ਸੰਜੀਵ ਬੱਬੀ
ਚਮਕੌਰ ਸਾਹਿਬ, 27 ਅਕਤੂਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀਆਂ ਸਮੂਹ ਕਿਸਾਨ ਯੂਨੀਅਨਾਂ ਵੱਲੋਂ 5 ਨਵੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਅਤੇ ਅੱਜ ਦਿੱਲੀ ਵਿੱਚ ਹੋਈ ਭਰਾਤਰੀ ਕਿਸਾਨ ਯੂਨੀਅਨਾਂ ਦੀ ਮੀਟਿੰਗ ਦੌਰਾਨ ਜਿੱਥੇ ਹੋਰ ਕਈ ਪ੍ਰੋਗਰਾਮ ਉਲੀਕੇ ਗਏ ਹਨ, ਉੱਥੇ ਹੀ 26 ਤੇ 27 ਨਵੰਬਰ ਨੂੰ ਮੁੜ ਦਿੱਲੀ ਵਿੱਚ ਹੀ ਯੂਨੀਅਨਾਂ ਦੀ ਮੀਟਿੰਗ ਰੱਖੀ ਗਈ ਹੈ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਨੇ ਚਮਕੌਰ ਸਾਹਿਬ- ਰੂਪਨਗਰ ਸੜਕ ’ਤੇ ਪੈਂਦੇ ਪਿੰਡ ਕਮਾਲਪੁਰ ਦੇ ਟੌਲ ਪਲਾਜ਼ਾ ’ਤੇ ਅੱਜ 14ਵੇਂ ਦਿਨ ਵੀ ਕਿਸਾਨਾਂ ਵੱਲੋਂ ਲਗਾਏ ਹੋਏ ਧਰਨੇ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 5 ਨਵੰਬਰ ਨੂੰ ਭਾਰਤ ਵਿੱਚ 10 ਤੋਂ 2 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਕਿ ਮੋਦੀ ਸਰਕਾਰ ਨੂੰ ਜਗਾਇਆ ਜਾ ਸਕੇ। ਸਹਾਰਾ ਸੇਵਾ ਸੁਸਾਇਟੀ ਦੇ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਨੇ ਕਿਹਾ ਕਿ ਸੂਬੇ ਭਰ ਅੰਦਰ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕੀਤੇ ਜਾ ਰਹੇ ਹਨ। ਕਿਸਾਨ ਆਗੂ ਬਾਈ ਪਰਮਿੰਦਰ ਸਿੰਘ ਸੇਖੋਂ, ਕਿਸਾਨ ਆਗੂ ਬਲਬੀਰ ਸਿੰਘ ਤੇ ਦਰਸ਼ਨ ਸਿੰਘ ਨੇ ਕਿਹਾ ਕਿ ਸੂਬੇ ਅੰਦਰ ਕਿਸਾਨਾਂ ਦਾ ਰੋਹ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲ ਕਰਕੇ ਮਸਲਾ ਹੱਲ ਕਰੇ। ਕਿਸਾਨਾਂ ਵੱਲੋਂ ਟੌਲ ਪਲਾਜ਼ੇ ’ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ, ਉੱਥੇ ਹੀ ਪੰਜਾਬ ਸਰਕਾਰ ਵਿਰੁੱਧ ਵੀ ਪਿੱਟ-ਸਿਆਪਾ ਕੀਤਾ ਗਿਆ।
ਅਜ਼ੀਜ਼ਪੁਰ ਟੌਲ ਪਲਾਜ਼ੇ ’ਤੇ ਧਰਨਾ 17ਵੇਂ ਦਿਨ ਵੀ ਜਾਰੀ
ਬਨੂੜ (ਕਰਮਜੀਤ ਸਿੰਘ ਚਿੱਲਾ): ਖੇਤੀ ਕਾਨੂੰਨਾਂ ਖ਼ਿਲਾਫ਼ ਅਜ਼ੀਜ਼ਪੁਰ ਦੇ ਟੌਲ ਪਲਾਜ਼ੇ ਉੱਤੇ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ 17ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਦਿਨ ਰਾਤ ਚਲ ਰਹੇ ਇਸ ਧਰਨੇ ਉੱਤੇ ਕਿਸਾਨ ਟੌਲ ਪਲਾਜ਼ੇ ਦੇ ਸ਼ੈੱਡ ਹੇਠ ਰਾਤਾਂ ਬਤੀਤ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਦੇਸ਼ ਵਿਆਪੀ ਜਾਮ ਅਤੇ ਦਿੱਲੀ ਘੇਰਨ ਦੇ ਦਿੱਤੇ ਸੱਦੇ ਕਾਰਨ ਕਿਸਾਨਾਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਿਸਾਨ ਯੂਨੀਅਨ ਆਗੂ ਹਰਜੀਤ ਸਿੰਘ ਟਹਿਲਪੁਰਾ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਗੁਰਦਰਸਨ ਸਿੰਘ ਖਾਸਪੁਰ ਵੱਲੋਂ ਦੂਜੀਆਂ ਕਿਸਾਨ ਜਥੇਬੰਦੀਆਂ, ਪੰਚਾਇਤਾਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਧਰਨੇ ਦੀ ਅਗਵਾਈ ਕੀਤੀ ਜਾ ਰਹੀ ਹੈ। ਭਾਜਪਾ ਨੂੰ ਛੱਡਕੇ ਸਮੁੱਚੀਆਂ ਸਿਆਸੀ ਪਾਰਟੀਆਂ ਦੇ ਸਥਾਨਿਕ ਆਗੂ ਵੀ ਇਨ੍ਹਾਂ ਧਰਨਿਆਂ ਵਿੱਚ ਸ਼ਿਰਕਤ ਕਰ ਰਹੇ ਹਨ। ਇਸ ਤਰ੍ਹਾਂ ਪਿੰਡ ਜਲਾਲਪੁਰ ਦੇ ਰਿਲਾਇੰਸ ਪੰਪ ਉੱਤੇ ਕਿਸਾਨਾਂ ਵੱਲੋਂ 15ਵੇਂ ਦਿਨ ਵੀ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਦਿਨ ਵੇਲੇ ਬੀਬੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾਂਦੀ ਹੈ। ਦੋਵੇਂ ਥਾਵਾਂ ਦੇ ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ, ਉਦੋਂ ਤਕ ਧਰਨਾ ਜਾਰੀ ਰਹੇਗਾ।