ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਅਕਤੂਬਰ
ਬਾਦਲ ਵਿਰੋਧੀ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਾਲੇ ਅਕਾਲੀ ਦਲ ਟਕਸਾਲੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠਲੇ ਅਕਾਲੀ ਦਲ ਡੈਮੋਕ੍ਰੈਟਿਕ ਵਿਚਾਲੇ ਜਲਦੀ ਹੀ ਆਪਸੀ ਏਕਤਾ ਹੋ ਜਾਵੇਗੀ। ਇਹ ਖੁਲਾਸਾ ਅੱਜ ਇਥੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੀਤਾ ਹੈ। ਅੱਜ ਇਥੇ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਅਤੇ ਅਹੁਦੇਦਾਰਾਂ ਦੀ ਇਕ ਮੀਟਿੰਗ ਸੱਦੀ ਗਈ ਸੀ।
ਮੀਟਿੰਗ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਬ੍ਰਹਮਪੁਰਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਖਦੇਵ ਸਿੰਘ ਢੀਂਡਸਾ ਨਾਲ ਮੁਲਾਕਾਤ ਹੋਈ ਹੈ ਅਤੇ ਦੋਵਾਂ ਵਿਚਾਲੇ ਜਥੇਬੰਦੀਆਂ ਦੀ ਆਪਸੀ ਏਕਤਾ ਬਾਰੇ ਵੀ ਵਿਚਾਰ ਚਰਚਾ ਹੋਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਦੋਵੇਂ ਜਥੇਬੰਦੀਆਂ ਆਪਸੀ ਏਕਤਾ ਲਈ ਰਜ਼ਾਮੰਦ ਹਨ ਅਤੇ ਦੋਵਾਂ ਦਾ ਟੀਚਾ ਵੀ ਇਕ ਹੈ। ਇਸ ਲਈ ਜਲਦੀ ਹੀ ਆਪਸੀ ਗਠਜੋੜ ਦਾ ਐਲਾਨ ਕੀਤਾ ਜਾਵੇਗਾ। ਇਹ ਗਠਜੋੜ ਦਾ ਐਲਾਨ ਦੀਵਾਲੀ ਦੇ ਆਸ-ਪਾਸ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਦੀ ਸਿਆਸਤ ਵਿੱਚ ਬਦਲਾਅ ਲਈ ਤੀਜਾ ਫਰੰਟ ਬਣਾਉਣਾ ਸਮੇਂ ਦੀ ਲੋੜ ਹੈ। ਇਸ ਸਬੰਧੀ ਹਮਖਿਆਲੀ ਪਾਰਟੀਆਂ ਵਿਚਾਲੇ ਏਕਤਾ ਹੋਣੀ ਚਾਹੀਦੀ ਹੈ। ਇਸ ਸਬੰਧੀ ਕਈ ਜਥੇਬੰਦੀਆਂ ਨਾਲ ਗੈਰਰਸਮੀ ਗੱਲਬਾਤ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸਾਂਝੇ ਤੌਰ ’ਤੇ ਵਿਧਾਨ ਸਭਾ ਚੋਣਾਂ ਲੜੇਗਾ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਵੀ ਇਕ ਸਾਂਝਾ ਗਠਜੋੜ ਤਿਆਰ ਕੀਤਾ ਜਾਵੇਗਾ, ਜਿਸ ਵਿੱਚ ਹਮਖਿਆਲੀ ਪਾਰਟੀਆਂ ਸ਼ਾਮਲ ਹੋਣਗੀਆਂ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਇਸ ਮੌਕੇ ਇਕੱਠ ਵੱਲੋਂ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਪਾਰਦਰਸ਼ਤਾ ਲਈ ਵੋਟਾਂ ਸਿਰਫ਼ ਫੋਟੋ ਸ਼ਨਾਖਤੀ ਕਾਰਡ ਰਾਹੀਂ ਹੀ ਪਾਈਆਂ ਜਾਣ, ਇਸ ਲਈ ਲੋੜੀਂਦੇ ਕਦਮ ਚੁੱਕੇ ਜਾਣ। ਜਥੇਬੰਦੀ ਨੇ ਇਕ ਮਤੇ ਰਾਹੀਂ ਸੂਬੇ ਨੂੰ ਵਧੇਰੇ ਅਧਿਕਾਰਾਂ ਦੀ ਮੰਗ ਕੀਤੀ ਹੈ ਅਤੇ ਇਕ ਹੋਰ ਮਤੇ ਰਾਹੀਂ ਬਰਗਾੜੀ ਤੇ ਬਹਬਿਲ ਕਲਾ ਕਾਂਡ ਅਤੇ 328 ਪਾਵਨ ਸਰੂਪਾਂ ਦੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਮੀਟਿੰਗ ਵਿਚ ਗੁਰਸ਼ਰਨਜੀਤ ਸਿੰਘ ਪੱਪੂ ਨੂੰ ਬਰਨਾਲਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅੱਜ ਦੀ ਮੀਟਿੰਗ ਵਿੱਚ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਉਜਾਗਰ ਸਿੰਘ ਬੰਡਾਲੀ, ਮੱਖਣ ਸਿੰਘ ਨੰਗਲ, ਮਨਮੋਹਨ ਸਿੰਘ ਸਠਿਆਲਾ, ਕਰਨੈਲ ਸਿੰਘ ਪੀਰ ਮੁਹੰਮਦ, ਗੁਰਪ੍ਰੀਤ ਸਿੰਘ ਕਲਕੱਤਾ ਸ਼ਾਮਲ ਸਨ।