ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਜੁਲਾਈ
ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏਕੇ ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਉੱਘੇ ਮਨੁੱਖੀ ਅਧਿਕਾਰ ਕਾਰਕੁਨ ਸਟੈਨ ਸਵਾਮੀ ਦੇ ਸਦੀਵੀ ਵਿਛੋੜੇ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਮਹੂਰੀ ਅਤੇ ਮਨੁੱਖੀ ਹੱਕਾਂ ਦੀ ਲਹਿਰ ਉਨ੍ਹਾਂ ਦੀ ਵਡਮੁੱਲੀ ਘਾਲਣਾ ਨੂੰ ਸਲਾਮ ਕਰਦੀ ਹੈ। ਉਨ੍ਹਾਂ ਕਿਹਾ ਕਿ ਸਵਾਮੀ ਦੀ ਮੌਤ ਕੁਦਰਤੀ ਮੌਤ ਨਹੀਂ ਹੈ ਸਗੋਂ ਇਹ 84 ਸਾਲ ਦੀ ਉਮਰ ਦੇ ਬਜ਼ੁਰਗ ਵਿਅਕਤੀ ਨੂੰ ਜੇਲ੍ਹ ਵਿਚ ਸਾੜ ਕੇ ਆਰਐੱਸਐੱਸ-ਭਾਜਪਾ ਸਰਕਾਰ ਵੱਲੋਂ ਸਿਲਸਿਲੇਵਾਰ ਤਰੀਕੇ ਨਾਲ ਕੀਤਾ ਗਿਆ ਕਤਲ ਹੈ। ਇਹ ਤਾਉਮਰ ਦੱਬੇ ਕੁੱਚਲੇ ਲੋਕਾਂ ਨੂੰ ਨਿਆਂ ਦਿਵਾਉਣ ਲਈ ਜੂਝਣ ਵਾਲੇ ਨੂੰ ਇਸ ਅਨਿਆਂਕਾਰੀ ਪ੍ਰਬੰਧ ਵੱਲੋਂ ਗ਼ੈਰਅਦਾਲਤੀ ਤਰੀਕੇ ਨਾਲ ਦਿੱਤੀ ਮੌਤ ਦੀ ਸਜ਼ਾ ਹੈ। ਸਵਾਮੀ ਦੀ ਮੌਤ ਦੇਸ਼ ਦੇ ਲੋਕਾਂ ਨੂੰ ਇਹ ਸੰਦੇਸ਼ ਦਿੰਦੀ ਹੈ ਕਿ ਮਨੁੱਖੀ ਮਾਣ-ਸਨਮਾਨ ਵਾਲੀ ਜ਼ਿੰਦਗੀ ਲਈ ਇਸ ਅਨਿਆਂਕਾਰੀ ਪ੍ਰਬੰਧ ਨੂੰ ਪੂਰੀ ਤਰ੍ਹਾਂ ਬਦਲਣਾ ਜ਼ਰੂਰੀ ਹੈ।
ਸੀਪੀਆਈ ਐੱਮਐੱਲ ਵੱਲੋਂ ਕੇਂਦਰ ਖ਼ਿਲਾਫ਼ ਮੁਜ਼ਾਹਰੇ ਅੱਜ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵੱਲੋਂ ਮਨੁੱਖੀ ਹੱਕਾਂ ਦੇ ਘੁਲਾਟੀਏ ਅਤੇ ਜਲ, ਜੰਗਲ ਤੇ ਜ਼ਮੀਨ ਦੀ ਰਾਖੀ ਦੇ ਮੁੱਦੇ ’ਤੇ ਆਦਿਵਾਸੀਆਂ ਦੇ ਹੱਕ ਵਿੱਚ ਖੜ੍ਹਨ ਵਾਲੇ ਈਸਾਈ ਪਾਦਰੀ ਸਟੈਨ ਸਵਾਮੀ ਦੀ ਮੌਤ ਲਈ ਮੋਦੀ ਸਰਕਾਰ ਨੂੰ ਜ਼ਿੰਮੇਵਾਰ ਗਰਦਾਨਦਿਆਂ 6 ਜੁਲਾਈ ਨੂੰ ਪੰਜਾਬ ਭਰ ਵਿੱਚ ਸਰਕਾਰ ਵਿਰੁੱਧ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਆਗੂ ਕਾਮਰੇਡ ਅਜਮੇਰ ਸਿੰਘ ਸਮਰਾ ਅਤੇ ਕੁਲਵਿੰਦਰ ਸਿੰਘ ਵੜੈਚ ਨੇ ਦੋਸ਼ ਲਾਇਆ ਕਿ ਸਟੇਨ ਸਵਾਮੀ ਦੀ ਮੌਤ ਦਾ ਮੁੱਖ ਕਾਰਨ ਉਨ੍ਹਾਂ ਨੂੰ ਸਮੇਂ ਸਿਰ ਇਲਾਜ ਨਾ ਮਿਲਣਾ ਹੈ। ਉਨ੍ਹਾਂ ਕਿਹਾ ਕਿ ਸਵਾਮੀ ਦੀ ਮੌਤ ਲਈ ਮੋਦੀ ਸਰਕਾਰ, ਵਿਸ਼ੇਸ਼ ਕਰਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਆਗੂਆਂ ਨੇ ਅਮਿਤ ਸ਼ਾਹ ਉੱਤੇ ਸਵਾਮੀ ਦੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ।