ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 22 ਅਕਤੂਬਰ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਖ਼ਿਲਾਫ਼ ਚਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਚਮਕੌਰ ਸਾਹਿਬ-ਰੂਪਨਗਰ ਸੜਕ ’ਤੇ ਪੈਂਦੇ ਪਿੰਡ ਕਮਾਲਪੁਰ ਵਿਚ ਟੌਲ ਪਲਾਜ਼ਾ ’ਤੇ ਨੌਵੇਂ ਦਿਨ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਬਲਬੀਰ ਸਿੰਘ ਝੱਲੀਆਂ ਕਲਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ, ਉੱਦੋਂ ਤੱਕ ਪੰਜਾਬ ਵਿੱਚ ਕਿਸਾਨਾਂ ਵੱਲੋਂ ਅੰਦੋਲਨ ਜਾਰੀ ਰੱਖਿਆ ਜਾਵੇਗਾ। ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਕੁਝ ਮੰਤਰੀ, ਜਿਨ੍ਹਾਂ ਦੇ ਸ਼ੈੱਲਰ ਹਨ, ਉਹ ਦੂਜੇ ਸੂਬਿਆਂ ਤੋਂ ਸਸਤਾ ਝੋਨਾ ਲਿਆ ਕੇ ਆਪਣੇ ਸ਼ੈੱਲਰਾਂ ਵਿੱਚੋਂ ਫਰਜ਼ੀ ਕਿਸਾਨਾਂ ਦੇ ਨਾਮ ਬਿੱਲ ਬਣਾ ਕੇ ਮਹਿੰਗੇ ਭਾਅ ਵੇਚਣਗੇ, ਪਰ ਇਸ ਤਰ੍ਹਾਂ ਕਰਨ ਨਾਲ ਉਹ ਕਿਸਾਨਾਂ ਨਾਲ ਧੋਖਾ ਕਰ ਰਹੇ ਹਨ। ਕਿਸਾਨ ਆਗੂ ਦਰਸ਼ਨ ਸਿੰਘ ਤੇ ਸਾਬਕਾ ਸਰਪੰਚ ਬਲਵੀਰ ਸਿੰਘ ਨੇ ਕਿਹਾ ਕਿ ਤਿੰਨ ਦਹਾਕੇ ਪਹਿਲਾਂ ਵੀ ਸੂਬੇ ਅੰਦਰ ਸਰਕਾਰ ਪ੍ਰਤੀ ਕਿਸਾਨਾਂ ਦੀ ਰੋਸ ਲਹਿਰ ਫੈਲੀ ਸੀ, ਜਿਸ ’ਤੇ ਸੂਬੇ ਦੇ ਕਿਸਾਨ ਲੱਖਾਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਸੜਕਾਂ ’ਤੇ ਉੱਤਰੇ ਸਨ।
ਖਰੜ (ਪੱਤਰ ਪ੍ਰੇਰਕ): ਕੇਂਦਰ ਸਰਕਾਰੀ ਵੱਲੋਂ ਬਣਾਏ ਖੇਤੀਬਿੱਲਾ ਦੇ ਵਿਰੋਧ ਵਿੱਚ ਪੰਜਾਬ ਦੀਆਂ ਖੇਤੀ ਕਿਸਾਨ ਜਥੇਬੰਦੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਪ੍ਰਧਾਨ ਦਵਿੰਦਰ ਸਿੰਘ ਦੇਹਕਲਾ ਦੀ ਅਗਵਾਈ ਵਿੱਚ ਮੋਰਿੰਡਾ-ਖਰੜ ਟੌਲ ਪਲਾਜ਼ਾ ’ਤੇ ਲਗਾਤਾਰ ਜਾਰੀ ਹੈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੇਕਰ ਪਾਸ ਖੇਤੀਬਾੜੀ ਸਬੰਧੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਇਹ ਧਰਨੇ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਵੱਲੋਂ ਰੈਲੀਆਂ ਕਢੀਆਂ ਗਈਆਂ ਤਾਂ ਊਨ੍ਹਾਂ ਰੈਲੀਆਂ ਦਾ ਵੀ ਘਿਰਾਓ ਕੀਤਾ ਜਾਵੇਗਾ।
ਮੋਰਿੰਡਾ (ਪੱਤਰ ਪ੍ਰੇਰਕ): ਮੋਰਿੰਡਾ ਇਲਾਕੇ ਦੇ ਕਿਸਾਨਾਂ ਵੱਲੋਂ ਰੇਲਵੇ ਲਾਈਨਾਂ ਤੋਂ ਧਰਨਾ ਚੁੱਕਣ ਤੋਂ ਬਾਅਦ ਵੀ ਰਿਲਾਇੰਸ ਪੰਪਾਂ ਤੇ ਸ਼ੋਅਰੂਮਾਂ ਅੱਗੇ ਡਟੇ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ’ਤੇ ਕਿਸਾਨਾਂ ਵੱਲੋਂ ਰੇਲਵੇ ਟਰੈਕਾਂ ਤੋਂ ਧਰਨਾ ਚੁੱਕ ਲਿਆ ਪਰ ਮੋਦੀ ਸਰਕਾਰ ਦੇ ਚਹੇਤੇ ਕਾਰੋਬਾਰੀਆਂ ਦੇ ਸ਼ੋਅਰੂਮਾਂ ਤੇ ਪੈਟਰੋਲ ਪੰਪਾਂ ’ਤੇ ਕਿਸਾਨਾਂ ਵੱਲੋਂ ਧਰਨਾ ਅਜੇ ਤੱਕ ਜਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉੱਦੋਂ ਤੱਕ ਉਹ ਧਰਨਾ ਜਾਰੀ ਰੱਖਣਗੇ।
ਰੂਪਨਗਰ (ਪੱਤਰ ਪ੍ਰੇਰਕ): ਜ਼ਿਲ੍ਹੇ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਆਰੰਭਿਆ ਰੇਲ ਰੋਕੋ ਅੰਦੋਲਨ ਅੱਜ 22 ਦਿਨ ਵੀ ਜਾਰੀ ਰਿਹਾ। ਸੂਬਾ ਕਿਸਾਨ ਜਥੇਬੰਦੀਆਂ ਵੱਲੋਂ ਮਾਲ ਗੱਡੀਆਂ ਨੂੰ ਲੰਘਣ ਦੇਣ ਦੇ ਸੱਦੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਨੇ ਰੇਲਵੇ ਸਟੇਸ਼ਨ ’ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਇਹ ਸੰਘਰਸ਼ ਨੰਗਲ ਚੌਂਕ ਫਾਟਕ ’ਤੇ ਚੱਲ ਰਿਹਾ ਸੀ। ਸ਼ਿਵ ਸੈਨਾ ਦੇ ਇਕ ਆਗੂ ਵੱਲੋਂ ਕਿਸਾਨੀ ’ਤੇ ਕੀਤੀ ਟਿੱਪਣੀ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਅੱਜ ਊਕਤ ਆਗੂ ਦਾ ਪੁਤਲਾ ਵੀ ਫੂਕਿਆ ਗਿਆ। ਅੱਜ ਰੇਲਵੇ ਸਟੇਸ਼ਨ ’ਤੇ ਆਰੰਭੇ ਕਿਸਾਨ ਅੰਦੋਲਨ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਨੇ ਜੋ ਕਾਲੇ ਕਾਨੂੰਨ ਪਾਸ ਕੀਤੇ ਹਨ ਇਹ ਕਿਸਾਨ ਵਿਰੋਧੀ ਹਨ। ਇਸ ਨਾਲ ਕਿਸਾਨਾਂ ਦਾ ਕੋਈ ਭਲਾ ਨਹੀਂ ਹੋਣਾ।
ਕੁਰਾਲੀ (ਪੱਤਰ ਪ੍ਰੇਰਕ): ਲੋਕ ਹਿੱਤ ਮਿਸ਼ਨ ਬਲਾਕ ਮਾਜਰੀ ਵੱਲੋਂ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਬੜੌਦੀ ਵਿਚ ਟੌਲ ਪਲਾਜ਼ਾ ’ਤੇ ਲਗਾਇਆ ਧਰਨਾ ਜ਼ੋਰ ਫੜਦਾ ਜਾ ਰਿਹਾ ਹੈ। ਮਿਸ਼ਨ ਦੇ ਆਗੂਆਂ ਨੇ ਕਿਸਾਨੀ ਨਾਲ ਜੁੜੇ ਪਰਿਵਾਰਾਂ ਨੂੰ ਲਾਮਬੰਦ ਕਰਨ ਲਈ ਟਰੈਕਟਰ ਰੈਲੀ ਕੱਢਣ ਦਾ ਐਲਾਨ ਕੀਤਾ। ਇਸੇ ਦੌਰਾਨ ਅੱਜ ਧਰਨਾਕਾਰੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕਰਨ ਅਤੇ ਕਿਸਾਨ ਵਿਰੋਧੀ ਕਾਨੂੰਨ ਤੁਰੰਤ ਵਾਪਸ ਲਏ ਜਾਣ ਦੀ ਮੰਗ ਕੀਤੀ। ਬੜੌਦੀ ਦੇ ਟੌਲ ਪਲਾਜ਼ਾ ’ਤੇ ਦਿੱਤੇ ਜਾ ਰਹੇ ਧਰਨੇ ਵਿੱਚ ਫਿਲਮ ਅਦਾਕਾਰ ਮਲਕੀਤ ਸਿੰਘ ਰੌਣੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਵਾਉਂਦਿਆਂ ਸਮੁੱਚੇ ਕਲਾਕਾਰਾਂ, ਗਾਇਕਾਂ ਤੇ ਰੰਗਕਰਮੀਆਂ ਵੱਲੋਂ ਕਿਸਾਨ ਸੰਘਰਸ਼ ਦਾ ਡਟਵਾਂ ਸਾਥ ਦੇਣ ਦਾ ਐਲਾਨ ਕੀਤਾ। ਮਲਕੀਤ ਰੌਣੀ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਕਿਸਾਨੀ ਨੂੰ ਬਚਾਉਣਾ ਜ਼ਰੂਰੀ ਹੈ। ਉਨ੍ਹਾਂ ਇਸ ਮਨੋਰਥ ਲਈ ਸਾਰੇ ਵਰਗਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ।
ਲਾਲੜੂ (ਪੱਤਰ ਪ੍ਰੇਰਕ): ਕੇਂਦਰੀ ਖੇਤੀ ਕਾਨੂੰਨਾ ਖ਼ਿਲਾਫ਼ ਰੇਲ ਪਟੜੀਆਂ ’ਤੇ ਦਿੱਤਾ ਜਾ ਰਿਹਾ ਧਰਨਾ ਅੱਜ 22ਵੇਂ ਦਿਨ ਬਦਲ ਕੇ ਰੇਲਵੇ ਪਲੇਟਫਾਰਮ ’ਤੇ ਆ ਗਿਆ, ਜਿਸ ਦੌਰਾਨ ਕਿਸਾਨਾ ਤੇ ਨੌਜਵਾਨਾਂ ਨੇ ਆਪਣਾ ਰੋਸ ਧਰਨਾ ਜਾਰੀ ਰੱਖਿਆ। ਇਸ ਤੋਂ ਇਲਾਵਾ ਟੋਲ ਪਲਾਜ਼ਾ ਦੱਪਰ ਵਿਚ ਕਿਸਾਨਾਂ ਤੇ ਨੌਜਵਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ 10ਵੇਂ ਦਿਨ ਵੀ ਜਾਰੀ ਰਿਹਾ, ਜਿਸ ਨੂੰ ਅੱਜ ਹਲਕਾ ਵਿਧਾਇਕ ਐਨਕੇ ਸ਼ਰਮਾ ਨੇ ਵੀ ਸੰਬੋਧਨ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਜਮ ਕੇ ਆਲੋਚਨਾ ਕੀਤੀ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾ ਦੀ ਹਮਾਇਤ ’ਤੇ ਖੜ੍ਹਾ ਹੈ।
ਹੈਂਡੀਕੈਪਡ ਲੋਕ ਭਲਾਈ ਸੰਸਥਾ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਬੱਸੀ ਪਠਾਣਾ (ਪੱਤਰ ਪ੍ਰੇਰਕ): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੁਧ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅੱਜ ਬੱਸੀ ਪਠਾਣਾ ਦੇ ਬੱਸ ਸਟੈਂਡ ਵਿਚ ਹੈਂਡੀਕੈਪਡ ਲੋਕ ਭਲਾਈ ਸੰਸਥਾ ਦੇ ਆਗੂ ਗੁਰਵਿੰਦਰ ਸਿੰਘ ਸੋਨੀ ਦੀ ਅਗਵਾਈ ਹੇਠ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੁਰਵਿੰਦਰ ਸਿੰਘ ਸੋਨੀ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਅੱਜ ਮੋਦੀ ਸਰਕਾਰ ਉਨ੍ਹਾਂ ਨੂੰ ਭੁਖਮਰੀ ਦਾ ਸ਼ਿਕਾਰ ਬਣਾਉਣ ’ਤੇ ਤੁਲੀ ਹੋਈ ਹੈ। ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਕਿਸਾਨਾਂ ’ਤੇ ਜ਼ਬਰਦਸਤੀ ਥੋਪ ਕੇ ਅੱਜ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਸੜਕਾਂ ’ਤੇ ਖੜ੍ਹਾ ਹੋਣ ਲਈ ਮਜਬੂਰ ਕਰ ਦਿੱਤਾ ਹੈ। ਮੋਦੀ ਸਰਕਾਰ ਦੀਆਂ ਨੀਤੀਆਂ ਨਾਲ ਕਿਸਾਨ ਵਰਗ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ, ਕਿਉਂ ਕਿ ਜੋ ਕਾਨੂੰਨ ਬਣਾਏ ਗਏ ਹਨ ਉਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਸ਼ੋਸ਼ਣ ਹੋਵੇਗਾ, ਉੱਥੇ ਖੇਤੀ ਨਾਲ ਜੁੜੇ ਆੜ੍ਹਤੀ, ਮਜ਼ਦੂਰ ਤੇ ਹੋਰ ਵਰਗ ਦੇ ਲੋਕ ਵੀ ਬੇਰੁਜ਼ਗਾਰ ਹੋ ਜਾਣਗੇ।
ਇਪਟਾ ਦੀ ਕੌਮੀ ਕਮੇਟੀ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ
ਐਸਏਐਸ ਨਗਰ (ਖੇਤਰੀ ਪ੍ਰਤੀਨਿਧ): ਇਪਟਾ ਦੀ ਕੌਮੀ ਕਮੇਟੀ ਨੇ ਕੇਂਦਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਹੋਰ ਜਥੇਬੰਦੀਆਂ ਨੂੰ ਪੂਰਨ ਸਹਿਯੋਗ ਦੇਣ ਅਤੇ ਆਪਣੀ ਕਲਾ ਰਾਹੀਂ ਧਰਨਿਆਂ ਵਿੱਚ ਹਾਜ਼ਰੀ ਲਵਾਉਣ ਦਾ ਐਲਾਨ ਕੀਤਾ ਹੈ। ਇਪਟਾ ਦੀ ਆਨਲਾਈਨ ਮੀਟਿੰਗ ਵਿੱਚ ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਉਕਤ ਮਾਮਲੇ ਉਠਾਏ ਸਨ। ਮੀਟਿੰਗ ਵਿੱਚ ਪਿਛਲੇ ਦਿਨੀਂ ਮੋਗਾ ਵਿਚ ਰੰਗਕਰਮੀਆਂ ਨਾਲ ਪੁਲੀਸ ਵੱਲੋਂ ਕੀਤੇ ਦੁਰਵਿਵਹਾਰ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਮਾਮਲੇ ਦੀ ਨਿਖੇਧੀ ਕੀਤੀ ਗਈ। ਇਪਟਾ ਦੇ ਸੂਬਾਈ ਪ੍ਰਧਾਨ ਸੰਜੀਵਨ ਸਿੰਘ ਨੇ ਦੱਸਿਆ ਕਿ ਇਪਟਾ ਦੀ ਕੌਮੀ ਕਮੇਟੀ ਮੀਟਿੰਗ ਵਿੱਚ ਪੰਜਾਬ, ਛੱਤੀਸਗੜ, ਚੰਡੀਗੜ੍ਹ, ਯੂ.ਪੀ., ਬਿਹਾਰ, ਦਿੱਲੀ, ਮੱਧ ਪ੍ਰਦੇਸ, ਉਤਰਖੰਡ, ਪੱਛਮੀ ਬੰਗਾਲ, ਬਿਹਾਰ ਦੇ ਕਾਰਕੁਨਾਂ ਸਮੇਤ ਪੰਜਾਬ ਦੇ ਜਨਰਲ ਸਕੱਤਰ ਇੰਦਰਜੀਤ ਰੂਪੋਵਾਲੀ ਅਤੇ ਚੰਡੀਗੜ੍ਹ ਦੇ ਪ੍ਰਧਾਨ ਬਲਕਾਰ ਸਿੱਧੂ ਨੇ ਵੀ ਸ਼ਿਰਕਤ ਕੀਤੀ।