ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਜਨਵਰੀ
‘ਆਪ’ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਦਾ ਕੋਈ ਸਟੈਂਡ ਨਹੀਂ ਹੈ। ਉਨ੍ਹਾਂ ਪਿਛਲੇ 15 ਸਾਲਾਂ ਵਿੱਚ ਬੱਸ ਪਾਰਟੀਆਂ ਬਦਲ-ਬਦਲ ਕੇ ਸੱਤਾ ਦਾ ਆਨੰਦ ਮਾਣਿਆ ਹੈ ਤੇ ਇਸ ਦੌਰਾਨ ਉਨ੍ਹਾਂ ਪੰਜਾਬ ਤੇ ਪੰਜਾਬ ਦੇ ਲੋਕਾਂ ਦੇ ਭਲੇ ਲਈ ਕੋਈ ਕੰਮ ਨਹੀਂ ਕੀਤਾ। ਰਾਘਵ ਚੱਢਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ‘ਮੂਕਮੋਹਨ ਸਿੰਘ’ ਕਹਿੰਦੇ ਸਨ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ‘ਮੁੰਨੀ’ ਤੇ ਰਾਹੁਲ ਗਾਂਧੀ ਨੂੰ ‘ਪੱਪੂ’ ਕਹਿੰਦੇ ਸਨ ਪਰ ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਭਗਵਾਨ ਵਾਂਗ ਪੂਜਣ ਲੱਗ ਪਏ।
ਸ੍ਰੀ ਚੱਢਾ ਨੇ ਕਿਹਾ ਕਿ ਨਵਜੋਤ ਸਿੱਧੂ ਕੋਲ ਨਾ ਤਾਂ ਪੰਜਾਬ ਲਈ ਕੋਈ ਨਜ਼ਰੀਆ ਹੈ ਅਤੇ ਨਾ ਹੀ ਕੋਈ ਨੀਤੀ। ਉਨ੍ਹਾਂ ਕਿਹਾ ਕਿ ਸਿੱਧੂ ਦਾ ਅਸਲ ਦਰਦ ਇਹ ਹੈ ਕਿ ‘ਆਪ’ ਦੇ ਮੁੱਖ ਮੰਤਰੀ ਚਿਹਰੇ ਵਾਲੇ ਸਰਵੇਖਣ ’ਚ ਭਗਵੰਤ ਮਾਨ ਨੂੰ 93 ਫੀਸਦ ਤੋਂ ਵੱਧ ਵੋਟਾਂ ਮਿਲੀਆਂ ਅਤੇ ਉਨ੍ਹਾਂ ਨੂੰ ਸਿਰਫ 3.5 ਫੀਸਦ ਲੋਕਾਂ ਨੇ ਪਸੰਦ ਕੀਤਾ ਹੈ। ਉਨ੍ਹਾਂ ਸਿੱਧੂ ਵੱਲੋਂ ਕੇਜਰੀਵਾਲ ਬਾਰੇ ਵਰਤੀ ਸ਼ਬਦਾਵਲੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਹ ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਪ੍ਰਧਾਨ ਹਨ, ਇਸ ਲਈ ਉਨ੍ਹਾਂ ਨੂੰ ਮਰਿਆਦਾ ਦਾ ਖ਼ਿਆਲ ਰੱਖਣਾ ਚਾਹੀਦਾ ਹੈ।