ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 30 ਅਕਤੂਬਰ
ਪਾਕਿਸਤਾਨ ਦੇ ਸ਼ਹਿਰ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਮੁੱਖ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਭਾਰਤੀ ਅਤੇ ਸਥਾਨਕ ਸਿੱਖ ਸ਼ਰਧਾਲੂਆਂ ਸਮੇਤ ਪੀਐੱਸਜੀਪੀਸੀ ਆਗੂਆਂ ਤੇ ਔਕਾਫ਼ ਬੋਰਡ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ। ਇਸ ਉਪਰੰਤ ਸ਼ਹੀਦੀ ਸਾਕੇ ਨਾਲ ਸਬੰਧਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸਮਾਗਮ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਦੇਸ਼ ਦੀ ਵੰਡ ਮਗਰੋਂ ਵੱਡੀ ਗਿਣਤੀ ਵਿੱਚ ਸਿੱਖਾਂ ਦੇ ਗੁਰਧਾਮ ਪਾਕਿਸਤਾਨ ਵਿੱਚ ਰਹਿ ਗਏ ਹਨ, ਜਿਨ੍ਹਾਂ ਦੇ ਦਰਸ਼ਨਾਂ ਵਾਸਤੇ ਸਿੱਖਾਂ ਨੂੰ ਖੁੱਲ੍ਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖਾਂ ਨੂੰ ਮੌਕੇ ’ਤੇ ਵੀਜ਼ੇ ਦੇਣ ਦਾ ਪ੍ਰਬੰਧ ਕੀਤਾ ਜਾਵੇ। ਦੋਵਾਂ ਦੇਸ਼ਾਂ ਵਿਚਾਲੇ ਬੰਦ ਹੋਈ ਸਮਝੌਤਾ ਰੇਲ ਸੇਵਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਰੇਲ ਸੇਵਾ ਮੁੜ ਬਹਾਲ ਹੋਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਬਾਰੇ ਵੀ ਜ਼ਿਕਰ ਕੀਤਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਸਿੱਖ ਕੌਮ ਦਾ ਸਰਮਾਇਆ ਅਤੇ ਪ੍ਰੇਰਨਾ ਸਰੋਤ ਹਨ। ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਵੇਲੇ ਵੀਜ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਉਨ੍ਹਾਂ ਔਕਾਫ਼ ਬੋਰਡ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਸਮੇਂ ਫਰਾਖ਼ਦਿਲੀ ਦਾ ਪ੍ਰਗਟਾਵਾ ਕੀਤਾ ਜਾਵੇ। ਗੁਰਦੁਆਰਾ ਕਰਤਾਰਪੁਰ ਦੇ ਦਰਸ਼ਨਾਂ ਲਈ ਸੰਗਤ ਵਾਸਤੇ ਪਾਸਪੋਰਟ ਦੀ ਰੱਖੀ ਗਈ ਸ਼ਰਤ ਨੂੰ ਵੀ ਹਟਾਉਣ ਦੀ ਵੀ ਅਪੀਲ ਕੀਤੀ।
ਬੁਲਾਰੇ ਨੇ ਦੱਸਿਆ ਕਿ ਔਕਾਫ਼ ਬੋਰਡ ਦੇ ਅਧਿਕਾਰੀਆਂ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਢੁੱਕਵੀਂ ਯਾਦਗਾਰ ਬਣਾਉਣ ਦਾ ਭਰੋਸਾ ਦਿੱਤਾ ਹੈ ਤੇ ਇਹ ਯਾਦਗਾਰ ਸਿੱਖ ਇਤਹਾਸ ਦੇ ਮੁਤਾਬਕ ਹੋਵੇਗੀ। ਅਧਿਕਾਰੀਆਂ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਇੱਕ ਵੱਡੀ ਸਰਾਂ ਅਤੇ ਇਕ ਆਧੁਨਿਕ ਮਿਊਜ਼ੀਅਮ ਸਥਾਪਤ ਕਰਨ ਦੀ ਯੋਜਨਾ ਬਾਰੇ ਵੀ ਖੁਲਾਸਾ ਕੀਤਾ ਹੈ। ਇਸ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਔਕਾਫ ਬੋਰਡ ਦੇ ਅਧਿਕਾਰੀਆਂ ਨੂੰ ਆਖਿਆ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਲੋੜੀਂਦਾ ਸਹਿਯੋਗ ਦੇਵੇਗੀ। ਸਮਾਗਮ ਦੌਰਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ ਅਤੇ ਔਕਾਫ਼ ਬੋਰਡ ਦੇ ਵਧੀਕ ਸਕੱਤਰ ਰਾਣਾ ਸ਼ਾਹਿਦ ਸਲੀਮ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪਾਕਿਸਤਾਨ ਸਰਕਾਰ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਪਾਕਿਸਤਾਨੀ ਸਿੱਖ ਆਗੂਆਂ ਨੇ ਭਾਰਤ ਤੋਂ ਆਏ ਸਿੱਖ ਸ਼ਰਧਾਲੂਆਂ ਤੇ ਅਹਿਮ ਸਖਸ਼ੀਅਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ।