ਰਵਿੰਦਰ ਰਵੀ
ਬਰਨਾਲਾ, 6 ਨਵੰਬਰ
ਇੱਥੇ ਅੱਜ ਭਾਜਪਾ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਦੀ ਸ਼ੁਰੂਆਤ ਬਰਨਾਲਾ ਤੋਂ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ 2027 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀ ਵਜੋਂ ਇਹ ਜ਼ਿਮਨੀ ਚੋਣਾਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਰਨਾਲਾ ਤੋਂ ਪਾਰਟੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਪੂਰੀ ਤੇਜ਼ੀ ਨਾਲ ਹਰ ਪਿੰਡ, ਸ਼ਹਿਰ, ਗਲੀ, ਮੁਹੱਲੇ ਵਿੱਚ ਚਲਾਈ ਜਾ ਰਹੀ ਹੈ। ਝੋਨੇ ਦੇ ਮਾੜੇ ਖ਼ਰੀਦ ਪ੍ਰਬੰਧਾਂ ਤੇ ਡੀਏਪੀ ਦੀ ਘਾਟ ਦੇ ਮੁੱਦੇ ਸਬੰਧੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੁਣ ਤੱਕ 22 ਹਜ਼ਾਰ ਕਰੋੜ ਰੁਪਏ ਝੋਨੇ ਦੀ ਖਰੀਦ ਲਈ ਜਾਰੀ ਕੀਤੇ ਗਏ ਹਨ। ਖ਼ਰੀਦ ਪ੍ਰਬੰਧ ਅਤੇ ਡੀਏਪੀ ਦੇ ਅਗਾਊਂ ਪ੍ਰਬੰਧ ਸੂਬਾ ਸਰਕਾਰ ਨੇ ਕਰਨੇ ਹੁੰਦੇ ਹਨ ਪਰ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਅੱਜ ਢਿੱਲੋਂ ਵੱਲੋਂ ਇਹ ਮਾਮਲਾ ਧਿਆਨ ਵਿੱਚ ਲਿਆਂਦੇ ਜਾਣ ਮਗਰੋਂ ਕੇਂਦਰੀ ਖਾਦ ਮੰਤਰੀ ਜੇਪੀ ਨੱਢਾ ਨਾਲ ਇਸ ਮੁੱਦੇ ’ਤੇ ਗੱਲ ਕੀਤੀ ਗਈ ਹੈ ਅਤੇ ਡੀਏਪੀ ਦੀ ਘਾਟ ਕੇਂਦਰ ਸਰਕਾਰ ਬਹੁਤ ਜਲਦ ਪੂਰੀ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਕੇਜਰੀਵਾਲ ਜਾਂ ਰਾਘਵ ਚੱਢਾ ਚਲਾ ਰਹੇ ਹਨ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਰਬੜ ਦੀ ਸਟੈਂਪ ਹੀ ਹਨ। ਉਨ੍ਹਾਂ ਕਿਹਾ ਕਿ ਜੋ ਲੋਕ ਚੋਣਾਂ ਵਿੱਚ ਪਾਰਟੀ ਲਈ ਸਹੀ ਤਰੀਕੇ ਨਾਲ ਕੰਮ ਨਹੀਂ ਕਰਨਗੇ, ਉਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇਗਾ। ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਸਾਰੇ ਵਾਅਦਿਆਂ ’ਤੇ ਫੇਲ੍ਹ ਹੈ ਅਤੇ ਹਰ ਵਰਗ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਜਿੱਤਣ ਮਗਰੋਂ ਲੋਕਾਂ ਦੇ ਸਾਰੇ ਮਸਲਿਆਂ ਦਾ ਹੱਲ ਕੁਝ ਹੀ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਇਸ ਮੌਕੇ ਭਾਜਪਾ ਦੇ ਸੂਬਾ ਮੀਡੀਆ ਇੰਚਾਰਜ ਅਨਿਲ ਸਰੀਨ, ਚੋਣ ਇੰਚਾਰਜ ਮਨੋਰੰਜਨ ਕਾਲੀਆ, ਜਗਮੋਹਣ ਰਾਜੂ, ਸੰਜੀਵ ਖੰਨਾ, ਯਾਦਵਿੰਦਰ ਸ਼ੰਟੀ, ਨਰਿੰਦਰ ਨੀਟਾ, ਕੁਲਦੀਪ ਧਾਲੀਵਾਲ ਹਾਜ਼ਰ ਸਨ।
ਭਾਜਪਾ ਦੀ ਸੌੜੀ ਸਿਆਸਤ ਕਾਰਨ ਝੋਨੇ ਦਾ ਖਰੀਦ ਕਾਰਜ ਪ੍ਰਭਾਵਿਤ ਹੋਇਆ: ਕਟਾਰੂਚੱਕ
ਚੰਡੀਗੜ੍ਹ (ਟਨਸ):
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਸੀਜ਼ਨ ਵਿੱਚ ਭਾਜਪਾ ’ਤੇ ਕਿਸਾਨਾਂ ਦੀ ਮਦਦ ਕਰਨ ਦੀ ਥਾਂ ਸੌੜੀ ਸਿਆਸਤ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਇਸੇ ਕਰਕੇ ਪੰਜਾਬ ਵਿੱਚ ਝੋਨੇ ਦਾ ਖਰੀਦ ਕਾਰਜ ਪ੍ਰਭਾਵਿਤ ਹੋਇਆ ਹੈ। ਕੈਬਨਿਟ ਮੰਤਰੀ ਕਟਾਰੂਚੱਕ ਨੇ ਚੰਡੀਗੜ੍ਹ ਦੇ ਸੈਕਟਰ-39 ਵਿੱਚ ਸਥਿਤ ਅਨਾਜ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸਮਾਂ ਰਹਿੰਦਿਆਂ ਆਪਣਾ ਕੰੰਮ ਨਹੀਂ ਕੀਤਾ, ਜਿਸ ਕਰਕੇ ਪੰਜਾਬ ਵਿੱਚ ਝੋਨੇ ਦੀ ਖਰੀਦ ਵਿੱਚ ਦੇਰੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਕਿਸਾਨਾਂ ਦੇ ਮੁੱਦਿਆ ’ਤੇ ਸਿਆਸਤ ਕਰਨ ਦੀ ਥਾਂ ਕੇਂਦਰ ਸਰਕਾਰ ’ਤੇ ਰੈਕਾਂ ਦੀ ਗਿਣਤੀ ਦੁੱਗਣੀ ਕਰਨ ਦਾ ਦਬਾਅ ਪਾਉਣਾ ਚਾਹੀਦਾ ਹੈ ਤਾਂ ਜੋ ਪੰਜਾਬ ’ਚੋਂ ਵੱਧ ਤੋਂ ਵੱਧ ਚੌਲ ਬਾਹਰ ਭੇਜ ਕੇ ਸੂਬੇ ਵਿੱਚ ਭੰਡਾਰਨ ਲਈ ਲੋੜੀਂਦੀ ਥਾਂ ਉਪਲਬਧ ਹੋ ਸਕੇ।