ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 2 ਦਸੰਬਰ
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਭਾਜਪਾ ਵਿੱਚ ਸ਼ਮੂਲੀਅਤ ਬਾਰੇ ਗੱਲ ਕਰਦਿਆਂ ਕਿਹਾ ਕਿ ਸ੍ਰੀ ਸਿਰਸਾ ਨੇ ਭਾਜਪਾ ਦੇ ਦਬਾਅ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਛੱਡਿਆ ਹੈ। ਅੱਜ ਇਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਸਵੇਰੇ ਹੀ ਸ੍ਰੀ ਸਿਰਸਾ ਨਾਲ ਉਨ੍ਹਾਂ ਦੀ ਗੱਲ ਹੋਈ ਸੀ, ਜਿਸ ਦੌਰਾਨ ਸਿਰਸਾ ਨੇ ਦੱਸਿਆ ਸੀ ਕਿ ਉਨ੍ਹਾਂ ਅੱਗੇ ਪੇਸ਼ਕਸ਼ ਰੱਖੀ ਗਈ ਹੈ ਕਿ ਜਾਂ ਉਹ ਭਾਜਪਾ ਵਿੱਚ ਸ਼ਾਮਲ ਹੋਣ ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹਿਣ। ਜਥੇਦਾਰ ਨੇ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਸਿਰਸਾ ਭਾਜਪਾ ਵਿੱਚ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਕਾਰਵਾਈ ਲਈ ਦਿੱਲੀ ਦੇ ਕੁਝ ਸਿੱਖ ਆਗੂ ਵੀ ਜ਼ਿੰਮੇਵਾਰ ਹਨ, ਜਿਨ੍ਹਾਂ ਇਸ ਘਟਨਾ ਲਈ ਜ਼ਮੀਨ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ 11 ਹੋਰ ਮੈਂਬਰਾਂ ਖ਼ਿਲਾਫ਼ ਪਹਿਲਾਂ ਪੁਲੀਸ ਕੇਸ ਦਰਜ ਕਰਵਾਏ ਗਏ ਤੇ ਮਗਰੋਂ ਉਨ੍ਹਾਂ ’ਤੇ ਭਾਜਪਾ ’ਚ ਸ਼ਾਮਲ ਹੋਣ ਦਾ ਦਬਾਅ ਪਾਇਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਸਿਰਸਾ ਦੇ ਭਾਜਪਾ ’ਚ ਸ਼ਾਮਲ ਹੋਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਫੈ਼ਸਲੇ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀ ਸਿੱਖ ਸੰਗਤ ਨੇ ਸਿਰਸਾ ਨੂੰ ਮਾਣ-ਸਨਮਾਨ ਦਿੱਤਾ ਸੀ, ਪਰ ਉਨ੍ਹਾਂ ਇਹ ਮਾਣ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸਿਰਸਾ ਦੇ ਇਸ ਫੈ਼ਸਲੇ ਨਾਲ ਸੰਗਤ ਵਿੱਚ ਭਾਰੀ ਰੋਸ ਹੈ। ਉਨ੍ਹਾਂ ਸ੍ਰੀ ਸਿਰਸਾ ਨੂੰ ਸੁਝਾਅ ਦਿੱਤਾ ਕਿ ਉਹ ਆਪਣੀ ਗਲਤੀ ਸੁਧਾਰਦੇ ਹੋਏ ਭਾਜਪਾ ਨੂੰ ਛੱਡ ਕੇ ਘਰ ਵਾਪਸੀ ਕਰਨ।
ਅਕਾਲੀ ਦਲ ਦੀ ਭਾਸ਼ਾ ਨਾ ਬੋਲਣ ਜਥੇਦਾਰ : ਸਰਨਾ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਿਰਫ਼ ਅਕਾਲੀ ਦਲ (ਬਾਦਲ) ਦੀ ਭਾਸ਼ਾ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ‘ਹਿਜ਼ ਮਾਸਟਰਜ਼ ਵਾਇਸ’ ਬਨਣ ਦੀ ਕੋਸ਼ਿਸ਼ ਨਾ ਕਰਨ। ਇਸ ਨਾਲ ਜਥੇਦਾਰ ਦੇ ਰੁਤਬੇ ਨੂੰ ਗ੍ਰਹਿਣ ਲੱਗਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਿਰਪੱਖ ਤੇ ਪੰਥਕ ਅਵਾਜ਼ ਆਉਣੀ ਚਾਹੀਦੀ ਹੈ।