ਪਾਲ ਸਿੰਘ ਨੌਲੀ
ਜਲੰਧਰ, 30 ਸਤੰਬਰ
ਨਕੋਦਰ ਵਿਧਾਨ ਸਭਾ ਹਲਕੇ ਦੇ ਟਰਾਂਸਪੋਰਟਰਾਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਭਾਜਪਾ ਦੇ ਦਿੱਲੀ ਤੋਂ ਸੰਸਦ ਮੈਂਬਰ ਹੰਸ ਰਾਜ ਹੰਸ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰਾਂ ਦਾ ਘਿਰਾਓ ਕੀਤਾ। ਪ੍ਰਦਰਸ਼ਨ ਵਿਚ ਸ਼ਾਮਲ ਲੋਕਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।
ਟਰਾਂਸਪੋਰਟਰਾਂ ਨੇ ਇੱਥੇ ਲਿੰਕ ਕਲੋਨੀ ਸਥਿਤ ਹੰਸ ਰਾਜ ਹੰਸ ਦੇ ਘਰ ਦੇ ਬਾਹਰ ਉਸ ਦਾ ਪੁਤਲਾ ਫੂਕਿਆ ਅਤੇ ਐਲਾਨ ਕੀਤਾ ਕਿ ਭਾਜਪਾ ਦੇ ਇਨ੍ਹਾਂ ਆਗੂਆਂ ਨੂੰ ਨਕੋਦਰ ਹਲਕੇ ਵਿਚ ਵੜਨ ਨਹੀਂ ਦੇਣਗੇ। ਇਸੇ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੇ ਅੱਜ ਦੁਪਹਿਰੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕੀਤਾ। ਕਿਸਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਨਾਅਰੇਬਾਜ਼ੀ ਕਰ ਰਹੇ ਸਨ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਆਲ ਪੰਜਾਬ ਟਰੱਕ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੇ ਕੀਤੀ। ਕਿਸਾਨਾਂ ਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਵਿਰੁੱਧ ਨਾਅਰੇਬਾਜ਼ੀ ਕੀਤੀ। ਹੈਪੀ ਸੰਧੂ ਨੇ ਆਖਿਆ ਕਿ ਖੇਤੀ ਕਾਨੂੰਨ ਕਿਸਾਨਾਂ, ਵਪਾਰੀਆਂ, ਮਜ਼ਦੂਰਾਂ ਅਤੇ ਛੋਟੇ ਟਰਾਂਸਪੋਰਟਰਾਂ ਲਈ ਮਾਰੂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਖੇਤੀ ਬਿੱਲਾਂ ਦੇ ਸੋਹਲੇ ਗਾਉਂਦਾ ਨਹੀਂ ਥੱਕਦਾ ਸੀ ਪਰ ਕਿਸਾਨਾਂ ਦੇ ਗੁੱਸੇ ਅਤੇ ਰੋਹ ਅੱਗੇ ਮਜਬੂਰ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਦੁਖੀ ਹਿਰਦੇ ਨਾਲ ਵਜ਼ੀਰੀ ਛੱਡਣੀ ਪਈ ਤੇ ਭਰੇ ਮਨ ਨਾਲ ਭਾਜਪਾ ਨਾਲੋਂ ਨਾਤਾ ਤੋੜਨਾ ਪਿਆ। ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਪੁਲੀਸ ਨੇ ਬੈਰੀਕੇਡ ਲਾਏ ਹੋਏ ਸਨ ਅਤੇ ਵੱਡੀ ਗਿਣਤੀ ਪੁਲੀਸ ਤਾਇਨਾਤ ਸੀ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ ਨੇ ਕਿਹਾ ਕਿ ਕਿਸਾਨੀ ਅੰਦੋਲਨਾਂ ਦੀ ਆੜ ਹੇਠ ਕਾਂਗਰਸੀ ਆਪਣੇ ਸਿਆਸੀ ਮੰਤਵਾਂ ਲਈ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ।
ਅਕਾਲੀ ਦਲ ਦੀਆਂ ਵੀਡੀਓ ਭਾਜਪਾ ਕੋਲ ਮੌਜੂਦ: ਸ਼ਵੇਤ ਮਲਿਕ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਅਕਾਲੀ-ਭਾਜਪਾ ਦੀ ਸਾਂਝ ਖ਼ਤਮ ਹੋਣ ਬਾਰੇ ਅੱਜ ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਹੈ ਕਿ ਇਹ ਗੱਠਜੋੜ ਕਿਸੇ ਨੈਤਿਕਤਾ ਦੇ ਆਧਾਰ ’ਤੇ ਨਹੀਂ ਟੁੱਟਿਆ ਸਗੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਰਾਜਨੀਤਕ ਮਜਬੂਰੀਆਂ ਕਾਰਨ ਟੁੱਟਿਆ ਹੈ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਮਲਿਕ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਇਸ ਵੇਲੇ ਅੰਦਰੂਨੀ ਟੁੱਟ-ਭੱਜ ਵਾਲੀ ਲੜਾਈ ਵਿਚੋਂ ਲੰਘ ਰਿਹਾ ਹੈ। ਇਸ ਦੌਰਾਨ ਉਨ੍ਹਾਂ ਭਾਜਪਾ ਦਾ ਇਕ ਕਿਤਾਬਚਾ ਵੀ ਜਾਰੀ ਕੀਤਾ, ਜਿਸ ਵਿਚ ਖੇਤੀ ਬਿੱਲਾਂ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਲਗਪਗ 23 ਸਾਲ ਪੁਰਾਣਾ ਹੈ ਅਤੇ ਇਸ ਦਾ ਟੁੱਟਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਐਨਡੀਏ ਦੇ ਵਧੇਰੇ ਸਤਿਕਾਰਯੋਗ ਆਗੂ ਹਨ, ਜਿਨ੍ਹਾਂ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਪਿਤਾ ਵਾਂਗ ਸਨਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੀ ਸਾਂਝ ਸ਼੍ਰੋਮਣੀ ਅਕਾਲੀ ਦੀਆਂ ਸਿਆਸੀ ਮਜਬੂਰੀਆਂ ਕਾਰਨ ਖ਼ਤਮ ਹੋਈ ਹੈ। ਇਹ ਪਾਰਟੀ ਇਸ ਵੇਲੇ ਅੰਦਰੂਨੀ ਫੁੱਟ ਦਾ ਸ਼ਿਕਾਰ ਹੋ ਗਈ ਹੈ, ਜਿਸ ਕਾਰਨ ਕਈ ਵੱਡੇ ਆਗੂ ਪਾਰਟੀ ਛੱਡ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾਅਵਾ ਕਰ ਰਿਹਾ ਹੈ ਕਿ ਕਿਸਾਨੀ ਮੁੱਦਿਆਂ ਨੂੰ ਲੈ ਕੇ ਅਕਾਲੀ ਦਲ ਨੇ ਭਾਜਪਾ ਨਾਲ ਸਾਂਝ ਖ਼ਤਮ ਕੀਤੀ ਹੈ, ਪਰ ਭਾਜਪਾ ਕੋਲ ਕਈ ਅਜਿਹੀਆਂ ਵੀਡਿਓਜ਼ ਜਾਂ ਰਿਕਾਰਡ ਮੌਜੂਦ ਹੈ, ਜਿਸ ਵਿਚ ਹਰਸਿਮਰਤ ਕੌਰ ਬਾਦਲ, ਸੁਖਬੀਰ ਸਿੰਘ ਬਾਦਲ ਸਣੇ ਹੋਰ ਸੀਨੀਅਰ ਆਗੂ ਇਨ੍ਹਾਂ ਖੇਤੀ ਬਿੱਲਾਂ ਦਾ ਸਮਰਥਨ ਕਰਦੇ ਦਿਖਾਈ ਦਿੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਬਿੱਲ ਕਿਸਾਨ ਹਿੱਤਾਂ ਵਿਚ ਹਨ।
ਭਾਜਪਾ ਆਗੂਆਂ ਦੇ ਘਰ ਘੇਰ ਕੇ ਸੁੱਤੀ ਜ਼ਮੀਰ ਜਗਾਵਾਂਗੇ: ਬੈਂਸ
ਲੁਧਿਆਣਾ (ਗਗਨਦੀਪ ਅਰੋੜਾ): ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰ ਮਿਲਣੀ ਦੌਰਾਨ ਦੱਸਿਆ ਕਿ ਖੇਤੀ ਵਿਰੋਧੀ ਬਿੱਲਾਂ ਸਬੰਧੀ ਲੋਕ ਇਨਸਾਫ਼ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸਨੀ ਦਿਓਲ, ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਸੋਮ ਪ੍ਰਕਾਸ਼ ਤੇ ਰਾਜ ਸਭਾ ਮੈਂਬਰ ਅਤੇ ਸਾਬਕਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਬੈਂਸ ਨੇ ਕਿਹਾ ਕਿ ਕਿਸਾਨ ਉਨ੍ਹਾਂ ਦੀ ਜਿੱਥੇ ਵੀ ਡਿਊਟੀ ਲਾਉਣਗੇ, ਉਹ ਧਰਨਾ ਦੇਣ ਜਾਣਗੇ। ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਲਿਪ ਵਰਕਰਾਂ ਨੇ ਸਾਈਕਲ ਰੈਲੀ ਕੱਢੀ ਸੀ ਤਾਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ, ਕੀ ਕੈਪਟਨ ਅਮਰਿੰਦਰ ਸਿੰਘ ਹੁਣ ਰਾਹੁਲ ਗਾਂਧੀ ਖਿਲਾਫ਼ ਵੀ ਧਰਨਾ ਪ੍ਰਦਰਸ਼ਨ ਕਰਨ ਜਾਂ ਰੈਲੀ ਕਰਨ ਦਾ ਕੇਸ ਦਰਜ ਕਰਨਗੇ। ਇਸ ਮੌਕੇ ਪਾਰਟੀ ਦੇ ਸਕੱਤਰ ਜਨਰਲ ਜਸਵਿੰਦਰ ਸਿੰਘ ਖਾਲਸਾ, ਮਨਜਿੰਦਰ ਸਿੰਘ ਹਾਜ਼ਰ ਸਨ।