ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਕਤੂਬਰ
ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਸਿੰਘੂ-ਕੁੰਡਲੀ ਬਾਰਡਰ ਉੱਪਰ ਨਿਹੰਗਾਂ ਵੱਲੋਂ ‘ਸਰਬ-ਲੋਹ’ ਗ੍ਰੰਥ ਦੀ ਬੇਅਦਬੀ ਦਾ ਦੋਸ਼ ਲਗਾ ਕੇ ਇਕ ਵਿਅਕਤੀ ਦੀ ਵਹਿਸ਼ੀਆਨਾ ਹੱਤਿਆ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸਭਾ ਦੇ ਸੂਬਾ ਪ੍ਰਧਾਨ ਪ੍ਰੋ. ਏਕੇ ਮਲੇਰੀ, ਜਨਰਲ ਸਕੱਤਰ ਪ੍ਰੋ. ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕਿਹਾ ਕਿ ਸਿੰਘੂ ਕਾਂਡ ਵਿੱਚ ਸ਼ਾਮਲ ਨਿਹੰਗ ਦਲ ਦੇ ਆਗੂ ਬਾਬਾ ਅਮਨ ਸਿੰਘ ਅਤੇ ਪੰਜਾਬ ਪੁਲੀਸ ਦੇ ਕਰਿੰਦੇ ਪਿੰਕੀ ਕੈਟ ਦੀਆਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤਾਂ ਦੀਆਂ ਤਸਵੀਰਾਂ ਕਿਸੇ ਡੂੰਘੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀਆਂ ਹਨ। ਸਭਾ ਨੇ ਇਸ ਹੱਤਿਆ ਕਾਂਡ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਉੱਚ ਪੱਧਰੀ ਜੁਡੀਸ਼ੀਅਲ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ।