ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੁਲਾਈ
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਇਸ ਨੂੰ ‘ਲਾਰਾ-ਲੱਪਾ ਐਵਾਰਡ’ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਦੇ ਹੱਕ ’ਚ ਕਾਂਗਰਸ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ ਤੇ ਦੂਜੇ ਪਾਸੇ ਕਾਂਗਰਸ ਸਰਕਾਰ ਪ੍ਰਦਰਸ਼ਨ ਕਰ ਰਹੇ ਵਰਕਰਾਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ’ਤੇ ਲਾਠੀਚਾਰਜ ਕਰ ਰਹੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਰਾਜ ਦੀ ਸੱਤਾ ਪ੍ਰਾਪਤ ਕੀਤੀ ਸੀ ਪਰ ਸਾਰੇ ਵਾਅਦੇ ਹਵਾ ਸਾਬਤ ਹੋਏ ਹਨ। ਕਾਂਗਰਸ ਨੇ ਸੱਤਾ ਵਿੱਚ ਆਉਂਦਿਆਂ ਹੀ ਗਿਰਗਿਟ ਵਾਂਗ ਰੰਗ ਬਦਲ ਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਦਿਆਂ ਈਟੀਟੀ ਅਧਿਆਪਕ, ਆਂਗਣਵਾੜੀ ਵਰਕਰ, ਬਿਜਲੀ ਵਿਭਾਗ ਦੇ ਕਰਮਚਾਰੀ, ਠੇਕਾ ਮੁਲਾਜ਼ਮ, ਮਨਰੇਗਾ ਵਰਕਰ, ਡਾਕਟਰ, ਪੈਰਾ ਮੈਡੀਕਲ ਸਟਾਫ, ਮਨਿਸਟੀਰੀਅਲ ਸਟਾਫ, ਪਨਬੱਸ ਵਰਕਰ ਆਦਿ ਹੜਤਾਲ ’ਤੇ ਹਨ ਪਰ ਕਾਂਗਰਸ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਸਰਕਾਰੀ ਵਿਭਾਗਾਂ ਦੀ ਹੜਤਾਲ ਕਾਰਨ ਆਮ ਲੋਕਾਂ ਦੇ ਸਾਰੇ ਕੰਮ ਠੱਪ ਹਨ ਅਤੇ ਜਨਤਾ ਦਰ-ਦਰ ਦੀਆਂ ਠੋਕਰਾਂ ਖਾ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਹਰ ਕਾਂਗਰਸੀ ਆਪੋ-ਆਪਣੀ ਕੁਰਸੀ ਅਤੇ ਤਾਕਤ ਲਈ ਲੜ ਰਿਹਾ ਹੈ। ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਦੇ ਮੁੱਦੇ ਸਬੰਧੀ ਪੰਜਾਬ ਦੇ ਲੋਕਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਸੀ ਪਰ ਪ੍ਰਧਾਨ ਦਾ ਅਹੁਦਾ ਮਿਲਦਿਆਂ ਹੀ ਉਹ ਸਭ ਕੁਝ ਭੁੱਲ ਗਏ।