ਅੰਮ੍ਰਿਤਸਰ: ਨਵੰਬਰ 1984 ਵਿਚ ਕਾਨਪੁਰ ’ਚ ਹੋਏ ਸਿੱਖ ਕਤਲੇਆਮ ਦੇ ਕੇਸਾਂ ਨਾਲ ਸਬੰਧਤ ‘ਸਿਟ’ ਵੱਲੋਂ ਸਬੂਤ ਇਕੱਠੇ ਕਰਕੇ ਕਾਰਵਾਈ ਅੱਗੇ ਤੋਰਨ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੰਗ ਕੀਤੀ ਕਿ ਸਿੱਖਾਂ ਦਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਸਬੰਧੀ ਬੀਬੀ ਜਗੀਰ ਕੌਰ ਨੇ ਆਖਿਆ ਕਿ ਨਵੰਬਰ 1984 ਵਿਚ ਦਿੱਲੀ, ਕਾਨਪੁਰ, ਬੋਕਾਰੋ ਸਮੇਤ ਹੋਰਨਾਂ ਸ਼ਹਿਰਾਂ ਵਿਚ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ, ਪਰ ਲੰਮਾ ਸਮਾਂ ਬੀਤ ਜਾਣ ਮਗਰੋਂ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ। ਜਦੋਂ ਕਿ ਸ਼੍ਰੋਮਣੀ ਕਮੇਟੀ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਲਗਾਤਾਰ ਪੈਰਵਾਈ ਕੀਤੀ ਹੈ, ਪਰ ਸਰਕਾਰਾਂ ਦੀ ਪੁਸ਼ਤਪਨਾਹੀ ਨਾਲ ਦੋਸ਼ੀ ਬਚਦੇ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਹੁਣ ਕਾਨਪੁਰ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣਗੀਆਂ। -ਟਨਸ