ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ, 10 ਸਤੰਬਰ
ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ, ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਨੇੜੇ ਘਿਰਾਓ ਕੀਤਾ। ਵੱਡੀ ਗਿਣਤੀ ’ਚ ਕੱਚੇ ਮੁਲਾਜ਼ਮਾਂ ਨੇ ਧਰਨਾ ਦੇ ਕੇ ਤਿੱਖਾ ਰੋਸ ਪ੍ਰਗਟਾਇਆ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ 10 ਤੋਂ 15 ਸਾਲ ਤੋਂ ਪਨਬਸ ਅਤੇ ਪੀਆਰਟੀਸੀ ’ਚ ਮੁਲਾਜ਼ਮ ਠੇਕੇ ਅਤੇ ਆਊਟਸੋਰਸ ਆਧਾਰ ’ਤੇ ਨਿਗੂਣੀਆਂ ਤਨਖਾਹਾਂ ਉਪਰ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹਮੇਸ਼ਾ ਲਾਰਾ ਲਾਇਆ ਜਾਂਦਾ ਰਿਹਾ ਹੈ, ਪਰ ਪੱਕਾ ਕਦੇ ਵੀ ਨਹੀਂ ਕੀਤਾ। ਆਗੂ ਨੇ ਕਿਹਾ ਕਿ ਹੁਣ ਵੀ ਸਰਕਾਰ ਨੇ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ ਬੁਲਾ ਕੇ ਧੋਖਾ ਕੀਤਾ ਹੈ ਜਿਸ ਕਾਰਨ ਉਨ੍ਹਾਂ ਨੂੰ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ ਹੈ। ਜਥੇਬੰਦੀ ਦੇ ਸਰਪ੍ਰਸਤ ਕਮਲ ਕੁਮਾਰ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕੈਪਟਨ ਸਰਕਾਰ ਦੇ ਅੜੀਅਲ ਰਵੱਈਏ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਟਰਾਂਸਪੋਰਟ ਮਾਫੀਆ ਨੂੰ ਨੱਥ ਪਾਉਣ ਦਾ ਵਾਅਦਾ ਕਰਕੇ ਸੱਤਾ ’ਚ ਆਈ ਸੀ ਪਰ ਇਨ੍ਹਾਂ ਅਦਾਰਿਆਂ ਨੂੰ ਖੋਰਾ ਲਾਇਆ ਜਾ ਰਿਹਾ ਹੈ। ਜਥੇਬੰਦੀ ਦੇ ਜਰਨਲ ਸਕੱਤਰ ਬਲਜੀਤ ਸਿੰਘ ਨੇ ਕਿਹਾ ਕਿ ਪਨਬਸ ਅਤੇ ਪੀਆਰਟੀਸੀ ਦੇ ਸਮੂਹ ਕੱਚੇ ਵਰਕਰ ਪੰਜ ਦਿਨਾਂ ਤੋਂ ਹੜਤਾਲ ਉੱਤੇ ਚੱਲ ਰਹੇ ਹਨ ਪਰ ਮਹਿਲਾਵਾਂ ਸਮੇਤ ਹੋਰਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕਰਨ ਵਾਲੇ ਇਨ੍ਹਾਂ ਮੁਲਾਜ਼ਮਾਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਹੈ। ਮੀਤ ਪ੍ਰਧਾਨ ਜੋਧ ਸਿੰਘ ਅਤੇ ਸ਼ਿਵ ਕੁਮਾਰ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਨਤਕ ਅਦਾਰਿਆਂ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗ ਨਾ ਮੰਨੀਆਂ ਤਾਂ ਸੂਬੇ ਦੇ ਮੇਨ ਹਾਈਵੇਅ ਮੁਕੰਮਲ ਤੌਰ ’ਤੇ ਜਾਮ ਕਰਕੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਤਨਾਮ ਸਿੰਘ, ਰਾਕੇਸ਼ ਵਿੱਕੀ ਅਤੇ ਗੁਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ। ਕਰੀਬ ਚਾਰ ਤੋਂ ਪੰਜ ਘੰਟੇ ਪ੍ਰਦਰਸ਼ਨ ਮਗਰੋਂ ਡੀਐੱਸਪੀ ਬਿਰਕਮ ਸਿੰਘ ਬਰਾੜ ਅਤੇ ਐੱਸਐੱਚਓ ਸਤਨਾਮ ਸਿੰਘ ਨੇ ਜ਼ਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਸਤਿੰਦਰ ਸਿੰਘ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਕਰਵਾਈ। ਬਾਅਦ ਵਿੱਚ ਖਰੜ ਦੇ ਐੱਸਡੀਐੱਮ ਨੇ ਯੂਨੀਅਨ ਆਗੂਆਂ ਦੀ 14 ਸਤੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੇ ਦਿੱਤੇ ਗਏ ਭਰੋਸੇ ਮਗਰੋਂ ਰੋਸ ਧਰਨਾ ਖ਼ਤਮ ਕਰ ਦਿੱਤਾ।