ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ/ਜੋਗਿੰਦਰ ਸਿੰਘ ਮਾਨ
ਚੰਡੀਗੜ੍ਹ/, ਮਾਨਸਾ, 4 ਜੂਨ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਚੰਡੀਗੜ੍ਹ ਦੇ ਟੈਕਨੀਕਲ ਹਵਾਈ ਅੱਡੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸ਼ਾਹ ਨਾਲ ਉਨ੍ਹਾਂ ਦੀ 15 ਮਿੰਟ ਮੀਟਿੰਗ ਹੋਈ। ਇਸ ਦੌਰਾਨ ਮਾਪਿਆਂ ਨੇ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਆਪਣੇ ਪੁੱਤ ਦੇ ਕਾਤਲਾਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਪਤਾ ਲੱਗਿਆ ਹੈ ਕਿ ਸ਼ਾਹ ਨੇ ਭਰੋਸਾ ਦਿੱਤਾ ਕਿ ਕੇਂਦਰ ਉਨ੍ਹਾਂ ਦੀ ਮੰਗ ’ਤੇ ਗੰਭੀਰਤਾ ਨਾਲ ਗੌਰ ਕਰੇਗਾ। ਇਸ ਤੋਂ ਪਹਿਲਾਂ ਪਰਿਵਾਰ ਇਸ ਮੁਲਾਕਾਤ ਲਈ ਆਪਣੇ ਮਾਨਸਾ ਨੇੜਲੇ ਪਿੰਡ ਮੂਸਾ ਤੋਂ ਚੰਡੀਗੜ੍ਹ ਵਾਸਤੇ ਰਵਾਨਾ ਹੋਇਆ। ਪਰਿਵਾਰ ਵਿਚ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰ ਵੀ ਸ਼ਾਮਲ ਸਨ। ਪਹਿਲਾਂ ਪਰਿਵਾਰ ਵਲੋਂ ਅਮਿਤ ਸ਼ਾਹ ਨੂੰ ਪੱਤਰ ਭੇਜਕੇ ਉਨ੍ਹਾਂ ਦੇ ਨੌਜਵਾਨ ਪੁੱਤਰ ਦੇ ਕਤਲ ਦੀ ਪੜਤਾਲ ਕਿਸੇ ਕੇਂਦਰੀ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਗਈ ਸੀ। ਇਸ ਮੰਗ ਲਈ ਪੱਤਰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਰਾਹੀਂ ਉਸ ਵੇਲੇ ਭੇਜਿਆ ਸੀ, ਜਦੋਂ ਉਹ ਦੋ ਦਿਨ ਪਹਿਲਾਂ ਸਿੱਧੂ ਮੂਸੇਵਾਲਾ ਦੇ ਘਰ ਦੁੱਖ ਪ੍ਰਗਟ ਕਰਨ ਲਈ ਗਏ ਸਨ। ਇਸ ਦੇ ਨਾਲ ਹੀ ਹੁਣ ਬਹੁਤੇ ਲੋਕ ਇਹ ਸਮਝਣ ਲੱਗੇ ਹਨ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਦਾ ਪੰਜਾਬ ਸਰਕਾਰ ਤੋਂ ਵਿਸ਼ਵਾਸ ਉਠ ਗਿਆ ਹੈ। ਇਸ ਪਰਿਵਾਰ ਨੂੰ ਕੱਲ੍ਹ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਾਤਲਾਂ ਨੂੰ ਫੜਨ ਲਈ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਸੱਥਰ ਉਤੇ ਬੈਠਕੇ ਭਰੋਸਾ ਦੇਕੇ ਆਏ ਸਨ।