਜ ਕਰ ਕੇ ਵਿਧਾਨ ਸਭਾ ਚੋਣਾਂ ਲੜਨ ਤੋਂ ਰੋਕਣ ਲਈ ਹਰ ਸੰਭਵ ਯਤਨ ਕੀਤਾ ਹੈ। ਆਮ ਆਦਮੀ ਪਾਰਟੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਤੋਂ ਪੰਜਾਬੀਆਂ ਨੂੰ ਕਦੇ ਵੀ ਨਿਆਂ ਨਹੀਂ ਮਿਲਿਆ। ਇਸ ਵਾਰ ਵੀ ਲੋਕ ਆਮ ਆਦਮੀ ਪਾਰਟੀ ਤੋਂ ਨਿਆਂ ਦੀ ਉਮੀਦ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੀਤੇ ਵਾਅਦਿਆਂ ਵਿੱਚੋਂ ਇਕ ਵੀ ਵਾਅਦਾ ਦਿੱਲੀ ਵਿੱਚ ਲਾਗੂ ਨਹੀਂ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਮਾਡਲ ਨਾਕਾਮ ਸਾਬਤ ਹੋਇਆ ਹੈ, ਜਿੱਥੇ ਲੋਕਾਂ ਨੂੰ ਪੀਣ ਵਾਲਾ ਪਾਣੀ ਵੀ ਨਹੀਂ ਮਿਲ ਰਿਹਾ, ਨਾ ਨਵੇਂ ਵਿੱਦਿਅਕ ਅਦਾਰੇ ਤੇ ਨਾ ਹਸਪਤਾਲ ਖੋਲ੍ਹੇ ਗਏ ਹਨ ਅਤੇ ਨਾ ਹੀ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਪ੍ਰੋ. ਦਵਿੰਦਰਪਾਲ ਸਿੰਘ ਭੁਲੱਰ ਦੀ ਰਿਹਾਈ ਦੇ ਮਾਮਲੇ ਵਿੱਚ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਹ ਕਿਵੇਂ ਮਾਸੂਮ ਬਣ ਕੇ ਆਖ ਰਹੇ ਹਨ ਕਿ ਪ੍ਰੋ. ਭੁੱਲਰ ਦੀ ਰਿਹਾਈ ਦੇ ਲੰਬਿਤ ਮਾਮਲੇ ਬਾਰੇ ਉਸ ਨੂੰ ਕੁਝ ਪਤਾ ਨਹੀਂ ਹੈ ਜਦਕਿ ਉਨ੍ਹਾਂ ਰਿਹਾਈ ਲਈ ਸਪੱਸ਼ਟ ਨਾਂਹ ਕਰ ਦਿੱਤੀ ਸੀ।
ਸਿੱਧੂ ਵੱਲੋਂ ਮਜੀਠੀਆ ਖ਼ਿਲਾਫ਼ ਸ਼ਬਦੀ ਹਮਲੇ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਹਲਕੇ ਵਿੱਚ ਚੋਣ ਪ੍ਰਚਾਰ ਦੌਰਾਨ ਅੱਜ ਵੀ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਆਖਿਆ ਕਿ ਇਹ ਚੋਣ ਪੰਜਾਬ ਨੂੰ ਮਾਫ਼ੀਆ ਰਾਜ ਤੋਂ ਬਚਾਉਣ ਲਈ ਹੋਵੇਗੀ। ਸਿੱਧੂ ਨੇ ਮਜੀਠੀਆ ’ਤੇ ਦੋਸ਼ ਲਾਇਆ ਕਿ ਅਕਾਲੀ ਰਾਜ ਵੇਲੇ ਰੇਤ, ਨਸ਼ਾ, ਸ਼ਰਾਬ ਅਤੇ ਭੌਂ ਮਾਫ਼ੀਆ ਆਦਿ ਸਾਰੇ ਉਸ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਦਾ ਸਬੂਤ ਉਸ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ਵਿੱਚ ਦਰਜ ਹੋਇਆ ਕੇਸ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਅਜਿਹੇ ਕਥਿਤ ਮਾਫ਼ੀਆ ਆਗੂਆਂ ਦੀ ਲੋੜ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉੁਸ ਦੇ ਪੰਜਾਬ ਮਾਡਲ ਦੀ ਪ੍ਰੋੜ੍ਹਤਾ ਰਾਹੁਲ ਗਾਂਧੀ ਨੇ ਵੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੀ ਨਵੀਂ ਕਾਂਗਰਸ ਸਰਕਾਰ ਲੋਕਾਂ ਨੂੰ ਵਧੇਰੇ ਸਹੂਲਤਾਂ ਦੇਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਇਮਾਨ ਰੱਖਣ ਵਾਲਾ ਵਿਅਕਤੀ ਕਾਂਗਰਸ ਨਹੀਂ ਛੱਡੇਗਾ। ਇਸ ਮੌਕੇ ਉਨ੍ਹਾਂ ਨਾਲ ਕਈ ਕਾਂਗਰਸੀ ਆਗੂ ਹਾਜ਼ਰ ਸਨ।