ਆਤਿਸ਼ ਗੁਪਤਾ
ਚੰਡੀਗੜ੍ਹ, 24 ਅਕਤੂਬਰ
ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖਰੀਦ, ਪਰਾਲੀ ਤੇ ਡੀਏਪੀ ਖਾਦ ਦੇ ਮੁੱਦੇ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਆਰ-ਪਾਰ ਦੀ ਲੜਾਈ ਸ਼ੁਰੂ ਕਰਨ ਦੀ ਐਲਾਨ ਕੀਤਾ ਹੈ।
ਇਹ ਐਲਾਨ ਅੱਜ ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਇੱਥੇ ਕਿਸਾਨ ਭਵਨ ਵਿੱਚ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਬਾਰੇ ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਸਤਨਾਮ ਸਿੰਘ ਬਹਿਰੂ ਤੇ ਮਨਜੀਤ ਸਿੰਘ ਰਾਏ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨਾ ਹੋਣ ਦੇ ਰੋਸ ਵਜੋਂ ਮੋਗਾ ਦੇ ਡੱਗਰੂ, ਸੰਗਰੂਰ ਦੇ ਬੜਬੜ ਕਲਾਂ, ਫਗਵਾੜਾ ਤੇ ਬਟਾਲਾ ਵਿੱਚ ਕੌਮੀ ਮਾਰਗਾਂ ’ਤੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਇਆ ਜਾਵੇਗਾ।
ਸ੍ਰੀ ਪੰਧੇਰ ਨੇ ਕਿਹਾ ਕਿ ਮੌਜੂਦਾ ਸਮੇਂ ਸੂਬਾ ਸਰਕਾਰ ਵੀ ਕਿਸਾਨਾਂ ਦੇ ਪੱਖ ਵਿੱਚ ਖੜ੍ਹੀ ਦਿਖਾਈ ਨਹੀਂ ਦੇ ਰਹੀ ਹੈ। ਇਸੇ ਕਰਕੇ ਕਣਕ ਦੀ ਬਿਜਾਈ ਸਮੇਂ ਡੀਏਪੀ ਖਾਦ ਦਾ ਵੱਡਾ ਸੰਕਟ ਖੜ੍ਹਾ ਹੋਣ ਵਾਲਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਜੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਗੁਰਅਮਨੀਤ ਸਿੰਘ ਮਾਂਗਟ, ਤੇਜਬੀਰ ਸਿੰਘ, ਅਮਰਜੀਤ ਸਿੰਘ ਮੌਜੂਦ ਰਹੇ।