ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੂਨ
ਪੰਜਾਬ ਪੁਲੀਸ ਨੇ ਅਮਰੀਕਾ ਅਧਾਰਤ ਪਾਬੰਦੀਸ਼ੁਦਾ ਸੰਗਠਨ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪਨੂੰ ਵਿਰੁੱਧ ਦੇਸ਼ ਧਰੋਹ ਅਤੇ ਗੈਰਕਾਨੂੰਨੀ ਗਤੀਵਿਧੀਆਂ ਅਤੇ ਪੰਜਾਬ ਦੇ ਨੌਜਵਾਨਾਂ ਨੂੰ ‘ਰੈਫਰੈਂਡਮ 2020’ ਦੇ ਹੱਕ ਵਿਚ ਭੜਕਾਉਣ, ਪੰਜਾਬ ਨੂੰ ਭਾਰਤ ਨਾਲੋਂ ਵੱਖ ਕਰਨ ਲਈ ਭੜਕਾਉਣ ਅਤੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਵਿਚ ਅਸੰਤੁਸ਼ਟੀ ਜਾਂ ਬਗਾਵਤ ਫੈਲਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਹਠ ਕੇਸ ਦਰਜ ਕੀਤਾ ਹੈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਮੁੱਖ ਤੌਰ ’ਤੇ ਅਮਰੀਕਾ ਤੋਂ ਵੱਖ-ਵੱਖ ਅੰਤਰਰਾਸ਼ਟਰੀ ਨੰਬਰਾਂ ਤੋਂ ਪਹਿਲਾਂ ਤੋਂ ਰਿਕਾਰਡ ਕੀਤੇ ਆਡੀਓ ਸੰਦੇਸ਼ (ਆਈਵੀਆਰ) ਰਾਹੀਂ ਪੰਜਾਬ ਦੇ ਲੋਕਾਂ ਨੂੰ ਭੜਕਾ ਰਿਹਾ ਸੀ। ਪੰਨੂ ਖਿਲਾਫ਼ ਧਾਰਾ 124-ਏ (ਭਾਰਤ ਵਿਰੁੱਧ ਜੰਗ ਛੇੜਨਾ), 131 (ਵਿਦਰੋਹ ਨੂੰ ਦੂਰ ਕਰਨ) 153-ਏ (ਗੈਰ ਕਾਨੂੰਨੀ ਗਤੀਵਿਧੀਆਂ ਰੋਕਥਾਮ) ਦੀ ਧਾਰਾ 10 (ਏ), 13 (1) ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਖਿਲਾਫ਼ ਇਹ ਕਾਰਵਾਈ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਉਸ ਨੇ ਕਥਿਤ ਤੌਰ ‘ਤੇ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਮਦਦ ਲਈ ਚੀਨੀ ਸਰਕਾਰ ਕੋਲ ਪਹੁੰਚ ਕੀਤੀ ਹੈ।