ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਗਸਤ
‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਵੱਲੋਂ ਕਸ਼ਮੀਰ ਨੂੰ ਵੱਖਰਾ ਮੁਲਕ ਦੱਸਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਦੀ ਟਿੱਪਣੀ ਨਹੀਂ ਸਗੋਂ ਖ਼ੁਦ ਨਵਜੋਤ ਸਿੱਧੂ ਦੀ ਸੋਚ ਹੈ, ਜੋ ਆਪਣੇ ਮਨ ਦੀ ਗੱਲ ਸਲਾਹਕਾਰਾਂ ਰਾਹੀਂ ਕਹਿ ਰਹੇ ਹਨ। ਉਨ੍ਹਾਂ ਸ੍ਰੀ ਸਿੱਧੂ ਨੂੰ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਸਲਾਹਕਾਰ ਵੱਲੋਂ ਕਸ਼ਮੀਰ ਬਾਰੇ ਕੀਤੀ ਟਿੱਪਣੀ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਨੂੰ ਤੋੜਨ ਦੀਆਂ ਗੱਲਾਂ ਕਰਦੀ ਹੈ ਜਦਕਿ ਆਮ ਆਦਮੀ ਪਾਰਟੀ ਅਖੰਡ ਭਾਰਤ ਅਤੇ ਖੁਸ਼ਹਾਲ ਦੇਸ਼ ਦੇ ਏਜੰਡੇ ’ਤੇ ਕੰਮ ਕਰਦੀ ਹੈ।‘ਆਪ’ ਆਗੂਆਂ ਨੇ ਪੰਜਾਬ ਵਿੱਚ ਕਾਬਜ਼ ਕਾਂਗਰਸ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਚੋਣਾਂ ਮੌਕੇ ਜਿਵੇਂ ਦੇਸ਼ ’ਚ ਭਾਜਪਾ ਨਫ਼ਰਤ ਅਤੇ ਡਰ ਦਾ ਮਾਹੌਲ ਪੈਦਾ ਕਰ ਕੇ ਵੋਟ ਬੈਂਕ ਦਾ ਧਰੁਵੀਕਰਨ ਕਰਦੀ ਹੈ, ਉਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਪੰਜਾਬ ਕਾਂਗਰਸ ਅਤਿਵਾਦ ਦਾ ਹਊਆ ਖੜ੍ਹਾ ਕਰ ਕੇ ਇੱਕ ਵਰਗ ਨੂੰ ਡਰਾਉਣ ਵਾਲੀ ਸਿਆਸਤ ਕਰਦੀ ਹੈ।ਲੋਕਾਂ ਨੂੰ ਕਾਂਗਰਸ, ਭਾਜਪਾ ਅਤੇ ਬਾਦਲਾਂ ਦੀ ਅਜਿਹੀ ਰਾਜਨੀਤੀ ਤੋਂ ਹਮੇਸ਼ਾ ਸੁਚੇਤ ਅਤੇ ਸਾਵਧਾਨ ਰਹਿਣਾ ਦੀ ਲੋੜ ਹੈ। ਉੱਤਰਾਖੰਡ ’ਚ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਮਗਰੋਂ ਪੰਜਾਬ ’ਚ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਜਰਨੈਲ ਸਿੰਘ ਨੇ ਕਿਹਾ ਕਿ ਚੋਣਾਂ ਵਿੱਚ ਅਜੇ 5- 6 ਮਹੀਨਿਆਂ ਦਾ ਸਮਾਂ ਬਾਕੀ ਹੈ, ਪੰਜਾਬ ’ਚ ਚੋਣਾਂ ਤੋਂ ਪਹਿਲਾਂ-ਪਹਿਲਾਂ ਸਹੀ ਸਮਾਂ ਆਉਣ ’ਤੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਜਾਵੇਗਾ।