ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਐਂਟੀ ਕੁਰੱਪਸ਼ਨ ਹੈਲਪਲਾਈਨ ਰਾਹੀਂ ਹੁਣ ਤੱਕ 45 ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰਾਂ ਨੂੰ ਵੱਢੀਖੋਰੀ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਨੰਬਰ ਉਤੇ ਮਿਲੀਆਂ ਪ੍ਰਮਾਣਿਕ ਸ਼ਿਕਾਇਤਾਂ ਦੇ ਆਧਾਰ ਉਤੇ ਪੰਜਾਬ ਪੁਲੀਸ ਨੇ 28 ਕੇਸ ਦਰਜ ਕੀਤੇ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਉਤੇ ਵਿਜੀਲੈਂਸ ਨੇ ਹੁਣ ਤੱਕ ਪੁਲੀਸ ਦੇ ਇਕ ਸਬ-ਇੰਸਪੈਕਟਰ, ਅੱਠ ਸਹਾਇਕ ਸਬ-ਇੰਸਪੈਕਟਰ, ਤਿੰਨ ਹੌਲਦਾਰ, ਇਕ ਸਿਪਾਹੀ, ਹੋਮਗਾਰਡ ਦਾ ਇਕ ਜਵਾਨ, ਦੋ ਪਟਵਾਰੀ, ਇਕ ਕਲਰਕ, ਇਕ ਨੰਬਰਦਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਡਾਟਾ ਐਂਟਰੀ ਅਪਰੇਟਰ, ਸਰਕਾਰੀ ਆਈ.ਟੀ.ਆਈ. ਐਸ.ਏ.ਐਸ. ਨਗਰ ਦਾ ਪ੍ਰਿੰਸੀਪਲ, ਮੈਡੀਕਲ ਅਫ਼ਸਰ, ਡਿਵੀਜ਼ਨਲ ਜੰਗਲਾਤ ਅਫ਼ਸਰ ਅਤੇ ਜੁਡੀਸ਼ਲ ਵਿਭਾਗ ਦੇ ਸੰਮਨ ਭੇਜਣ ਵਾਲੇ ਸਟਾਫ਼ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਨਾਜਾਇਜ਼ ਖਣਨ ਦੇ ਮਾਮਲਿਆਂ ਵਿੱਚ 17 ਜਣਿਆਂ, ਪਟਵਾਰੀਆਂ ਦੇ ਚਾਰ ਸਹਾਇਕਾਂ ਤੇ ਇਕ ਜੰਗਲਾਤ ਠੇਕੇਦਾਰ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ।
ਪੁਲੀਸ ਨੇ 21 ਜੂਨ ਤੱਕ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਕੁੱਲ 45 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਾਂ ਹਾਲੇ ਸ਼ੁਰੂਆਤ ਹੈ ਅਤੇ ਭ੍ਰਿਸ਼ਟ ਅਫਸਰਾਂ ਅਤੇ ਕਰਮਚਾਰੀਆਂ ਨੂੰ ਬਾਹਰ ਦਾ ਰਾਹ ਵਿਖਾ ਕੇ ਸਮੁੱਚੇ ਸਿਸਟਮ ਨੂੰ ਸਾਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀ, ਕਾਰਗਰ ਅਤੇ ਪਾਰਦਰਸ਼ੀ ਸਰਕਾਰ ਦੇਣ ਲਈ ਸ਼ਾਸਨ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਲੋਕਾਂ ਤੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਸਹਿਯੋਗ ਮੰਗਿਆ ਹੈ।